ਨਹਿਰੀ ਪਾਣੀਆਂ ਦੇ ਮੁੱਦੇ ''ਤੇ ਝੁਕੀ ਸਰਕਾਰ, ਕੈਪਟਨ ਨੇ ਦਿੱਤਾ ਭਰੋਸਾ

11/22/2017 1:09:20 PM

ਲੁਧਿਆਣਾ (ਪਾਲੀ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ, ਵਿਧਾਇਕ ਬਲਵਿੰਦਰ ਸਿੰਘ ਬੈਂਸ ਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਪੰਜਾਬ ਦੇ ਨਹਿਰੀ ਪਾਣੀਆਂ ਦੇ ਮੁੱਦੇ 'ਤੇ ਵਿਧਾਨ ਸਭਾ ਦੇ ਬਾਹਰ ਹਰ ਮੰਗਲਵਾਰ ਨੂੰ ਧਰਨੇ ਦੇਣ ਦੇ ਫੈਸਲੇ ਨੂੰ ਦੇਖਦੇ ਹੋਏ ਮੌਜੂਦਾ ਪੰਜਾਬ ਸਰਕਾਰ ਨੂੰ ਝੁੱਕਣਾ ਪਿਆ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਪਾਰਟੀਆਂ ਦੇ ਆਗੂਆਂ ਨੂੰ ਚੰਡੀਗੜ੍ਹ ਬੁਲਾ ਕੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਇਸ ਮਸਲੇ ਦੀ ਕਾਨੂੰਨੀ ਜਾਣਕਾਰੀ ਲੈ ਕੇ ਤਹਿ ਤੱਕ ਜਾ ਕੇ ਘੋਖ ਕਰਨ ਦਾ ਭਰੋਸਾ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਪਾਲ ਸਿੰਘ ਸਲੂਜਾ ਨੇ ਗਿੱਲ ਰੋਡ ਵਿਖੇ ਕੀਤਾ। ਸਲੂਜਾ ਨੇ ਕਿਹਾ ਕਿ ਜਿਥੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ, ਭਾਜਪਾ ਸਮੇਤ ਹੋਰਨਾਂ ਖੇਤਰੀ ਪਾਰਟੀਆਂ ਪੰਜਾਬ ਦੇ ਪਾਣੀਆਂ ਦੇ ਮੁੱਦਿਆਂ 'ਤੇ ਮਗਰਮੱਛ ਦੇ ਹੰਝੂ ਵਹਾ ਰਹੀਆਂ ਸਨ ਤੇ ਹੁਣ ਉਨ੍ਹਾਂ ਵੱਲੋਂ ਇਹ ਮਸਲਾ ਠੰਡੇ ਬਸਤੇ 'ਚ ਸੁੱਟ ਦਿੱਤਾ ਗਿਆ ਹੈ ਤੇ ਇਸ ਮਸਲੇ ਦਾ ਨਾਂ ਤੱਕ ਨਹੀਂ ਲੈ ਰਹੀਆਂ ਹਨ, ਉਥੇ ਦੂਜੇ ਪਾਸੇ ਬੈਂਸ ਭਰਾਵਾਂ ਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਪਾਣੀਆਂ ਦੇ ਰਾਖੇ ਹੋਣ ਦਾ ਸਬੂਤ ਦੇ ਕੇ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ।  ਉਨ੍ਹਾਂ ਕਿਹਾ ਕਿ ਬੈਂਸ ਭਰਾਵਾਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਜ਼ੋਰਦਾਰ ਮੰਗ ਕਰਦੇ ਹੋਏ ਕਿਹਾ ਕਿ ਰਾਜਸਥਾਨ ਤੋਂ 16 ਲੱਖ ਕਰੋੜ ਦੀ ਉਗਰਾਹੀ ਕਰ ਕੇ ਜਿਥੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾ ਸਕਦਾ ਹੈ, ਉਥੇ ਪੰਜਾਬ ਦਾ ਭਵਿੱਖ ਵੀ ਸੁਧਾਰਿਆ ਜਾ ਸਕਦਾ ਹੈ ਕਿਉਂਕਿ ਰਕਮ ਵਸੂਲੀ ਦਾ ਪ੍ਰਸਤਾਵ ਅਕਾਲੀ-ਭਾਜਪਾ ਦੀ ਸਰਕਾਰ ਸਮੇਂ 16 ਨਵੰਬਰ 2016 ਨੂੰ ਪਾਸ ਕੀਤਾ ਜਾ ਚੁੱਕਾ ਹੈ। ਸਲੂਜਾ ਨੇ ਇਸ ਮਾਮਲੇ ਨੂੰ ਪੰਜਾਬ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਉਠਾਉਣ ਸਬੰਧੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੀ ਸ਼ਲਾਘਾ ਕੀਤੀ ਹੈ।