ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ 'ਕੈਪਟਨ' ਵੱਲੋਂ ਵੱਡੀ ਮਦਦ ਦਾ ਐਲਾਨ
Saturday, Jan 23, 2021 - 09:50 AM (IST)
ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਕੇਂਦਰ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਨੂੰ ‘ਅਣਮਨੁੱਖੀ’ ਕਰਾਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਵੱਡੀ ਮਦਦ ਦਾ ਐਲਾਨ ਕੀਤਾ ਹੈ। ਕੈਪਟਨ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਹਰ ਉਸ ਕਿਸਾਨ ਦੇ ਪਰਿਵਾਰਕ ਮੈਂਬਰ ਲਈ ਨੌਕਰੀ ਦਾ ਐਲਾਨ ਕੀਤਾ ਹੈ, ਜੋ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਆਪਣੀ ਜਾਨ ਗੁਆ ਚੁੱਕਾ ਹੈ। ਮੁੱਖ ਮੰਤਰੀ ਨੇ ‘ਕੈਪਟਨ ਨੂੰ ਸਵਾਲ’ ਦੇ ਲਾਈਵ ਸੈਸ਼ਨ 'ਚ ਸਵਾਲ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਕਿਉਂ ਭੱਜ ਰਹੀ ਹੈ?
ਇਹ ਵੀ ਪੜ੍ਹੋ : '26 ਜਨਵਰੀ' 'ਤੇ ਤਿਰੰਗਾ ਲਹਿਰਾਉਣ ਸਬੰਧੀ ਲੱਗੀਆਂ ਡਿਊਟੀਆਂ 'ਚ ਬਦਲਾਅ, ਜਾਣੋ ਕੀ ਹੈ ਨਵਾਂ ਪ੍ਰੋਗਰਾਮ
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਰੱਦ ਕਰ ਕੇ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਸਾਰੇ ਸਬੰਧਿਤ ਪੱਖਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਨਵੇਂ ਕਾਨੂੰਨ ਬਣਾਉਣੇ ਚਾਹੀਦੇ ਹਨ। ਕੇਂਦਰ ਸਰਕਾਰ ਵੱਲੋਂ ਸਿਰਫ ਆਪਣੇ ਬਹੁਮਤ ਦੇ ਜ਼ੋਰ ’ਤੇ ਬਿਨਾਂ ਕਿਸੇ ਚਰਚਾ ਦੇ ਸੰਸਦ 'ਚ ਇਹ ਕਾਨੂੰਨ ਪਾਸ ਕਰਵਾਉਣ ’ਤੇ ਤਿੱਖਾ ਹਮਲਾ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਇਸ ਦੀ ਕੀਮਤ ਸਾਰਾ ਦੇਸ਼ ਚੁਕਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਅਨੁਸੂਚੀ-7 ਅਨੁਸਾਰ ਇਹ ਸੂਬਿਆਂ ਦਾ ਵਿਸ਼ਾ ਹੈ, ਇਸ ਲਈ ਕੇਂਦਰ ਵੱਲੋਂ ਰਾਜਸੀ ਮਾਮਲੇ 'ਚ ਦਖ਼ਲ ਕਿਉਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਦੁਨੀਆ ਦਾ ਪਹਿਲਾ ਹਸਪਤਾਲ ਬਣਿਆ 'PGI', ਇੰਨੀ ਘੱਟ ਉਮਰ ਦੀ ਬੱਚੀ ਦੇ ਨੱਕ 'ਚੋਂ ਕੱਢਿਆ 'ਟਿਊਮਰ'
ਉਨ੍ਹਾਂ ਕਿਹਾ ਕਿ ਕੇਂਦਰ ਨੇ ਬਿਨਾਂ ਕਿਸੇ ਨੂੰ ਪੁੱਛੇ ਇਨ੍ਹਾਂ ਕਾਨੂੰਨਾਂ ਨੂੰ ਅਮਲੀ ਜਾਮਾ ਪਾ ਦਿੱਤਾ, ਜਿਸ ਕਾਰਨ ਸਾਰਿਆਂ ਨੂੰ ਇਨ੍ਹਾਂ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦੁੱਖ ਦੀ ਗੱਲ ਤਾਂ ਇਹ ਹੈ ਕਿ ‘ਠੰਡ ਕਾਰਨ ਹਰ ਦਿਨ ਅਸੀਂ ਆਪਣੇ ਕਿਸਾਨਾਂ ਦੀਆਂ ਜਾਨਾਂ ਗਵਾ ਰਹੇ ਹਾਂ ਅਤੇ ਹੁਣ ਤੱਕ ਤਕਰੀਬਨ 76 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।’ ਉਨ੍ਹਾਂ ਇਹ ਵੀ ਦੱਸਿਆ ਕਿ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦਾ ਮੁਆਵਜ਼ਾ ਦਿੱਤੇ ਜਾਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵੱਲੋਂ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਅਜੇ ਨਹੀਂ ਘਟੇਗੀ 'ਠੰਡ', ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ 'ਮੌਸਮ'
ਫਿਰੋਜ਼ਪੁਰ ਵਾਸੀ ਵੱਲੋਂ ਕੀਤੇ ਗਏ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਖੇਤੀ ਸੁਧਾਰਾਂ ਵਾਲੇ ਉੱਚ ਪੱਧਰੀ ਕਮੇਟੀ ਦੇ ਮੁੱਦੇ ’ਤੇ ਝੂਠ ਫੈਲਾਅ ਰਹੇ ਹਨ। ਉਨ੍ਹਾਂ ਕਿਹਾ ਕਿ ਆਰ. ਟੀ. ਆਈ. ਦੇ ਜਵਾਬ 'ਚ ਦੋਹਾਂ ਦੇ ਝੂਠ ਦਾ ਪਰਦਾਫਾਸ਼ ਹੋ ਗਿਆ ਹੈ।
ਤੁਸੀਂ ਡਾਂਗ ਚੁੱਕੋਗੇ ਤਾਂ...ਪੰਜਾਬੀ ਵੀ
ਕੁੱਝ ਕਿਸਾਨਾਂ ਅਤੇ ਕਿਸਾਨ ਅੰਦੋਲਨ ਦੇ ਸਮਰਥਕਾਂ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਨੋਟਿਸ ਭੇਜੇ ਜਾਣ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਗਲਤ ਕਦਮ ਹੈ ਅਤੇ ਉਹ ਛੇਤੀ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਮਾਮਲੇ ਬਾਰੇ ਲਿਖਣਗੇ। ਉਨ੍ਹਾਂ ਨੇ ਕਿਹਾ ‘ਪੰਜਾਬੀਆਂ ਨੂੰ ਪਿਆਰ ਨਾਲ ਮਨਾਓ ਤਾਂ ਮੰਨ ਲੈਣਗੇ.... ਤੁਸੀਂ ਡਾਂਗ ਚੁੱਕੋਗੇ, ਉਹ ਵੀ ਡਾਂਗ ਚੁੱਕ ਲੈਣਗੇ।’
ਨੋਟ : ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਲਈ ਕੈਪਟਨ ਦੇ ਐਲਾਨ ਸਬੰਧੀ ਦਿਓ ਆਪਣੀ ਰਾਏ