ਇਰਾਕ ''ਚ ਮਾਰੇ ਭਾਰਤੀਆਂ ਦੇ ਪਰਿਵਾਰਾਂ ਦੀ ਸਹਾਇਤਾ ਕਰੇ ਵਿਦੇਸ਼ ਮੰਤਰੀ: ਕੈਪਟਨ

Wednesday, Mar 21, 2018 - 04:24 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਰਾਕ ਵਿਚ ਮਾਰੇ ਗਏ ਵਿਅਕਤੀਆਂ ਦੀਆਂ ਅੰਤਿਮ ਰਸਮਾਂ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਅਤੇ ਉਨ੍ਹਾਂ ਨੂੰ ਐਕਸਗ੍ਰੇਸ਼ੀਆ ਰਾਹਤ ਮੁਹੱਈਆ ਕਰਵਾਉਣ ਵਾਸਤੇ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਸੁਸ਼ਮਾ ਸਵਰਾਜ ਨੂੰ ਇਸ ਮੁੱਦੇ 'ਤੇ ਇਕ ਪੱਤਰ ਲਿਖ ਕੇ ਇਹ ਯਕੀਨੀ ਬਣਾਉਣ ਲਈ ਆਖਿਆ ਹੈ ਕਿ ਇਸ ਸਬੰਧ ਵਿਚ ਕੋਈ ਵੀ ਕਸਰ ਬਾਕੀ ਨਾ ਰਹੇ।  
ਸੁਸ਼ਮਾ ਸਵਰਾਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਭਾਰਤ ਸਰਕਾਰ ਮਾਰੇ ਗਏ ਵਿਅਕਤੀਆਂ ਨੂੰ ਪੂਰੇ ਸਤਿਕਾਰ ਨਾਲ ਤਬੂਤਾਂ ਵਿਚ ਲਿਆਉਣ ਦਾ ਪ੍ਰਬੰਧ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਉਹ ਪੀੜਤ ਪਰਿਵਾਰਾਂ ਤੱਕ ਨਿੱਜੀ ਤੌਰ 'ਤੇ ਪਹੁੰਚ ਕੇ ਇਹ ਦੁਖਦਾਈ ਸਮਾਚਾਰ ਉਨ੍ਹਾਂ ਨਾਲ ਸਾਂਝਾ ਕਰਨ। ਕੇਂਦਰੀ ਮੰਤਰੀ ਨੂੰ ਲਿਖੇ ਗਏ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਰੇ ਗਏ ਵਿਅਕਤੀਆਂ ਵਿਚੋਂ 24 ਪੰਜਾਬ ਨਾਲ ਸਬੰਧਤ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਪ੍ਰਤੀ ਮਹੀਨਾ 20 ਹਜ਼ਾਰ ਰੁਪਏ ਦੀ ਸਹਾਇਤਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ਵੀ ਇਨ੍ਹਾਂ ਵਿਸ਼ੇਸ਼ ਹਾਲਾਤ ਵਿਚ ਇਨ੍ਹਾਂ ਪਰਿਵਾਰਾਂ ਨੂੰ ਸਹਾਇਤਾ ਦਿੰਦਾ ਹੈ ਤਾਂ ਉਹ ਬਹੁਤ ਧੰਨਵਾਦੀ ਹੋਣਗੇ।


Related News