‘ਕੈਪਟਨ ਵੱਲੋਂ ਧਾਰਮਕ ਸੰਸਥਾਵਾਂ ਤੋਂ ਲੋਕਾਂ ਨੂੰ ਸ਼ਰਾਬ ਦੀ ਹੋਮ ਡਿਲੀਵਰੀ ਲਈ ਜਾਗਰੂਕ ਕਰਵਾਉਣਾ ਮੰਦਭਾਗਾ’
Saturday, May 09, 2020 - 08:26 PM (IST)
ਚੰਡੀਗੜ੍ਹ,(ਸ਼ਰਮਾ)- ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਵਿਚ ਕੈ. ਅਮਰਿੰਦਰ ਵਲੋਂ ਸੂਬੇ ’ਚ ਕੋਰੋਨਾ ਸੰਕਟ ਸਮੇਂ ਸ਼ਰਾਬ ਦੇ ਠੇਕੇ ਖੋਲ੍ਹਣਾ ਅਤੇ ਉਸ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਗੁਰਧਾਮਾਂ ਅਤੇ ਮੰਦਰਾਂ ਦੀਆਂ ਕਮੇਟੀਆਂ ਨੂੰ ਸ਼ਰਾਬ ਦੀ ਹੋਮ ਡਿਲੀਵਰੀ ਬਾਰੇ ਜਾਗਰੂਕ ਕਰਨ ਦੇ ਹੁਕਮ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਅਮਰਿੰਦਰ ਸੱਤਾ ਦੇ ਨਸ਼ੇ ’ਚ ਡੁੱਬ ਕੇ ਧਰਮ ਦੀ ਮਰਿਯਾਦਾ ਭੁੱਲ ਗਏ ਹਨ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡ ਰਹੇ ਹਨ, ਇਸ ਲਈ ਉਨ੍ਹਾਂ ਨੂੰ ਬਹੁਤ ਭਾਰੀ ਕੀਮਤ ਚੁਕਾਉਣੀ ਪਏਗੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੂਬੇ ’ਚ ਕੋਰੋਨਾ ਫੈਲਾਉਣ ਲਈ ਕੈਪਟਨ ਸਰਕਾਰ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਲਿਆਂਦੇ ਗਏ ਸ਼ਰਧਾਲੂਆਂ ਨੂੰ ਦੋਸ਼ੀ ਠਹਿਰਾ ਰਹੀ ਹੈ। ਸ਼ਰਮਾ ਨੇ ਕਿਹਾ ਕਿ ਕਾਂਗਰਸੀ ਨੇਤਾ ਦਿਗਵਿਜੇ ਸਿੰਘ ਨੇ ਸਿੱਖ ਸਰਧਾਲੂਆਂ ਨੂੰ ਤਬਲੀਗੀ ਜਮਾਤ ਨਾਲ ਜੋੜਨ ਦੀ ਗੱਲ ਕਰਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸ਼ਰਮਾ ਨੇ ਕਿਹਾ ਕਿ ਕੈਪਟਨ ਵਲੋਂ ਇਕ ਹਫਤੇ ’ਚ ਪੰਜਾਬ ’ਚੋ ਨਸ਼ਾ ਖਤਮ ਕਾਰਨ ਦੀ ਗੱਲ ਕਹਿ ਕੇ ਪੰਜਾਬ ਦੀ ਸੱਤਾ ਹਾਸਲ ਕੀਤੀ ਗਈ ਸੀ, ਜਿਸ ਨੂੰ ਅਜੇ ਤਕ ਪੂਰਾ ਨਹੀਂ ਕੀਤਾ ਗਿਆ ਅਤੇ ਹੁਣ ਪੰਜਾਬ ’ਚ ਸ਼ਰਾਬ ਦੀ ਹੋਮ ਡਿਲੀਵਰੀ ਦਾ ਐਲਾਨ ਕੀਤਾ ਗਿਆ ਹੈ ਜੋ ਕਿ ਲੋਕਾਂ ਨੂੰ ਰਾਸ ਨਹੀਂ ਆਇਆ ਅਤੇ ਕਈ ਥਾਵਾਂ ’ਤੇ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਵੀ ਸ਼ੁਰੂ ਕਰ ਦਿੱਤੇ ਹਨ। ਸ਼ਰਮਾ ਨੇ ਕਿਹਾ ਕਿ ਅੱਜ ਤੱਕ ਕੈਪਟਨ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਹੁਣ ਪੰਜਾਬ ’ਚ ਸ਼ਰਾਬ ਦੀ ਹੋਮ ਡਿਲੀਵਰੀ ਦੇ ਕੇ ਕੈਪਟਨ ਕੀ ਸਾਬਤ ਕਰਨਾ ਚਾਹੁੰਦੇ ਹਨ? ਪੰਜਾਬ ਦੀ ਜਵਾਨੀ ਨੂੰ ਦੁੱਧ ਅਤੇ ਦਹੀਂ ਦੀ ਜ਼ਰੂਰਤ ਹੈ, ਸ਼ਰਾਬ ਦੀ ਨਹੀਂ! ਪੰਜਾਬ ਵਿਚ ਸ਼ਰਾਬ ਦੀ ਹੋਮ ਡਿਲੀਵਰੀ ਲੋਕਾਂ ਦੇ ਘਰਾਂ ’ਚ ਝਗੜਿਆਂ ਅਤੇ ਕੁੱਟਮਾਰ ਦੀਆਂ ਘਟਨਾਵਾਂ ’ਚ ਭਾਰੀ ਵਾਧਾ ਕਰੇਗੀ, ਜਿਸ ਦੇ ਜ਼ਿੰਮੇਵਾਰ ਕੈ. ਅਮਰਿੰਦਰ ਹੋਣਗੇ। ਕੈਪਟਨ ਦਾ ਮੁੱਖ ਉਦੇਸ਼ ਸੂਬੇ ਦੇ ਹਰ ਘਰ ਨੂੰ ਨਸ਼ੇ ’ਚ ਡੋਬਣਾ ਹੈ।
ਸ਼ਰਮਾ ਨੇ ਕਿਹਾ ਕਿ ਜੇਕਰ ਕੈਪਟਨ ਨੇ ਗੁਰਦੁਆਰਿਆਂ ਅਤੇ ਮੰਦਰਾਂ ਤੋਂ ਲੋਕਾਂ ਨੂੰ ਸ਼ਰਾਬ ਦੀ ਹੋਮ ਡਿਲੀਵਰੀ ਦੇਣ ਬਾਰੇ ਜਾਗਰੂਕ ਕਰਨ ਦੇ ਆਪਣੇ ਹੁਕਮ ਨੂੰ ਵਾਪਸ ਨਹੀਂ ਲਿਆ ਤਾਂ ਭਾਜਪਾ ਸਾਰੇ ਸੂਬੇ ਦੇ ਲੋਕਾਂ ਦੇ ਨਾਲ ਮਿਲ ਕੇ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ਼ ਕੀਤੇ ਜਾ ਰਹੇ ਸੜਕੀ ਮੁਜ਼ਾਹਰੇ ਤੋਂ ਪਿੱਛੇ ਨਹੀਂ ਹਟੇਗੀ ਅਤੇ ਇਸ ਦੀ ਸਾਰੀ ਜ਼ਿੰਮੇਵਾਰੀ ਕੈਪਟਨ ਸਰਕਾਰ ਦੀ ਹੋਵੇਗੀ।