ਕੈਪਟਨ ਨੇ ਖੇਤੀ ਕਾਨੂੰਨਾਂ ਬਾਰੇ ਪਹਿਲਾਂ ਨਾ ਦੱਸ ਕੇ ਪੰਜਾਬ ਦੇ ਲੋਕਾਂ ਨਾਲ ਕੀਤੀ ਗੱਦਾਰੀ : ਰਾਘਵ ਚੱਢਾ

Monday, Jan 25, 2021 - 02:00 AM (IST)

ਚੰਡੀਗੜ੍ਹ/ਨਵੀਂ ਦਿੱਲੀ, (ਸ਼ਰਮਾ)- ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਦੱਸਿਆ ਕਿ ਆਰ. ਟੀ. ਆਈ. ਰਾਹੀਂ ਖੁਲਾਸਾ ਹੋਇਆ ਹੈ ਕਿ ਤਿੰਨੇ ਕਾਲੇ ਖੇਤੀ ਕਾਨੂੰਨਾਂ ਨੂੰ ਪਾਸ ਕੀਤੇ ਜਾਣ ਬਾਰੇ ਕੈ. ਅਮਰਿੰਦਰ ਸਿੰਘ ਨੂੰ ਜਾਣਕਾਰੀ ਸੀ। ਰਾਘਵ ਚੱਢਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ 7 ਅਗਸਤ, 2019 ਤੋਂ ਹੀ ਕੈਪਟਨ ਨੂੰ ਪਤਾ ਸੀ ਕਿ ਕਿਸਾਨ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹੂਲਤ) ਕਾਨੂੰਨ, ਮੁੱਲ ਭਰੋਸਗੀ ਅਤੇ ਖੇਤੀ ਸੇਵਾ ਕਾਨੂੰਨ (ਸ਼ਸਕਤੀਕਰਨ ਅਤੇ ਸਰਪ੍ਰਸਤੀ) ਸਮਝੌਤਾ ਅਤੇ ਜ਼ਰੂਰੀ ਵਸਤੂ (ਸੋਧ) ਕਾਨੂੰਨ ਨੂੰ ਲਿਆਂਦਾ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਕੈ. ਅਮਰਿੰਦਰ ਸਿੰਘ ਨੂੰ ਹਾਈਪਾਵਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਸੀ। ਦੋਵਾਂ ਵਿਚ ਮੈਚ ਫਿਕਸਿੰਗ ਦਾ ਇਹ ਸਪੱਸ਼ਟ ਮਾਮਲਾ ਹੈ। ਇਸ ਕਾਰਨ ਕੈਪਟਨ ਨੇ ਕਿਸੇ ਨੂੰ ਨਹੀਂ ਦੱਸਿਆ ਕਿ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਹੋਣਗੇ। ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਚੰਗੀ ਤਰ੍ਹਾਂ ਜਾਣਦੇ ਸਨ ਕਿ ਨਿੱਜੀ ਘਰਾਣਿਆਂ ਅਤੇ ਕਾਰਪੋਰੇਟਸ ਨੂੰ ਫਸਲਾਂ ਦੇ ਬਾਜ਼ਾਰ ਵਿਚ ਲਿਆਂਦਾ ਜਾਵੇਗਾ, ਉਨ੍ਹਾਂ ਨੂੰ ਇਹ ਪਤਾ ਸੀ ਕਿ ਠੇਕਾ ਖੇਤੀ ਦੇ ਨਵੇਂ ਤਰੀਕੇ ਪੇਸ਼ ਕੀਤੇ ਜਾਣਗੇ, ਐੱਮ.ਐੱਸ.ਪੀ. ਅਤੇ ਮੰਡੀ ਪ੍ਰਣਾਲੀ ਨੂੰ ਹਟਾ ਦਿੱਤਾ ਜਾਵੇਗਾ ਪਰ ਉਨ੍ਹਾਂ ਕਦੇ ਕਿਸੇ ਨੂੰ ਕੁਝ ਨਹੀਂ ਦੱਸਿਆ। ਮੈਂ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦਾ ਹਾਂ ਕਿ ਕੋਈ ਇਕ ਸਬੂਤ ਪੇਸ਼ ਕਰਨ, ਜਿਸ ਤੋਂ ਇਹ ਸਾਬਿਤ ਹੋ ਸਕੇ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਗਠਿਤ ਹਾਈਪਾਵਰ ਕਮੇਟੀ ਵਿਚ ਉਨ੍ਹਾਂ ਤਿੰਨੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅਸਹਿਮਤੀ ਪ੍ਰਗਟ ਕੀਤੀ ਸੀ। ਆਰ.ਟੀ.ਆਈ. ਤੋਂ ਵੱਡਾ ਸਬੂਤ ਹੋਰ ਕੀ ਹੋ ਸਕਦਾ ਹੈ? ਅਸੀਂ ਨਿਸ਼ਚਿਤ ਤੌਰ ’ਤੇ ਕਹਿ ਸਕਦੇ ਹਾਂ ਕਿ ਕੈਪਟਨ ਨੇ ਪੰਜਾਬ ਦੇ ਕਿਸਾਨਾਂ ਨਾਲ ਸ਼ਰੇਆਮ ਝੂਠ ਬੋਲਿਆ ਹੈ, ਸਭ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈ. ਅਮਰਿੰਦਰ ਸਿੰਘ ਨੇ ਮੀਟਿੰਗ ਵਿਚ ਖੇਤੀ ਕਾਨੂੰਨਾਂ ਨੂੰ ਲੈ ਕੇ ਚਰਚਾ ਕਿਉਂ ਨਹੀਂ ਕੀਤੀ? ਜਦੋਂ ਉਨ੍ਹਾਂ ਨੂੰ ਤਿੰਨੇ ਕਾਲੇ ਖੇਤੀ ਕਾਨੂੰਨਾਂ ਬਾਰੇ ਚੰਗੀ ਤਰ੍ਹਾਂ ਪਤਾ ਸੀ ਤਾਂ ਪੰਜਾਬ ਦੇ ਕਿਸਾਨਾਂ ਨਾਲ ਵਿਚਾਰ-ਚਰਚਾ ਕਿਉਂ ਨਹੀਂ ਕੀਤੀ। ਸਪੱਸ਼ਟ ਹੋ ਗਿਆ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਕੈ. ਅਮਰਿੰਦਰ ਸਿੰਘ ਏਜੰਟ ਹਨ। ਇਹ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਮੋਦੀ ਵਿਚਾਲੇ ਮੈਚ ਫਿਕਸਿੰਗ ਦਾ ਸਪੱਸ਼ਟ ਮਾਮਲਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਖੁੱਲ੍ਹੇਆਮ ਪੰਜਾਬ ਦੇ ਲੋਕਾਂ, ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਆਗੂ ਦਿਨੇਸ਼ ਚੱਢਾ ਨੇ ਇਹ ਆਰ.ਟੀ.ਆਈ. ਲਗਾਈ ਸੀ, ਜਿਸ ਦਾ ਜਵਾਬ ਸਾਡੇ ਕੋਲ 15 ਜਨਵਰੀ, 2021 ਨੂੰ ਆਇਆ ਹੈ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਤੇ ਹੋਰ ਆਗੂ ਮੌਜੂਦ ਸਨ।


Bharat Thapa

Content Editor

Related News