ਪੰਜਾਬੀਆਂ ਨੂੰ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਕੈਪਟਨ ਵਲੋਂ ਮੇਘਾਲਿਆ ਵਫ਼ਦ ਭੇਜਣ ਦਾ ਫੈਸਲਾ

Saturday, Jun 15, 2019 - 07:56 PM (IST)

ਪੰਜਾਬੀਆਂ ਨੂੰ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਕੈਪਟਨ ਵਲੋਂ ਮੇਘਾਲਿਆ ਵਫ਼ਦ ਭੇਜਣ ਦਾ ਫੈਸਲਾ

ਚੰਡੀਗੜ੍ਹ (ਭੁੱਲਰ)— ਮੇਘਾਲਿਆ ਦੇ ਮੁੱਖ ਮੰਤਰੀ ਕੋਨਾਰਡ ਸੰਗਮਾ ਨੂੰ ਉੱਤਰੀ-ਪੂਰਬੀ ਸੂਬੇ 'ਚ ਵਸੇ ਪੰਜਾਬੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਸੂਬੇ ਤੋਂ 4 ਮੈਂਬਰੀ ਵਫ਼ਦ ਤੁਰੰਤ ਉਥੇ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਕਿ ਪੀੜਤ ਲੋਕਾਂ ਨਾਲ ਸਬੰਧਤ ਮਸਲਿਆਂ ਦਾ ਹੱਲ ਕੱਢਿਆ ਜਾ ਸਕੇ।

ਇਕ ਸਰਕਾਰੀ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਇਸ ਵਫ਼ਦ ਦੀ ਅਗਵਾਈ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਕਰਨਗੇ ਜੋ ਮੇਘਾਲਿਆ ਦੇ ਮੁੱਖ ਮੰਤਰੀ ਅਤੇ ਹੋਰ ਸਬੰਧਤ ਲੋਕਾਂ ਨੂੰ ਮਿਲਣਗੇ। ਇਸ ਵਫ਼ਦ 'ਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਜਸਬੀਰ ਸਿੰਘ ਗਿੱਲ ਤੋਂ ਇਲਾਵਾ ਵਿਧਾਇਕ ਕੁਲਦੀਪ ਸਿੰਘ ਵੈਦ ਸ਼ਾਮਲ ਹੋਣਗੇ। ਯੋਜਨਾਬੰਦੀ ਦੇ ਵਿਸ਼ੇਸ਼ ਸਕੱਤਰ ਡੀ.ਐੱਸ. ਮਾਂਗਟ ਨੂੰ ਵੀ ਵਫ਼ਦ ਦਾ ਹਿੱਸਾ ਬਣਨ ਦੇ ਹੁਕਮ ਦਿੱਤੇ ਗਏ ਹਨ, ਜਿਨ੍ਹਾਂ ਨੂੰ ਮੁੱਖ ਸਕੱਤਰ ਨੇ ਤਾਲਮੇਲ ਕਰਨ ਲਈ ਆਖਿਆ ਹੈ। ਉਥੇ ਵਸਦੇ ਪੰਜਾਬੀਆਂ ਨੂੰ ਕੁਝ ਸਥਾਨਕ ਪਾਬੰਦੀਸ਼ੁਦਾ ਅੱਤਵਾਦੀ ਜਥੇਬੰਦੀਆਂ ਪਾਸੋਂ ਮਿਲੀਆਂ ਧਮਕੀਆਂ ਬਾਰੇ ਸਾਹਮਣੇ ਆਈਆਂ ਮੀਡੀਆ ਰਿਪੋਰਟਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਇਹ ਨਿਰਦੇਸ਼ ਜਾਰੀ ਕੀਤੇ ਹਨ।

ਅੱਤਵਾਦੀ ਜਥੇਬੰਦੀਆਂ ਨੇ ਇਨ੍ਹਾਂ ਲੋਕਾਂ ਨੂੰ ਉਥੋਂ ਕੱਢਣ ਲਈ ਸੂਬੇ ਸਰਕਾਰ ਦੀਆਂ ਕੋਸ਼ਿਸ਼ਾਂ 'ਚ ਅੜਿੱਕਾ ਡਾਹੁਣ ਦੀ ਸੂਰਤ ਵਿਚ ਸਿੱਟੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਸੰਗਮਾ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਰਿਪੋਰਟਾਂ ਸੁਭਾਵਿਕ ਤੌਰ 'ਤੇ ਪੰਜਾਬ 'ਚ ਚਿੰਤਾ ਪੈਦਾ ਕਰਦੀਆਂ ਹਨ ਕਿਉਂ ਜੋ ਇਹ ਪਰਿਵਾਰ ਮੁਲਕ ਦੀ ਆਜ਼ਾਦੀ ਤੋਂ ਵੀ ਪਹਿਲਾਂ ਲੰਮੇ ਸਮੇਂ ਤੋਂ ਸ਼ਿਲਾਂਗ 'ਚ ਰਹਿ ਰਹੇ ਹਨ। ਉਨ੍ਹਾਂ ਨੇ ਆਪਣੇ ਹਮ ਰੁਤਬਾ ਨੂੰ ਉੱਥੇ ਰਹਿ ਰਹੇ ਪੰਜਾਬੀਆਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਹੰਗਾਮੀ ਕਦਮ ਚੁੱਕਣ ਦੀ ਅਪੀਲ ਕੀਤੀ।


author

Baljit Singh

Content Editor

Related News