ਆਪਣੇ ਪੁੱਤ ਨੂੰ ਬਚਾਉਣ ਲਈ ਕੈਪਟਨ ਨੇ ਵਪਾਰੀਆਂ ਤੇ ਆੜ੍ਹਤੀਆਂ ਦੇ ਪੁੱਤਰਾਂ ਨੂੰ ਮੁਸੀਬਤ ’ਚ ਪਾਇਆ : ਮਾਨ

12/22/2020 1:09:48 AM

ਚੰਡੀਗੜ੍ਹ, (ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਸਹਿ-ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੰਦਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਆਵਾਜ਼ ਬੁਲੰਦ ਨਹੀਂ ਕੀਤੀ।

ਇਥੋਂ ਜਾਰੀ ਸਾਂਝੇ ਬਿਆਨ ਵਿਚ ‘ਆਪ’ ਨੇਤਾਵਾਂ ਨੇ ਕਿਹਾ ਕਿ ਜਦੋਂ ਕਿਸਾਨ ਅੰਦੋਲਨ ਲਈ ਦਿੱਲੀ ਬਾਰਡਰ ’ਤੇ ਪਹੁੰਚੇ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਸਮਰਥਨ ਕਰਨ ਦੀ ਬਜਾਏ ਆਪਣੇ ਪੁੱਤ ਦੇ ਈ.ਡੀ. ਕੇਸਾਂ ਬਾਰੇ ਕੇਂਦਰ ਸਰਕਾਰ ਨਾਲ ਗੁਪਤ ਸਮਝੌਤਾ ਕਰ ਲਿਆ। ਚੱਢਾ ਨੇ ਪੁੱਛਿਆ ਕਿ ਕੈਪਟਨ ਅਤੇ ਅਮਿਤ ਸ਼ਾਹ ਵਿਚਕਾਰ ਗੁਪਤ ਮੁਲਾਕਾਤ ਕਿਉਂ ਕੀਤੀ ਗਈ? ਮੀਟਿੰਗ ਵਿਚ ਕੀ ਹੋਇਆ ਸੀ? ਉਨ੍ਹਾਂ ਕਿਹਾ ਕਿ ਕੈਪਟਨ ਨੇ ਆਪਣੇ ਪੁੱਤ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਤੋਂ ਬਚਾਉਣ ਲਈ ਮੋਦੀ ਸਰਕਾਰ ਨਾਲ ਸਮਝੌਤਾ ਕਰ ਲਿਆ ਹੈ।

‘ਆਪ’ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਏ ਗੁਪਤ ਸਮਝੌਤੇ ਤਹਿਤ ਕੈਪਟਨ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ। ਕਿਸਾਨਾਂ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਬਾਅਦ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੁਣ ਪੰਜਾਬ ਦੇ ਵਪਾਰੀਆਂ-ਆੜ੍ਹਤੀਆਂ ਦੇ ਘਰਾਂ ਅਤੇ ਦਫ਼ਤਰਾਂ ’ਤੇ ਇਨਕਮ ਟੈਕਸ ਦੇ ਛਾਪੇ ਮਰਵਾ ਕੇ ਬਿਨਾਂ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ, ਕਿਉਂਕਿ ਉਨ੍ਹਾਂ ਦਾ ਇੱਕੋ-ਇੱਕ ਕਸੂਰ ਹੈ, ਕਿ ਉਹ ਕਿਸਾਨਾਂ ਦੀ ਲਹਿਰ ਦਾ ਸਮਰਥਨ ਕਰਦੇ ਹੋਏ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੇ ਹਨ। ਕੈਪਟਨ ਨੇ ਆਪਣੀਆਂ ਕਮਜ਼ੋਰੀਆਂ ਕਰ ਕੇ ਪੰਜਾਬ ਨੂੰ ਵੇਚ ਦਿੱਤਾ ਹੈ ਅਤੇ ਨਰਿੰਦਰ ਮੋਦੀ ਦੇ ਇਸ਼ਾਰਿਆਂ ’ਤੇ ਕੰਮ ਕਰਦੇ ਹੋਏ ਕਿਸਾਨਾਂ ਦੇ ਸੰਘਰਸ਼ ਨੂੰ ‘ਤਾਰਪੀਡੋ’ ਕਰਨ ਦੀਆਂ ਸਾਜ਼ਿਸ਼ਾਂ ਕਰ ਰਹੇ ਹਨ।

Bharat Thapa

This news is Content Editor Bharat Thapa