ਮੁੱਖ ਮੰਤਰੀ ਅਮਰਿੰਦਰ ਨੇ ਅੱਤਵਾਦੀ ਤੇ ਅਪਰਾਧਿਕ ਗਿਰੋਹਾਂ ਦਾ ਪਰਦਾਫਾਸ਼ ਕਰਨ ਵਾਲੇ ਪੁਲਸ ਅਧਿਕਾਰੀਆਂ ਨਾਲ ਕੀਤਾ ਡਿਨਰ

Monday, Nov 13, 2017 - 11:32 AM (IST)

ਮੁੱਖ ਮੰਤਰੀ ਅਮਰਿੰਦਰ ਨੇ ਅੱਤਵਾਦੀ ਤੇ ਅਪਰਾਧਿਕ ਗਿਰੋਹਾਂ ਦਾ ਪਰਦਾਫਾਸ਼ ਕਰਨ ਵਾਲੇ ਪੁਲਸ ਅਧਿਕਾਰੀਆਂ ਨਾਲ ਕੀਤਾ ਡਿਨਰ

ਜਲੰਧਰ (ਧਵਨ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ 'ਚ ਪਿਛਲੇ ਦਿਨੀਂ ਅੱਤਵਾਦੀ ਅਤੇ ਅਪਰਾਧਿਕ ਗਿਰੋਹਾਂ ਦਾ ਪਰਦਾਫਾਸ਼ ਕਰਨ ਵਾਲੇ ਪੁਲਸ ਅਧਿਕਾਰੀਆਂ ਦਾ ਹੌਂਸਲਾ ਵਧਾਉਣ ਲਈ ਉਨ੍ਹਾਂ ਨਾਲ ਸ਼ਨੀਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ 'ਤੇ ਡਿਨਰ ਕੀਤਾ, ਜਿਸ 'ਚ 80 ਤੋਂ ਜ਼ਿਆਦਾ ਪੁਲਸ ਅਧਿਕਾਰੀਆਂ ਨੇ ਹਿੱਸਾ ਲਿਆ। ਇਨ੍ਹਾਂ ਪੁਲਸ ਅਧਿਕਾਰੀਆਂ ਨੇ ਪਿਛਲੇ 7 ਮਹੀਨਿਆਂ ਦੌਰਾਨ ਚੁਣ ਕੇ ਕੀਤੀਆਂ ਜਾ ਰਹੀਆਂ ਹੱਤਿਆਵਾਂ ਪਿੱਛੇ ਅਪਰਾਧਿਕ ਲੋਕਾਂ ਨੂੰ ਗ੍ਰਿਫਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਸੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਨਰ 'ਚ ਸ਼ਾਮਲ ਹੋਣ ਵਾਲੇ ਪੁਲਸ ਅਧਿਕਾਰੀਆਂ ਦਾ ਨਿੱਜੀ ਤੌਰ 'ਤੇ ਧੰਨਵਾਦ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਸਫਲਤਾ ਲਈ ਵਧਾਈ ਦਿੱਤੀ। ਪੰਜਾਬ ਪੁਲਸ ਨੇ ਪਿਛਲੇ ਹਫਤੇ ਹੀ ਆਰ. ਐੱਸ. ਐੱਸ., ਡੇਰਾ ਸੱਚਾ ਸੌਦਾ, ਸ਼ਿਵ ਸੈਨਾ ਦੇ ਨੇਤਾਵਾਂ 'ਤੇ ਹਮਲੇ ਤੇ ਹੱਤਿਆਵਾਂ ਲਈ ਜ਼ਿੰਮੇਵਾਰ ਅਪਰਾਧਿਕ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਸੀ। ਮੁੱਖ ਮੰਤਰੀ ਨੇ ਪੁਲਸ ਅਧਿਕਾਰੀਆਂ ਦੇ ਹੌਂਸਲੇ ਅਤੇ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਵਿਦੇਸ਼ੀ ਸ਼ਕਤੀਆਂ ਦੇ ਇਸ਼ਾਰੇ 'ਤੇ ਸੂਬੇ 'ਚ ਅਸਥਿਰਤਾ ਪੈਦਾ ਕਰਨ ਦੇ ਇੱਛੁਕ ਕਈ ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਪੰਜਾਬ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਪੁਲਸ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੇ ਫੋਰਸ ਦਾ ਸਨਮਾਨ ਬਹਾਲ ਕੀਤਾ ਹੈ ਅਤੇ ਪੰਜਾਬ ਦੇ ਲੋਕਾਂ ਦਾ ਭਰੋਸਾ ਜਿੱਤਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਇਨ੍ਹਾਂ ਪੁਲਸ ਅਧਿਕਾਰੀਆਂ ਨੂੰ ਗੈਂਗਸਟਰਾਂ ਤੇ ਕੱਟੜਪੰਥੀਆਂ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਸਕੱਤਰ ਅਤੇ ਡੀ. ਜੀ. ਪੀ. ਨੂੰ ਹੁਕਮ ਦਿੱਤੇ ਕਿ ਇਨ੍ਹਾਂ ਗੈਂਗਸਟਰਾਂ ਅਤੇ ਅੱਤਵਾਦੀਆਂ ਦਾ ਪਰਦਾਫਾਸ਼ ਕਰਨ ਵਾਲੇ ਅਧਿਕਾਰੀਆਂ ਨੂੰ ਇਨਾਮ ਦਿੱਤਾ ਜਾਵੇ ਅਤੇ ਇਸ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਗ੍ਰਹਿ ਸਕੱਤਰ ਅਤੇ ਡੀ. ਜੀ. ਪੀ. ਨੂੰ ਮਿਲ ਕੇ ਇਸ ਸਬੰਧੀ ਆਪਣਾ ਪ੍ਰਸਤਾਵ ਪੰਜਾਬ ਸਰਕਾਰ ਦੇ ਸਾਹਮਣੇ ਪੇਸ਼ ਕਰਨਾ ਚਾਹੀਦਾ ਹੈ ਤਾਂ ਕਿ ਸਰਕਾਰ ਉਨ੍ਹਾਂ ਨੂੰ ਮਨਜ਼ੂਰੀ ਦੇ ਸਕੇ।

