ਨਵੀਂ ਪਾਰਟੀ ਬਣਾਉਣ ਦੇ ਐਲਾਨ 'ਤੇ ਘਿਰੇ ਕੈਪਟਨ, ਪਰਗਟ ਸਿੰਘ ਨੇ ਖੜ੍ਹੇ ਕੀਤੇ ਵੱਡੇ ਸਵਾਲ

Wednesday, Oct 20, 2021 - 11:56 AM (IST)

ਨਵੀਂ ਪਾਰਟੀ ਬਣਾਉਣ ਦੇ ਐਲਾਨ 'ਤੇ ਘਿਰੇ ਕੈਪਟਨ, ਪਰਗਟ ਸਿੰਘ ਨੇ ਖੜ੍ਹੇ ਕੀਤੇ ਵੱਡੇ ਸਵਾਲ

ਜਲੰਧਰ (ਰਾਹੁਲ ਕਾਲਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਗਿਆ ਤਾਂ ਸੂਬੇ ਦੀ ਸਿਆਸਤ ਵੀ ਤੇਜ਼ ਹੋ ਗਈ ਹੈ। ਕੈਪਟਨ ਦੇ ਇਸ ਬਿਆਨ 'ਤੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਸਵਾਲ ਖੜ੍ਹੇ ਕੀਤੇ ਹਨ। ਪਰਗਟ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬੀਜੇਪੀ ਦੀ ਸਾਂਝ ਜੋ ਅੰਦਰਖਾਤੇ ਚੱਲ ਰਹੀ ਸੀ ਉਹ ਹੁਣ ਜੱਗ ਜ਼ਾਹਿਰ ਹੋ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਅਤੇ ਬੀਜੇਪੀ ਦੀ ਪੈਦਾ ਕੀਤੀ ਹੋਈ ਸਮੱਸਿਆ ਤਿੰਨ ਖੇਤੀ ਕਾਨੂੰਨ ਹਨ ਜਿਸ ਦਾ ਖਮਿਆਜ਼ਾ ਪਿਛਲੇ ਇੱਕ ਸਾਲ ਤੋਂ ਕਿਸਾਨ ਭੁਗਤ ਰਹੇ ਹਨ। ਪਰਗਟ ਸਿੰਘ ਨੇ ਕਿਹਾ ਕਿ 650 ਕਿਸਾਨਾਂ ਦੀ ਮੌਤ ਦਾ ਜ਼ਿੰਮੇਵਾਰ ਕੌਣ ਹੈ ? ਕੀ ਕੈਪਟਨ ਅਮਰਿੰਦਰ ਸਿੰਘ ਇਸ ਦੇ ਜ਼ਿੰਮੇਵਾਰ ਨਹੀਂ ? ਅੰਦੋਲਨ ਨੂੰ ਬਦਨਾਮ ਕਰਨਾ ਬੀਜੇਪੀ ਦੀ ਸਾਜ਼ਿਸ਼ ਹੈ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਲਾਗੂ ਕੀਤਾ ਅਤੇ ਬਾਦਲ ਪਰਿਵਾਰ ਨੇ ਸਮਰਥਨ ਦਿੱਤਾ। 

ਕੈਪਟਨ ਦੀ ਕਾਰਗੁਜ਼ਾਰੀ 'ਤੇ ਸਵਾਲ 
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਦੇ ਹੋਏ ਪਰਗਟ ਸਿੰਘ ਨੇ ਕਿਹਾ ਕਿ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੂਰੀਆਂ ਤਾਕਤਾਂ ਦਿੱਤੀਆਂ ਹੋਈਆਂ ਸਨ ਪਰ ਅਮਰਿੰਦਰ ਸਿੰਘ ਨੇ ਪਿਛਲੇ ਸਾਢੇ ਚਾਰ ਸਾਲ ਵਿੱਚ ਕੋਈ ਕੰਮ ਨਹੀਂ ਕੀਤਾ। ਕੈਪਟਨ ਅਮਰਿੰਦਰ ਸਿੰਘ ਨੂੰ ਸੁਚਾਰੂ ਢੰਗ ਨਾਲ ਕੰਮ ਕਰਨ ਲਈ ਕਿਸੇ ਤਰ੍ਹਾਂ ਦੀ ਰੋਕ ਟੋਕ ਨਹੀਂ ਸੀ। ਪਰਗਟ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਮੁੱਖ ਮੁੱਦਿਆਂ 'ਤੇ ਕੰਮ ਨਹੀਂ ਹੋ ਸਕਿਆ ਜੋ ਹੁਣ ਚੰਨੀ ਸਰਕਾਰ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਜਗ੍ਹਾ ਬਣਾਉਣ ਲਈ ਮਜ਼੍ਹਬੀ ਤੇ ਵਾਲਮੀਕਿ ਸਮਾਜ ਨੂੰ ਦੇਣੀ ਪਵੇਗੀ ਅਹਿਮੀਅਤ

