ਪਰਾਲੀ ਦੇ ਨਿਪਟਾਰੇ ਲਈ ਮਿਲੇ 100 ਕਰੋੜ ਦਾ ਹਿਸਾਬ ਦੇਣ ਕੈਪਟਨ : ਆਪ

Tuesday, Nov 14, 2017 - 07:02 AM (IST)

ਪਰਾਲੀ ਦੇ ਨਿਪਟਾਰੇ ਲਈ ਮਿਲੇ 100 ਕਰੋੜ ਦਾ ਹਿਸਾਬ ਦੇਣ ਕੈਪਟਨ : ਆਪ

ਚੰਡੀਗੜ੍ਹ  (ਬਿਊਰੋ) - ਆਮ ਆਦਮੀ ਪਾਰਟੀ (ਆਪ) ਨੇ ਮੌਜੂਦਾ ਕੈਪਟਨ ਸਰਕਾਰ ਦੇ ਨਾਲ-ਨਾਲ ਪਿਛਲੀ ਬਾਦਲ ਸਰਕਾਰ ਉੱਪਰ ਕਿਸਾਨਾਂ ਨਾਲ ਧੋਖਾ ਅਤੇ ਪੰਜਾਬ ਦੇ ਵਾਤਾਵਰਣ ਸਮੇਤ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦਾ ਗੰਭੀਰ ਇਲਜ਼ਾਮ ਲਾਇਆ ਹੈ। 'ਆਪ' ਵਲੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਉੱਪ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ, ਵਿਧਾਨ ਸਭਾ 'ਚ ਉਪ ਨੇਤਾ ਬੀਬੀ ਸਰਬਜੀਤ ਕੌਰ, ਕਿਸਾਨ ਸੰਘਰਸ਼ ਕਮੇਟੀ ਦੇ ਕਨਵੀਨਰ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾ, ਨਾਜਰ ਸਿੰਘ ਮਾਨਸ਼ਾਹੀਆ, ਰੁਪਿੰਦਰ ਕੌਰ ਰੂਬੀ ਅਤੇ ਮੀਤ ਹੇਅਰ (ਸਾਰੇ ਵਿਧਾਇਕ) ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 'ਚ ਸੂਬੇ ਦੇ ਕਿਸਾਨਾਂ ਨੂੰ ਪੂਰੇ ਦੇਸ਼ 'ਚ ਬਦਨਾਮ ਕਰਨ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਅਸਲੀ ਜ਼ਿੰਮੇਵਾਰ ਅਤੇ ਦੋਸ਼ੀ ਹਨ, ਜਿਨ੍ਹਾਂ ਨੇ ਪਰਾਲੀ ਦੇ ਸਹੀ ਨਿਪਟਾਰੇ ਲਈ ਪਿਛਲੇ 2 ਸਾਲਾਂ 'ਚ ਕੇਂਦਰ ਸਰਕਾਰ ਵਲੋਂ ਜਾਰੀ ਹੋਏ ਕਰੀਬ 100 ਕਰੋੜ ਰੁਪਏ 'ਚੋਂ ਇਕ ਪੈਸਾ ਵੀ ਇਸ ਮਕਸਦ ਲਈ ਖ਼ਰਚ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਇਸ ਦਾ ਹਿਸਾਬ ਦੇਣਾ ਚਾਹੀਦਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਇਸ ਬਦਨੀਅਤ ਅਤੇ ਨਾਲਾਇਕ ਨੀਤੀ ਦਾ ਪਰਦਾਫਾਸ਼ ਕਿਸੇ ਹੋਰ ਨੇ ਨਹੀਂ, ਸਗੋਂ ਕੇਂਦਰੀ ਖੇਤੀਬਾੜੀ ਮੰਤਰਾਲਾ ਨੇ ਕੀਤਾ ਹੈ। ਮੀਡੀਆ ਰਿਪੋਰਟਾਂ 'ਚ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨੇ ਦੱਸਿਆ ਸੀ ਕਿ ਪਰਾਲੀ ਦੇ ਉੱਚਿਤ ਨਿਪਟਾਰਾ ਲਈ ਤਜਵੀਜ਼ ਯੋਜਨਾਵਾਂ ਨੂੰ ਅਮਲੀ ਰੂਪ ਦੇਣ ਲਈ ਕੇਂਦਰ ਵਲੋਂ 2016-17 'ਚ 49.80 ਕਰੋੜ ਅਤੇ 2017-18 ਲਈ 48.50 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਅਲਾਟ ਕੀਤੇ ਗਏ ਪਰ ਪਿਛਲੀ ਅਕਾਲੀ-ਭਾਜਪਾ ਸਰਕਾਰ ਅਤੇ ਮੌਜੂਦਾ ਕਾਂਗਰਸ ਸਰਕਾਰ ਨੇ ਇਹ ਪੈਸਾ ਵਰਤਿਆ ਹੀ ਨਹੀਂ। ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਉਹ ਆਪਣੇ ਕਾਰਜਕਾਲ ਦੌਰਾਨ ਆਏ ਪੈਸੇ ਬਾਰੇ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇਣ ਅਤੇ ਪਿਛਲੀ ਬਾਦਲ ਸਰਕਾਰ ਦੀ ਭੂਮਿਕਾ ਦੀ ਸਮਾਂਬੱਧ ਉੱਚ ਪੱਧਰੀ ਜਾਂਚ ਕਰਵਾਉਣ।


Related News