ਬਗਾਵਤੀ ਸੁਰਾਂ ਕਾਰਨ ਬੈਕਫੁੱਟ ''ਤੇ ''ਕੈਪਟਨ ਸਰਕਾਰ'', ਰੱਦ ਹੋ ਸਕਦੈ ਸ਼ਰਾਬ ਦੀ ਹੋਮ ਡਲਿਵਰੀ ਦਾ ਪ੍ਰਸਤਾਵ

05/12/2020 4:27:19 PM

ਲੁਧਿਆਣਾ (ਹਿਤੇਸ਼) : ਕਰਫਿਊ ਦੌਰਾਨ ਸ਼ਰਾਬ ਦੇ ਠੇਕੇ ਖੋਲ੍ਹਣ ਸਬੰਧੀ ਫੈਸਲੇ ਨੂੰ ਲੈ ਕੇ ਹਰ ਵਰਗ ਦੀ ਆਲੋਚਨਾ ਦਾ ਸਾਹਮਣਾ ਕਰ ਰਹੀ ਕੈਪਟਨ ਸਰਕਾਰ ਵੱਲੋਂ ਹੁਣ ਵਿਰੋਧੀ ਧਿਰਾਂ ਤੋਂ ਇਲਾਵਾ ਕਾਂਗਰਸੀ ਆਗੂਆਂ ਦੇ ਵਿਰੋਧ ਦੇ ਚੱਲਦਿਆਂ ਸ਼ਰਾਬ ਦੀ ਹੋਮ ਡਲਿਵਰੀ ਦਾ ਪ੍ਰਸਤਾਵ ਰੱਦ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਲਾਏ ਗਏ ਕਰਫਿਊ ਦੌਰਾਨ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਸਿਫਾਰਿਸ਼ ਸਭ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਸੀ।

ਇਸ ਲਈ ਉਨ੍ਹਾਂ ਵੱਲੋਂ 6200 ਕਰੋੜ ਦੇ ਮਾਲੀਏ ਦਾ ਨੁਕਸਾਨ ਹੋਣ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਵੱਲੋਂ ਸ਼ੁਰੂਆਤੀ ਦੌਰ 'ਚ ਉਨ੍ਹਾਂ ਦੀ ਮੰਗ ਨੂੰ ਰੱਦ ਕਰ ਦਿੱਤਾ ਗਿਆ, ਜਿਸ 'ਤੇ ਇਤਰਾਜ਼ ਜਤਾਉਂਦੇ ਹੋਏ ਕੈਪਟਨ ਨੇ ਇਹ ਕਹਿ ਦਿੱਤਾ ਸੀ ਕਿ ਸਬਜ਼ੀ ਦੀ ਹੋਮ ਡਲਿਵਰੀ ਦੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ, ਜਦੋਂ ਕਿ ਸ਼ਰਾਬ ਦੀ ਬੋਤਲ ਸੀਲ ਬੰਦ ਹੋਣ ਕਾਰਨ ਕੋਰੋਨਾ ਫੈਲਣ ਦਾ ਖਤਰਾ ਨਹੀਂ ਹੈ। ਇਸ ਤੋਂ ਬਾਅਦ ਵਿਰੋਧੀ ਧਿਰਾਂ ਤੋਂ ਇਲਾਵਾ ਆਮ ਲੋਕਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਖੁੱਲ੍ਹ ਕੇ ਕੈਪਟਨ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿ ਗਰੀਬ ਲੋਕਾਂ ਨੂੰ ਪੂਰੀ ਤਰ੍ਹਾਂ ਰੋਟੀ ਨਹੀਂ ਮਿਲ ਰਹੀ ਹੈ ਅਤੇ ਜ਼ਿਆਦਾਤਰ ਕੰਮ ਠੱਪ ਪਏ ਹਨ ਪਰ ਸਰਕਾਰ ਨੂੰ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਚਿੰਤਾ ਸਤਾ ਰਹੀ ਹੈ।

