ਕੈਪਟਨ ਵਲੋਂ ਦੋਆਬਾ ਦੇ ਵਿਧਾਇਕਾਂ ਨਾਲ ਬਜਟ ਬਾਰੇ ਚਰਚਾ
Friday, Jan 18, 2019 - 07:27 AM (IST)
ਚੰਡੀਗਡ਼੍ਹ, (ਭੁੱਲਰ)- ਫਰਵਰੀ ’ਚ ਪੰਜਾਬ ਦੇ ਪੇਸ਼ ਕੀਤੇ ਜਾਣ ਵਾਲੇ ਨਵੇਂ ਬਜਟ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਨਾਲ ਵਿਚਾਰ-ਵਟਾਂਦਰੇ ਦਾ ਸਿਲਸਿਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦੂਜੇ ਦਿਨ ਵੀ ਜਾਰੀ ਰੱਖਿਆ ਗਿਆ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖਡ਼ ਅਤੇ ਸੀਨੀਅਰ ਕੈਬਨਿਟ ਮੰਤਰੀ ਵੀ ਮੌਜੂਦ ਰਹੇ। ਮਾਝੇ ਤੋਂ ਬਾਅਦ ਅੱਜ ਦੂਜੇ ਦਿਨ ਦੋਆਬਾ ਖੇਤਰ ਦੇ ਵਿਧਾਇਕਾਂ ਤੋਂਂ ਸੁਝਾਅ ਪ੍ਰਾਪਤ ਕੀਤੇ ਗਏ। 18 ਅਤੇ 19 ਜਨਵਰੀ ਨੂੰ ਮਾਲਵਾ ਖੇਤਰ ਦੇ ਵਿਧਾਇਕਾਂ ਨਾਲ ਪ੍ਰੀ ਬਜਟ ਮੀਟਿੰਗ ’ਚ ਮੁੱਖ ਮੰਤਰੀ ਵਿਚਾਰ-ਵਟਾਂਦਰਾ ਕਰਨਗੇ।
ਮੀਟਿੰਗ ਵਿਚ ਵਿਚਾਰ ਵਟਾਂਦਰੇ ਤੋਂ ਬਾਅਦ ਮੁੱਖ ਮੰਤਰੀ ਨੇ ਕੰਢੀ ਵਿਕਾਸ ਬੋਰਡ ਦੀ ਮੁਡ਼ ਸੁਰਜੀਤੀ ਅਤੇ ਇਸ ਖੇਤਰ ਦੇ ਵਿਕਾਸ ਲਈ ਵਿੱਤ ਵਿਭਾਗ ਨੂੰ 100 ਕਰੋਡ਼ ਰੁਪਏ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਕੰਢੀ ਖੇਤਰ ’ਚ ਡੂੰਘੇ ਟਿਊਬਵੈੱਲ ਲਾਉਣ ਲਈ 10 ਕਰੋਡ਼ ਰੁਪਏ ਦੀ ਵਾਧੂ ਰਾਸ਼ੀ ਜਾਰੀ ਕਰਨ ਲਈ ਵੀ ਵਿੱਤ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਇਸ ਖੇਤਰ ’ਚ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦਾ ਵੀ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਦੱਸਿਆ ਕਿ ਵਿੱਤ ਵਿਭਾਗ ਨੇ ਦਸੰਬਰ 2018 ਵਾਸਤੇ ਵੱਖ-ਵੱਖ ਸਮਾਜਿਕ ਸੁਰੱਖਿਆ ਪੈਨਸ਼ਨਾਂ ਲਈ 155 ਕਰੋਡ਼ ਰੁਪਏ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਐੱਸ. ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਭੁਗਤਾਨ ਲਈ 42 ਕਰੋਡ਼ ਰੁਪਏ ਹੋਰ ਜਾਰੀ ਕੀਤੇ ਜਾ ਰਹੇ ਹਨ।
ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਨੀਲ ਜਾਖਡ਼ ਨੇ ਮੀਟਿੰਗ ’ਚ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੂੰ ਕਿਹਾ ਕਿ ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਜਲੰਧਰ ਦੇ ਸਮਝੌਤੇ ’ਤੇ ਮੁਡ਼ ਗੌਰ ਕੀਤੀ ਜਾਵੇ ਤਾਂ ਕਿ ਲੋਕਾਂ ਨੂੰ ਵਾਜਬ ਦਰਾਂ ’ਤੇ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸ਼ਾਮਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ, ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ, ਜਲੰਧਰ ਕੇਂਦਰੀ ਦੇ ਵਿਧਾਇਕ ਰਾਜਿੰਦਰ ਬੇਰੀ, ਸ਼ਾਹਕੋਟ ਤੋਂ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਵੀ ਬਜਟ ਅਤੇ ਵਿਕਾਸ ਕਾਰਜਾਂ ਬਾਰੇ ਸੁਝਾਅ ਪੇਸ਼ ਕੀਤੇ।