PunjabKesari

ਮੁੱਖ ਮੰਤਰੀ ਨੇ ਡੀ. ਜੀ. ਪੀ. ਨੂੰ ਕਿਹਾ ਕਿ ਪੁਲਸ ਫੋਰਸ 'ਚ ਪਿਛਲੇ ਇਕ ਮਹੀਨੇ ਦੌਰਾਨ ਸ਼ਲਾਘਾਯੋਗ ਕੰਮ ਕਰਨ ਵਾਲੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਇਨਾਮ ਦਿੱਤਾ ਜਾਵੇ, ਭਾਵੇਂ ਇਹ ਪੁਲਸ ਕਰਮਚਾਰੀ ਕਿਸੇ ਵੀ ਰੈਂਕ ਨਾਲ ਸਬੰਧ ਕਿਉਂ ਨਾ ਰੱਖਦੇ ਹੋਣ। 
ਜ਼ਿਕਰਯੋਗ ਹੈ ਕਿ ਸੂਬਾ ਪੁਲਸ ਨੇ ਉਨ੍ਹਾਂ ਅਪਰਾਧਿਕ ਲੋਕਾਂ ਨੂੰ ਫੜਿਆ ਹੈ, ਜਿਨ੍ਹਾਂ ਨੇ ਆਰ. ਐੱਸ. ਐੱਸ. ਜਗਦੀਸ਼ ਗਗਨੇਜਾ ਸਮੇਤ ਕਈ ਹਿੰਦੂ ਨੇਤਾਵਾਂ ਦੀਆਂ ਹੱਤਿਆਵਾਂ ਕੀਤੀਆਂ ਸਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਸ ਨੇ ਅਪਰਾਧਿਕ ਕੇਸਾਂ ਨੂੰ ਸੁਲਝਾ ਕੇ ਪੰਜਾਬ ਦੀ ਕਾਫੀ ਸੇਵਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਪੁਲਸ ਫੋਰਸ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਉਸ ਲਈ ਜਲਦੀ ਹੀ ਕਈ ਨਵੀਆਂ ਸਕੀਮਾਂ ਦਾ ਐਲਾਨ ਵੀ ਕੀਤਾ ਜਾਵੇਗਾ। ਡਿਨਰ 'ਚ ਹਿੱਸਾ ਲੈਣ ਵਾਲਿਆਂ 'ਚ ਡੀ. ਜੀ. ਪੀ. ਸੁਰੇਸ਼ ਅਰੋੜਾ, ਡੀ. ਜੀ. ਪੀ. (ਇੰਟੈਲੀਜੈਂਸ) ਦਿਨਕਰ ਗੁਪਤਾ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਡੀ. ਜੀ. ਪੀ. (ਲਾਅ ਐਂਡ ਆਰਡਰ) ਹਰਦੀਪ ਢਿਲੋਂ, ਏ. ਡੀ. ਜੀ. ਪੀ. ਅਤੇ ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ ਤੋਂ ਇਲਾਵਾ 8 ਏ. ਆਈ. ਜੀ., ਮੋਗਾ, ਖੰਨਾ, ਬਟਾਲਾ ਤੇ ਨਵਾਂਸ਼ਹਿਰ ਦੇ ਐੱਸ. ਐੱਸ. ਪੀਜ਼, 20 ਇੰਸਪੈਕਟਰਾਂ, 17 ਹੈੱਡ ਕਾਂਸਟੇਬਲਾਂ, 13 ਕਾਂਸਟੇਬਲਾਂ ਅਤੇ 2 ਹੋਮਗਾਰਡ ਦੇ ਜਵਾਨ ਵੀ ਸ਼ਾਮਲ ਸਨ। ਇਸ ਮੌਕੇ ਕੈਪਟਨ ਸੰਦੀਪ ਸੰਧੂ ਨੇ ਵੀ ਪੁਲਸ ਅਧਿਕਾਰੀਆਂ ਦੀ ਪਿੱਠ ਥਾਪੜੀ।


Related News