ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
Saturday, Jun 06, 2026 - 06:35 PM (IST)
ਚੰਡੀਗੜ੍ਹ/ਨਵੀਂ ਦਿੱਲੀ (ਵੈੱਬ ਡੈਸਕ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਨਾਲ ਸਬੰਧਤ ਕਈ ਅਹਿਮ ਅਤੇ ਗੰਭੀਰ ਮੁੱਦਿਆਂ 'ਤੇ ਗੱਲਬਾਤ ਕੀਤੀ। ਕੈਪਟਨ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਤੇ ਭਾਜਪਾ ਦੇ ਸਾਬਕਾ ਪ੍ਰਧਾਨ ਜੇ. ਪੀ. ਨੱਡਾ ਨਾਲ ਵੀ ਮੁਲਾਕਾਤ ਕੀਤੀ।
ਇਹ ਮੁਲਾਕਾਤਾਂ ਅਜਿਹੇ ਸਮੇਂ ਵਿਚ ਹੋਈਆਂ ਹਨ, ਜਦੋਂ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਛੱਡਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਭਾਜਪਾ ਛੱਡਣ ਦੀਆਂ ਖ਼ਬਰਾਂ ਤੋਂ ਇਨਕਾਰ ਕਰ ਚੁੱਕੇ ਹਨ। ਦਰਅਸਲ, ਕੈਪਟਨ ਅਮਰਿੰਦਰ ਸਿੰਘ ਅਕਸਰ ਇਹ ਗੱਲ ਆਖ਼ ਚੁੱਕੇ ਹਨ ਕਿ ਕਾਂਗਰਸ ਪਾਰਟੀ ਵਿਚ ਮਹੱਤਵਪੂਰਨ ਫ਼ੈਸਲਿਆਂ ਵਿਚ ਉਨ੍ਹਾਂ ਨਾਲ ਸਲਾਹ-ਮਸ਼ਵਰਾ ਜ਼ਰੂਰ ਕੀਤਾ ਜਾਂਦਾ ਸੀ, ਪਰ ਭਾਜਪਾ ਵਿਚ ਅਜਿਹਾ ਨਹੀਂ ਹੋ ਰਿਹਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਭਾਜਪਾ ਦਾ ਪ੍ਰਧਾਨ ਬਦਲੇ ਜਾਣ ਦਾ ਵੀ ਵਿਰੋਧ ਕੀਤਾ ਸੀ। ਦੂਜੇ ਪਾਸੇ ਹਰਿਆਣਾ ਦੇ ਇਕ ਕਾਂਗਰਸੀ ਲੀਡਰ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸੰਪਰਕ ਵਿਚ ਹਨ। ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿਚ ਵਾਪਸ ਜਾਣ ਦੀਆਂ ਚਰਚਾਵਾਂ ਨੂੰ ਪਹਿਲਾਂ ਹੀ ਸਿਰੇ ਤੋਂ ਨਕਾਰ ਚੁੱਕੇ ਹਨ। ਅਜਿਹੇ ਸਮੇਂ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।
