ਕਰਤਾਰਪੁਰ ਲਾਂਘੇ ਸਬੰਧੀ ਕੈਪਟਨ ਨੇ ਕੇਂਦਰ ਸਰਕਾਰ ਅੱਗੇ ਰੱਖੀ ਇਹ ਮੰਗ

01/16/2019 10:49:06 AM

ਚੰਡੀਗੜ੍ਹ/ਜਲੰਧਰ (ਧਵਨ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਵਿਚ ਸਮਾਗਮ ਦੌਰਾਨ ਖੁਲ੍ਹੇ ਦਰਸ਼ਨ ਦੀਦਾਰ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਰਤਾਰਪੁਰ ਕਾਰੀਡੋਰ ਪਾਰ ਕਰਨ ਲਈ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਨ ਦੀ ਮੰਗ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਅੱਗੇ ਰੱਖੀ ਹੈ। ਮੁੱਖ ਮੰਤਰੀ ਨੇ ਕਾਰੀਡੋਰ ਦੇ ਆਲੇ-ਦੁਆਲੇ ਬਣਾਏ ਜਾਣ ਵਾਲੇ ਮੁਢਲੇ ਢਾਂਚੇ 'ਤੇ ਉਥੇ ਪਹੁੰਚਣ ਵਾਲੀ ਸੜਕ ਦਾ ਨਿਰਮਾਣ ਜਲਦੀ ਕਰਨ ਦੀ ਮੰਗ ਵੀ ਮੋਦੀ ਸਰਕਾਰ ਕੋਲ ਕੀਤੀ ਹੈ।

ਉਨ੍ਹਾਂ ਕਿਹਾ ਇਸ ਇਤਿਹਾਸਕ ਕਾਰੀਡੋਰ ਨੂੰ ਅਮਲ ਵਿਚ ਲਿਆਉਣ ਲਈ ਬਿਨਾਂ ਕਿਸੇ ਦੇਰ ਜ਼ਮੀਨ ਨੂੰ ਇਕਵਾਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਇਕ ਲਿਖਤੀ ਚਿੱਠੀ ਭੇਜ ਕੇ ਕਿਹਾ ਗਿਆ ਹੈ ਕਿ ਕਾਰੀਡੋਰ ਦੇ ਪਾਰ ਜਾਣ ਵਾਲੇ ਸ਼ਰਧਾਲੂਆਂ ਲਈ ਲਾਜ਼ਮੀ ਪਾਸਪੋਰਟ ਦੀ ਸ਼ਰਤ ਨੂੰ ਖਤਮ ਕੀਤਾ ਜਾਵੇ ਤਾਂ ਜੋ ਸ਼ਰਧਾਲੂ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰੇ ਵਿਚ ਅਸਾਨੀ ਨਾਲ ਨਤਮਸਤਕ ਹੋ ਸਕਣ। ਰਾਜਨਾਥ ਸਿੰਘ ਨੂੰ ਭੇਜੀ ਚਿੱਠੀ ਵਿਚ ਮੁੱਖ ਮੰਤਰੀ ਨੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਨੂੰ ਹਰ ਸਹੂਲਤ ਦੇਣ ਦੀ ਵੀ ਬੇਨਤੀ ਕੀਤੀ ਹੈ।

ਮੁੱਖ ਮੰਤਰੀ ਦਫਤਰ ਦੇ ਸੂਤਰਾਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੁਝਾਅ ਦਿੱਤਾ ਹੈ ਕਿ ਸ਼ਰਧਾਲੂਆਂ ਦੀ ਪਛਾਣ ਲਈ ਪਾਸਪੋਰਟ ਦੀ ਬਜਾਏ ਆਧਾਰ ਕਾਰਡ ਜਿਹੇ ਯੋਗ ਸਰਕਾਰੀ ਦਸਤਾਵੇਜ਼ਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਸਰਹੱਦ ਪਾਰ ਜਾਣ ਲਈ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਦੇਖਦਿਆਂ ਮੁਢਲਾ ਢਾਂਚਾ ਜਲਦੀ ਵਿਕਸਿਤ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੋ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਵਿਚ ਰੋਜ਼ਾਨਾ ਦੀ ਅਰਦਾਸ ਅਤੇ ਸ੍ਰੀ ਅਖੰਡ ਪਾਠ ਸਾਹਿਬ ਤੇ ਸਾਹਿਜ ਪਾਠ ਪ੍ਰਕਾਸ਼ ਕਰਵਾਉਣਾ ਚਾਹੁੰਦੇ ਹਨ ਉਨ੍ਹਾਂ ਲਈ ਇਸ ਸੰਬੰਧੀ ਕੋਈ ਢੁਕਵੀਂ ਪ੍ਰਣਾਲੀ ਅਮਲ ਵਿਚ ਲਿਆਉਣੀ ਚਾਹੀਦੀ ਹੈ।


Sunny Mehra

Content Editor

Related News