ਕੈਪਟਨ ਨੇ ਕੇਂਦਰ ਤੋਂ ਪਰਾਲੀ ਸਾੜਨ ਤੋਂ ਰੋਕਣ ਲਈ ਮੰਗਿਆ ਬੋਨਸ

Thursday, Jul 06, 2017 - 11:37 PM (IST)

ਕੈਪਟਨ ਨੇ ਕੇਂਦਰ ਤੋਂ ਪਰਾਲੀ ਸਾੜਨ ਤੋਂ ਰੋਕਣ ਲਈ ਮੰਗਿਆ ਬੋਨਸ

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕੇਂਦਰ ਨੂੰ ਅਪੀਲ ਕਰਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ (ਪਰਾਲੀ) ਸਾੜਨ ਤੋਂ ਰੋਕਣ ਲਈ ਪ੍ਰੇਰਿਤ ਕਰਨ ਵਾਸਤੇ ਝੋਨੇ 'ਤੇ ਘੱਟੋ-ਘੱਟ ਸਮਰਥਨ ਮੁੱਲ ਤੋਂ ਇਲਾਵਾ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕੀਤੀ ਹੈ। ਇਕ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬੋਨਸ ਸਿਰਫ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ, ਜੋ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਹੀਂ ਸਾੜਨਗੇ। 
ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੱਤਰ 'ਚ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਫਸਲਾਂ ਦੀ ਪਰਾਲੀ ਨਾਲ ਨਜਿੱਠਣ ਦੇ ਵਾਧੂ ਬੋਝ ਲਈ ਕਿਸਾਨਾਂ ਨੂੰ ਬਦਲ ਵਜੋਂ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸਾਉਣੀ-2017 ਲਈ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ 'ਚ 80 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਗਿਆ ਹੈ ਪਰ ਇਹ ਵਾਧਾ ਬੀਜਾਂ ਅਤੇ ਖਾਦਾਂ ਦੇ ਰੂਪ 'ਚ ਪੈਦਾਵਾਰ ਦੀ ਵਾਧੂ ਲਾਗਤ ਦੇ ਖਰਚਿਆਂ ਨੂੰ ਪੂਰਾ ਕਰਨ ਲਈ ਢੁਕਵਾਂ ਨਹੀਂ ਹੈ, ਜਦਕਿ ਪਰਾਲੀ ਨਾਲ ਨਜਿੱਠਣ ਦੇ ਖਰਚੇ ਵੱਖਰੇ ਹਨ। ਝੋਨੇ ਦੀ ਪੈਦਾਵਾਰ ਵਾਲੇ ਖੇਤਰਾਂ 'ਚ ਨਾੜ ਨੂੰ ਅੱਗ ਲਾਉਣ ਦਾ ਮਸਲਾ ਬਹੁਤ ਗੰਭੀਰ ਬਣਿਆ ਹੋਇਆ ਹੈ, ਜੋ ਮੌਜੂਦਾ ਸਮੇਂ ਕੌਮੀ ਗ੍ਰੀਨ ਟ੍ਰਿਬਿਊਨਲ, ਪੰਜਾਬ ਤੇ ਹਰਿਆਣਾ ਹਾਈ ਕੋਰਟ, ਦਿੱਲੀ ਹਾਈ ਕੋਰਟ ਅਤੇ ਸੁਪਰੀਮ ਕੋਰਟ 'ਚ ਸੁਣਵਾਈ ਅਧੀਨ ਹਨ।


Related News