ਹਾਲਾਂਕਿ ਕੇਂਦਰ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਕਈ ਸੂਬਿਆਂ 'ਚ ਸ਼ਰਾਬ ਦੀ ਵਿਕਰੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਕਈ ਦਿਨ ਪਹਿਲਾਂ ਇਸ ਲਈ ਹਰੀ ਝੰਡੀ ਦੇ ਦਿੱਤੀ ਗਈ ਸੀ ਪਰ ਜ਼ਿਆਦਾਤਰ ਠੇਕੇਦਾਰਾਂ ਨੇ ਨੁਕਸਾਨ ਦੀ ਭਰਪਾਈ ਦਾ ਫੈਸਲਾ ਨਾ ਹੋਣ ਤੱਕ ਕੰਮ ਸ਼ੁਰੂ ਨਾ ਕਰਨ ਦਾ ਫੈਸਲਾ ਲਿਆ ਹੈ। ਇਸ ਨੂੰ ਮੁੱਖ ਰੱਖਦਿਆਂ ਐਕਸਾਈਜ਼ ਪਾਲਿਸੀ 'ਚ ਬਦਲਾਅ ਕਰਨ ਲਈ ਕੈਬਨਿਟ 'ਚ ਪੇਸ਼ ਕੀਤੇ ਗਏ ਪ੍ਰਸਤਾਵ 'ਚ ਸ਼ਰਾਬ ਦੀ ਹੋਮ ਡਲਿਵਰੀ ਦੀ ਵਿਵਸਥਾ ਕਰਨ ਦਾ ਪਹਿਲੂ ਵੀ ਸ਼ਾਮਲ ਕੀਤਾ ਗਿਆ ਹੈ। ਇਸ ਨੂੰ ਲੈ ਕੇ ਕੈਪਟਨ ਨੂੰ ਸਾਰੀਆਂ ਪਾਰਟੀਆਂ ਦੇ ਵੱਡੇ ਨੇਤਾਵਾਂ ਤੋਂ ਇਲਾਵਾ ਕਾਂਗਰਸ ਦੇ ਅੰਦਰ ਹੀ ਬਗਾਵਤੀ ਸੁਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ 'ਚ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਅਤੇ ਵਿਧਾਇਕ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਤੋਂ ਬਾਅਦ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਮੋਗਾ ਦੇ ਵਿਧਾਇਕ ਹਰਜੋਤ ਕਮਲ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ।

ਕੈਪਟਨ ਦੇ ਜ਼ਿਆਦਾਤਰ ਮੰਤਰੀਆਂ ਨੇ ਸ਼ਰਾਬ ਦੀ ਹੋਮ ਡਲਿਵਰੀ ਦੇ ਪ੍ਰਸਤਾਵ 'ਤੇ ਇਤਰਾਜ਼ ਜਤਾਇਆ ਹੈ, ਜਿਸ ਦੀ ਪੁਸ਼ਟੀ ਖੁਦ ਸਰਕਾਰ ਵੱਲੋਂ ਜਾਰੀ ਪ੍ਰੈੱਸ ਨੋਟ 'ਚ ਕੀਤੀ ਗਈ ਹੈ। ਹਾਲਾਂਕਿ ਕੈਬਨਿਟ ਵੱਲੋਂ ਐਕਸਾਈਜ਼ ਪਾਲਿਸੀ 'ਚ ਬਦਲਾਅ ਕਰਨ ਦੇ ਅਧਿਕਾਰੀ ਕੈਪਟਨ ਨੂੰ ਦੇ ਦਿੱਤੇ ਗਏ ਹਨ ਅਤੇ ਉਸ 'ਤੇ ਅਜੇ ਕੋਈ ਫੈਸਲਾ ਨਹੀਂ ਆਇਆ ਹੈ ਪਰ ਪੁਖਤਾ ਸੂਤਰਾਂ ਦਾ ਕਹਿਣਾ ਹੈ ਕਿ ਭਾਰੀ ਵਿਰੋਧ ਦੇ ਬਾਵਜੂਦ ਸ਼ਰਾਬ ਦੀ ਹੋਮ ਡਲਿਵਰੀ ਕਰਨ ਦਾ ਪ੍ਰਸਤਾਵ ਰੱਦ ਕੀਤਾ ਜਾ ਸਕਦਾ ਹੈ।
 


Babita

Content Editor

Related News