ਕੈਪਟਨ ਦੀ ਪ੍ਰੀ-ਬਜਟ ਮੀਟਿੰਗ ''ਚ ਛਾਏ ਗੁੰਡਾ ਟੈਕਸ ਤੇ ਗੈਰ ਕਾਨੂੰਨੀ ਮਾਈਨਿੰਗ ਦੇ ਮੁੱਦੇ
Friday, Mar 02, 2018 - 06:28 AM (IST)

ਚੰਡੀਗੜ੍ਹ (ਭੁੱਲਰ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇਥੇ ਪੰਜਾਬ ਦੇ ਵਿਧਾਇਕਾਂ ਤੋਂ ਸੁਝਾਅ ਲੈਣ ਲਈ ਬੁਲਾਈ ਗਈ ਪ੍ਰੀ-ਬਜਟ ਬੈਠਕ ਵਿਚ ਵੀ ਗੁੰਡਾ ਟੈਕਸ ਅਤੇ ਗੈਰ ਕਾਨੂੰਨੀ ਮਾਈਨਿੰਗ ਦਾ ਮੁੱਦਾ ਛਾਇਆ ਰਿਹਾ। ਪੇਸ਼ ਕੀਤੇ ਜਾਣ ਵਾਲੇ ਨਵੇਂ ਬਜਟ ਵਿਚ ਟੈਕਸ ਲਾਏ ਜਾਣ ਦੇ ਮੁੱਦੇ 'ਤੇ ਵੀ ਮੈਂਬਰਾਂ ਵਿਚ ਮਤਭੇਦ ਸਨ। ਭਾਵੇਂ ਸੂਬੇ ਦੇ ਵਿੱਤੀ ਹਾਲਾਤ ਦੇ ਮੱਦੇਨਜ਼ਰ ਬਹੁਤੇ ਮੈਂਬਰ ਟੈਕਸ ਲਾਉਣ ਦੇ ਹੱਕ ਵਿਚ ਸਨ ਪਰ ਕਈਆਂ ਨੇ ਕਿਹਾ ਕਿ ਫਿਲਹਾਲ ਲੋਕਾਂ 'ਤੇ ਕੋਈ ਨਵਾਂ ਬੋਝ ਨਹੀਂ ਪਾਇਆ ਜਾਣਾ ਚਾਹੀਦਾ। ਜ਼ਿਕਰਯੋਗ ਹੈ ਕਿ ਅੱਜ ਦੀ ਮੀਟਿੰਗ ਵਿਚ ਕੈਪਟਨ ਵਿਰੋਧੀ ਸੁਰ ਰੱਖਣ ਵਾਲੇ ਰਾਜ ਸਭਾ ਮੈਂਬਰ ਅਤੇ ਪ੍ਰਦੇਸ਼ ਕਾਂਗਰਸ ਦੇ ਦੋ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਤੇ ਪ੍ਰਤਾਪ ਸਿੰਘ ਬਾਜਵਾ ਵੀ ਸ਼ਾਮਲ ਹੋਏ। ਇਨ੍ਹਾਂ ਵਲੋਂ ਗੁੰਡਾ ਟੈਕਸ ਅਤੇ ਗੈਰ ਕਾਨੂੰਨੀ ਮਾਈਨਿੰਗ ਆਦਿ ਦੇ ਮਾਮਲੇ 'ਤੇ ਤਿੱਖੀ ਸੁਰ ਅਪਣਾਉਂਦਿਆਂ ਇਸ ਵਿਚ ਅਫ਼ਸਰਸ਼ਾਹੀ ਦੀ ਮਿਲੀ ਭੁਗਤ ਦੀ ਵੀ ਗੱਲ ਆਖੀ ਅਤੇ ਹਰ ਤਰ੍ਹਾਂ ਦੇ ਮਾਫ਼ੀਏ ਨੂੰ ਸਖ਼ਤੀ ਨਾਲ ਖਤਮ ਕਰਨ 'ਤੇ ਜ਼ੋਰ ਦਿੱਤਾ। ਕੁੱਝ ਹੋਰ ਮੈਂਬਰਾਂ ਨੇ ਵੀ ਇਨ੍ਹਾਂ ਮੈਂਬਰਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਸੂਬੇ ਵਿਚ ਹਾਲੇ ਵੱਖ-ਵੱਖ ਤਰ੍ਹਾਂ ਦੇ ਮਾਫੀਏ ਬੰਦ ਨਹੀਂ ਹੋਏ।
ਮੀਟਿੰਗ ਵਿਚ ਸ਼ਾਮਲ ਵਿਧਾਇਕ ਤੇ ਪਾਰਟੀ ਦੇ ਬੁਲਾਰੇ ਡਾ. ਰਾਜ ਕੁਮਾਰ ਵੇਰਕਾ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਸੂਬੇ ਦੀ ਆਰਥਿਕਤਾ ਦੀ ਮਜ਼ਬੂਤੀ ਲਈ ਥੋੜ੍ਹੇ ਟੈਕਸ ਲਾਏ ਜਾ ਸਕਦੇ ਹਨ ਪਰ ਇਸ ਦੇ ਉਲਟ ਇਕ ਹੋਰ ਵਿਧਾਇਕ ਰਾਣਾ ਗੁਰਮੀਤ ਸੋਢੀ ਨੇ ਕਿਹਾ ਕਿ ਬਜਟ ਵਿਚ ਕੋਈ ਨਵਾਂ ਟੈਕਸ ਨਹੀਂ ਲਾਇਆ ਜਾਵੇਗਾ ਅਤੇ ਇਹ ਇਕ ਰਾਹਤ ਵਾਲਾ ਬਜਟ ਹੋਵੇਗਾ। ਇਸ ਨਾਲ ਟੈਕਸ ਦੇ ਮੁੱਦੇ 'ਤੇ ਮੈਂਬਰਾਂ ਦੇ ਮਤਭੇਦ ਸਪੱਸ਼ਟ ਹੋ ਗਏ। ਲਗਾਤਾਰ ਪੰਜ ਘੰਟੇ ਤੋਂ ਵੱਧ ਲੰਬੇ ਸਮੇਂ ਤੱਕ ਚੱਲੀ ਮੀਟਿੰਗ ਵਿਚ ਮੈਂਬਰਾਂ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਚੋਣ ਮੈਨੀਫੈਸਟੋ ਵਿਚ ਕੀਤੇ ਗਏ ਵਾਅਦੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣ। ਕਰਜ਼ਾ ਮੁਆਫ਼ੀ ਸਕੀਮ ਦੀਆਂ ਕਮੀਆਂ ਦੂਰ ਕਰਨ ਦੀ ਗੱਲ ਵੀ ਕਈ ਮੈਂਬਰਾਂ ਨੇ ਚੁੱਕੀ। ਜ਼ਿਕਰਯੋਗ ਹੈ ਕਿ ਅੱਜ ਦੀ ਮੀਟਿੰਗ ਵਿਚ ਪੰਜਾਬ ਦੇ ਪੂਰੇ ਜ਼ਿਲਿਆਂ ਦੇ ਕਾਂਗਰਸੀ ਵਿਧਾਇਕਾਂ ਦੇ ਵਿਚਾਰ ਸਮੇਂ ਦੀ ਕਮੀ ਕਾਰਨ ਨਹੀਂ ਸੁਣੇ ਜਾ ਸਕੇ ਅਤੇ ਬਾਕੀ ਰਹਿੰਦੇ ਮੈਂਬਰਾਂ ਨੂੰ 7 ਮਾਰਚ ਨੂੰ ਮੁੜ ਸੁਝਾਅ ਦੇਣ ਲਈ ਸੱਦਿਆ ਜਾਵੇਗਾ।
ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੈਂਬਰਾਂ ਦੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਨ ਤੋਂ ਬਾਅਦ ਕਈ ਅਹਿਮ ਐਲਾਨ ਵੀ ਕੀਤੇ ਗਏ ਹਨ। ਉਨ੍ਹਾਂ ਹਰ ਮਹੀਨੇ ਬੁਢਾਪਾ ਪੈਨਸ਼ਨ ਵੰਡਣ ਲਈ 12 ਕਰੋੜ ਰੁਪਏ ਜਾਰੀ ਕਰਨ ਤੇ ਨੌਜਵਾਨਾਂ ਨੂੰ ਇਸੇ ਸਾਲ ਵਿਚ ਕੀਤੇ ਚੋਣ ਵਾਅਦੇ ਅਨੁਸਾਰ ਮੋਬਾਇਲ ਵੰਡਣ ਦੀ ਵੀ ਗੱਲ ਆਖੀ। ਉਨ੍ਹਾਂ ਸਾਰੇ ਵਾਅਦੇ ਪੂਰੇ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਪਹਿਲੇ ਸਾਲ ਵਿਚ ਹੀ 150 ਵਾਅਦੇ ਪੂਰੇ ਕਰ ਦਿੱਤੇ ਗਏ ਹਨ ਤੇ ਬਾਕੀ ਵੀ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿਚ 17.5 ਲੱਖ ਕਿਸਾਨਾਂ ਵਿਚੋਂ 10.25 ਲੱਖ ਕਿਸਾਨਾਂ ਲਈ ਕਰਜ਼ੇ ਦਾ ਨਿਪਟਾਰਾ ਇਸ ਸਾਲ ਦੇ ਨਵੰਬਰ ਮਹੀਨੇ ਤੱਕ ਕਰ ਦਿੱਤਾ ਜਾਵੇਗਾ।
ਚੰਡੀਗੜ੍ਹ ਵਿਚ ਬੇਅੰਤ ਸਿੰਘ ਯਾਦਗਾਰ ਨੂੰ ਮੁਕੰਮਲ ਕਰਨ ਲਈ ਪੰਜ ਕਰੋੜ ਦੀ ਰਾਸ਼ੀ ਨੂੰ ਪ੍ਰਵਾਨਗੀ ਦੇਣ ਬਾਰੇ ਕੀਤੀ ਅਪੀਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਯੂ. ਟੀ. ਵਿਚ ਸਥਿਤ ਹੋਣ ਕਰਕੇ ਉਹ ਇਸ ਮਾਮਲੇ ਨੂੰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਕੋਲ ਉਠਾਉਣਗੇ। ਮੀਟਿੰਗ ਦੀ ਸ਼ੁਰੂਆਤ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਜਾਣ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਸੂਬੇ ਦੀ ਆਰਥਿਕ ਸਥਿਤੀ ਅਤੇ ਸਰਕਾਰ ਵਲੋਂ ਮਾਲੀ ਵਸੀਲੇ ਜੁਟਾਉਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਥਾਰ 'ਚ ਮੈਂਬਰਾਂ ਨੂੰ ਜਾਣਕਾਰੀ ਦਿੱਤੀ। ਵਿੱਤ ਮੰਤਰੀ ਨੇ ਦੱਸਿਆ ਕਿ ਪੀ. ਆਈ. ਡੀ. ਬੀ. ਨੇ ਚੱਲ ਰਹੇ ਵਿਕਾਸ ਕਾਰਜਾਂ ਲਈ 550 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਨੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਇਸ ਬਜਟ ਵਿਚ ਪਿੰਡਾਂ ਤੇ ਸ਼ਹਿਰਾਂ ਵਿਚ ਸਾਰੇ ਬਕਾਇਆ ਕੰਮਾਂ ਨੂੰ ਮੁਕੰਮਲ ਕਰਨ ਲਈ ਪੈਸਾ ਜਾਰੀ ਕਰ ਦਿੱਤਾ ਜਾਵੇਗਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਬਜਟ ਘੱਟ ਨਿਵੇਸ਼ ਪਰ ਵੱਧ ਪ੍ਰਭਾਵ ਵਾਲਾ ਹੋਣਾ ਚਾਹੀਦਾ ਹੈ। ਇਹ ਸਰਕਾਰ ਦੇ ਏਜੰਡੇ ਨੂੰ ਪੇਸ਼ ਕਰਦਾ ਤੇ ਚੋਣ ਮਨੋਰਥ ਪੱਤਰ ਵਿਚਲੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਇਕ ਖਾਕਾ ਹੋਣਾ ਚਾਹੀਦਾ ਹੈ। ਆਪੋ-ਆਪਣੇ ਹਲਕਿਆਂ ਦੇ ਵਿਕਾਸ ਲਈ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਵੱਖ-ਵੱਖ ਸੁਝਾਵਾਂ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਪਿਛਲੀ ਸਰਕਾਰ ਦੇ ਕਾਰਿਆਂ ਨੂੰ ਉਜਾਗਰ ਕਰਨ ਲਈ ਸਾਰੇ ਵਿਭਾਗਾਂ ਦੇ ਵਾਈਟ ਪੇਪਰ ਜਾਰੀ ਕਰਾਏ ਜਾਣ ਦਾ ਸੱਦਾ ਦਿੱਤਾ। ਇਸ ਦੌਰਾਨ ਐੱਮ. ਐੱਲ. ਏ. ਲੋਕਲ ਏਰੀਆ ਡਿਵੈਲਪਮੈਂਟ ਫੰਡ ਕਾਇਮ ਕਰਨ ਦਾ ਵਿਚਾਰ ਪੇਸ਼ ਕੀਤਾ ਗਿਆ। ਮੀਟਿੰਗ ਵਿਚ ਪਾਰਟੀ ਦੇ 72 ਵਿਧਾਇਕਾਂ ਤੋਂ ਇਲਾਵਾ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ ਅਤੇ ਰਾਜ ਮੰਤਰੀ ਅਰੁਣਾ ਚੌਧਰੀ, ਰਜ਼ੀਆ ਸੁਲਤਾਨਾ ਅਤੇ ਸੀਨੀਅਰ ਅਧਿਕਾਰੀਆਂ 'ਚ ਮੁੱਖ ਮੰਤਰੀ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿਚ ਮੌਜੂਦ ਰਹੇ।