ਬਾਦਲਾਂ ਨੂੰ ਸੰਮਨ ''ਤੇ ਕਾਂਗਰਸ ਦਾ ਕੋਈ ਲੈਣਾ-ਦੇਣਾ ਨਹੀਂ : ਕੈਪਟਨ

11/13/2018 8:49:58 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਸਾਲ 2015 'ਚ ਵਾਪਰੀਆਂ ਬੇਅਦਬੀ ਅਤੇ ਪੁਲਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਪੜਤਾਲ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਬਾਦਲਾਂ ਅਤੇ ਫਿਲਮ ਅਦਾਕਾਰ ਅਕਸ਼ੈ ਕੁਮਾਰ ਨੂੰ ਸੰਮਨ ਜਾਰੀ ਕਰਨ 'ਚ ਉਨ੍ਹਾਂ ਦੀ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ। ਸੰਗਰੂਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇੱਕ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਇਕ ਆਜ਼ਾਦ ਏਜੰਸੀ ਹੈ, ਜੋ ਸਰਕਾਰ ਦੇ ਕਿਸੇ ਕਿਸਮ ਦੇ ਦਖ਼ਲ ਤੋਂ ਬਿਨਾਂ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ 'ਚ ਸਰਬਸੰਮਤੀ ਨਾਲ ਹੋਏ ਫੈਸਲੇ ਤਹਿਤ ਐਸ.ਆਈ.ਟੀ. ਦਾ ਗਠਨ ਕਰਨਾ ਉਨ੍ਹਾਂ ਦੀ ਸਰਕਾਰ ਦਾ ਕੰਮ ਸੀ, ਜੋ ਉਨ੍ਹਾਂ ਨੇ ਕਰ ਦਿੱਤਾ ਹੈ ਅਤੇ ਹੁਣ ਪੜਤਾਲ ਦੀ ਜ਼ਿੰਮੇਵਾਰੀ ਐਸ.ਆਈ.ਟੀ. ਦੇ ਮੋਢਿਆਂ 'ਤੇ ਹੈ। ਇਕ ਹੋਰ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।


Babita

Content Editor

Related News