ਕੈਬਨਿਟ ਮੰਤਰੀ ਪਰਗਟ ਸਿੰਘ ਨੇ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਜਦੋਂ ਚਾਹੇ ਨਵੀਂ ਪਾਰਟੀ ਬਣਾ ਸਕਦੇ ਹਨ ਇਹ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ ਪਰ ਜੇਕਰ ਆਪਣੇ ਕਾਰਜਕਾਲ ਵਿਚ ਵਧੀਆ ਢੰਗ ਨਾਲ ਕੰਮ ਕੀਤਾ ਹੁੰਦਾ ਤਾਂ ਅੱਜ ਸਰਕਾਰ ਦਾ ਹਿੱਸਾ ਹੁੰਦੇ। ਪਰਗਟ ਸਿੰਘ ਨੇ ਕਿਹਾ ਕਿ ਸਾਨੂੰ ਕੈਪਟਨ ਨੂੰ ਮਨਾਉਣ ਦੀ ਜ਼ਰੂਰਤ ਨਹੀਂ । ਉਹ ਕਾਂਗਰਸ ਦਾ ਹਿੱਸਾ ਰਹਿਣ ਜਾਂ ਨਾ ਰਹਿਣ।

ਇਹ ਵੀ ਪੜ੍ਹੋ : ਦੁਬਈ ਦੇ ਇਸ ਸ਼ੇਖ ਕੋਲ ਨੇ 32 ਹਜ਼ਾਰ ਤੋਂ ਵੱਧ ਮਾਡਲ ਕਾਰਾਂ, ਸਰਦਾਰਾਂ ਦੇ ਮੁਰੀਦ ਨੇ 'ਸ਼ੇਖ ਅਜ਼ਰੂਨੀ' (ਵੀਡੀਓ)

ਦੱਸ ਦਈਏ ਕੇ ਬੀਤੇ ਦਿਨ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਉਹ ਕਾਂਗਰਸ  ਛੱਡ ਕੇ ਨਵੀਂ ਪਾਰਟੀ ਬਣਾਉਣਗੇ।ਕੈਪਟਨ ਅਮਰਿੰਦਰ ਸਿੰਘ ਨੇ ਬੀਜੇਪੀ ਨਾਲ ਗਠਜੋੜ ਵੱਲ ਇਸ਼ਾਰਾ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨਾਂ ਦਾ ਮੁੱਦਾ ਸੁਲਝਾ ਲਿਆ ਜਾਂਦਾ ਹੈ ਤਾਂ ਵਿਧਾਨ ਸਭਾ ਚੋਣਾਂ 'ਚ ਬੀਜੇਪੀ ਨਾਲ ਗਠਜੋੜ ਹੋ ਸਕਦਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਤੋਂ ਵੱਖ ਹੋਏ ਸਮਾਨ ਵਿਚਾਰਧਾਰਾ ਵਾਲੇ ਆਗੂਆਂ ਦੀਆਂ ਪਾਰਟੀਆਂ ਜਿਵੇਂ ਢੀਂਡਸਾ ਅਤੇ ਬ੍ਰਹਮਪੁਰਾ ਗੁੱਟਾਂ ਦੇ ਨਾਲ ਵੀ ਗਠਜੋੜ ਦੀ ਰਾਹ ਤਲਾਸ਼ੀ ਜਾ ਸਕਦੀ ਹੈ। ਇਸ ਤੋਂ ਮਗਰੋਂ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਟਵੀਟ ਕੀਤਾ। ਉਨ੍ਹਾਂ ਕੈਪਟਨ ਅਮਰਿੰਦਰ ਦੇ ਹਵਾਲੇ ਨਾਲ ਲਿਖਿਆ ,‘‘ ਪੰਜਾਬ ਦੇ ਭਵਿੱਖ ਦੀ ਲੜਾਈ ਜਾਰੀ ਹੈ। ਮੈਂ ਜਲਦ ਹੀ ਆਪਣੀ ਰਾਜਨੀਤਕ ਪਾਰਟੀ ਦਾ ਐਲਾਨ ਕਰਾਂਗਾ, ਜੋ ਪੰਜਾਬ, ਉਸ ਦੇ ਲੋਕਾਂ ਤੇ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰੇਗੀ, ਜੋ ਇਕ ਸਾਲ ਤੋਂ ਵੀ ਜ਼ਿਆਦਾ ਸਮੇਂ ਤੋਂ ਆਪਣੀ ਹੋਂਦ ਲਈ ਸੰਘਰਸ਼ ਕਰ ਰਹੇ ਹਨ।’’

ਨੋਟ : ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਨੂੰ ਤੁਸੀਂ ਕਿਵੇਂ ਵੇਖਦੇ ਹੋ? ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Harnek Seechewal

Content Editor

Related News