ਅਫ਼ਗਾਨਿਸਤਾਨ ਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੈਪਟਨ ਵਲੋਂ ਸੁਸ਼ਮਾ ਨੂੰ ਅਪੀਲ

Thursday, Jul 19, 2018 - 09:58 AM (IST)

ਅਫ਼ਗਾਨਿਸਤਾਨ ਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੈਪਟਨ ਵਲੋਂ ਸੁਸ਼ਮਾ ਨੂੰ ਅਪੀਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫ਼ਗਾਨਿਸਤਾਨ 'ਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਅਤੇ ਬਚਾਓ ਨੂੰ ਯਕੀਨੀ ਬਣਾਉਣ ਵਾਸਤੇ ਹਰ ਸੰਭਵ ਕਦਮ ਚੁੱਕੇ ਜਾਣ ਲਈ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ। ਹਾਲ ਹੀ 'ਚ ਕਾਬੁਲ ਵਿੱਖੇ ਹੋਏ ਬੰਬ ਧਮਾਕੇ ਅਤੇ ਇਸ ਤੋਂ ਪਹਿਲਾਂ ਅਫ਼ਗਾਨਿਸਤਾਨ 'ਚ ਸਿੱਖਾਂ 'ਤੇ ਹੋਏ ਅੱਤਵਾਦੀ ਹਮਲਿਆਂ ਦੇ ਸਬੰਧ 'ਚ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਕਟ ਕੀਤੀ ਹੈ ਜਿਨ੍ਹਾਂ 'ਚ ਬਹੁਤ ਸਾਰੇ ਸਿੱਖ ਪਰਿਵਾਰ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਸਨ।
ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਨਾਲ ਸਬੰਧਤ ਅਧਿਕਾਰੀਆਂ ਅਤੇ ਅਫਗਾਨਿਸਤਾਨ 'ਚ ਭਾਰਤੀ ਹਾਈ ਕਮਿਸ਼ਨ ਦੇ ਅਧਿਆਕਾਰੀਆਂ ਨੂੰ ਜੰਗ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਇਸ ਦੇਸ਼ 'ਚਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਵਾਸਤੇ ਆਖਣ। ਮੁੱਖ ਮੰਤਰੀ ਨੇ ਆਪਣੇ ਪੱਤਰ 'ਚ ਕਿਹਾ ਹੈ ਕਿ ਹਿੰਸਾ ਨਾਲ ਪ੍ਰਭਾਵਿਤ ਅਫਗਾਨਿਸਤਾਨ ਦੇ ਸਿੱਖ ਪਰਿਵਾਰਾਂ ਦੀ ਸੁਰੱਖਿਆ, ਰਾਹਤ ਅਤੇ ਮੁੜ ਵਸੇਬੇ ਦੇ ਉਦੇਸ਼ ਨਾਲ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਦੇ ਪੱਧਰ 'ਤੇ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਉਨ੍ਹਾਂ ਨੂੰ ਨਿਆਂ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2012 ਵਿੱਚ ਅਫਗਾਨਿਸਤਾਨ ਤੋਂ ਲੁਧਿਆਣਾ ਵਿਖੇ ਹਿਜ਼ਰਤ ਕਰਕੇ ਤਕਰੀਬਨ 40 ਪਰਿਵਾਰ ਆਏ ਸਨ, ਜਿਨ੍ਹਾਂ 'ਚੋਂ 20 ਵਾਪਸ ਚਲੇ ਗਏ, ਜਦੋਂ ਕਿ ਬਾਕੀ ਅਜਿਹੇ ਵੀ ਲੁਧਿਆਣਾ ਵਿਖੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨਾਲ ਸਬੰਧਤ ਮੁੱਦੇ ਪ੍ਰਾਥਮਿਕਤਾ ਦੇ ਆਧਾਰ 'ਤੇ ਦੇਖੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਇਨ੍ਹਾਂ ਪਰਿਵਾਰਾਂ ਦੀ ਬੇਚੈਨੀ ਨੂੰ ਸੰਬੋਧਿਤ ਹੋਇਆ ਜਾ ਸਕੇ। ਉਨ੍ਹਾਂ ਨੇ ਸਿੱਖ ਪਰਿਵਾਰਾਂ ਦੀਆਂ ਸੱਮਸਿਆਵਾਂ ਹੱਲ ਕਰਨ ਲਈ ਮਾਨਵੀ ਪਹੁੰਚ ਅਪਣਾਏ ਜਾਣ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਇਸ ਮਾਮਲੇ 'ਚ ਫੌਰੀ ਦਖਲ ਦੇਣ ਦੀ ਬੇਨਤੀ ਕੀਤੀ ਹੈ।


Related News