ਕੋਰੋਨਾ ਨਾਲ ਲੜਨ ਦੀ ਬਜਾਏ ਆਪਸੀ ਲੜਾਈ ’ਚ ਉਲਝੀ ਕੈਪਟਨ ਸਰਕਾਰ : ਅਸ਼ਵਨੀ ਸ਼ਰਮਾ
Saturday, May 16, 2020 - 09:20 PM (IST)
ਪਠਾਨਕੋਟ, (ਆਦਿਤਿਆ)- ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਦੀ ਸ਼ਰਾਬ ਨੀਤੀ ਦੇ ਮੁੱਦੇ ਨੂੰ ਲੈ ਕੇ ਉਲਝੇ ਹੋਏ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਸਕੱਤਰ ਅਤੇ ਮੰਤਰੀਆਂ ਦੇ ਵਿਵਾਦ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਆਪਣੇ ਬੁਣੇ ਜਾਲ ’ਚ ਫਸ ਗਏ ਹਨ। ਪੰਜਾਬ ਸਰਕਾਰ ਵੱਲੋਂ ਬਣਾਈ ਸ਼ਰਾਬ ਨੀਤੀ ਨੂੰ ਸ਼ਰਾਬ ਦੇ ਠੇਕੇਦਾਰਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ, ਜਦਕਿ ਸਰਕਾਰ ਨੇ ਨਿਯਮ ਨਾ ਮੰਨਣ ਵਾਲੇ ਠੇਕੇਦਾਰਾਂ ਦਾ ਲਾਇਸੈਂਸ ਰੱਦ ਕਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਕਤੀ ਚਲਾਉਣ ’ਚ ਅਸਫਲ ਰਹੀ ਹੈ ਅਤੇ ਡਰੱਗ ਮਾਫੀਆ ਦੇ ਦਬਾਅ ਹੇਠ ਕੰਮ ਕਰ ਰਹੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ’ਚ ਸ਼ਰਾਬ ਦੇ ਠੇਕੇ ਖੋਲ੍ਹਣ ਦਾ ਦਬਾਅ ਮੁੱਖ ਸਕੱਤਰ ਵੱਲੋਂ ਪਾਇਆ ਜਾ ਰਿਹਾ ਹੈ, ਕਿਉਂਕਿ ਸੂਬੇ ’ਚ ਸ਼ਰਾਬ ਦੇ ਠੇਕੇ ਮੁੱਖ ਸਕੱਤਰ ਦੇ ਪੁੱਤਰ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਪੰਚਾਇਤ ਮੰਤਰੀ ਨੇ ਕਾਂਗਰਸੀ ਮੰਤਰੀ ’ਤੇ ਸ਼ਰਾਬ ਦੇ ਮੁੱਦੇ ’ਤੇ ਆਵਾਜ਼ ਬੁਲੰਦ ਕਰਨ ਲਈ ਉਸ ਕਾਂਗਰਸੀ ਆਗੂ ਨੂੰ ਡਰਾਉਣ ਧਮਕਾਉਣ ਦੇ ਦੋਸ਼ ਲਾਏ ਹਨ, ਜੋ ਕਿ ਬਹੁਤ ਸ਼ਰਮਨਾਕ ਕਾਰਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਸਰਕਾਰ ਦਾ ਮੁਖੀ ਹੋਣ ਦੇ ਨਾਤੇ ਆਪਣੇ ਦੋਸ਼ੀ ਮੰਤਰੀਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਸ਼ਰਮਾ ਨੇ ਕਿਹਾ ਕਿ ਪੰਜਾਬ ’ਚ 12 ਸ਼ਰਾਬ ਦੀਆਂ ਫੈਕਟਰੀਆਂ ਹਨ, ਜਿਨ੍ਹਾਂ ਦੇ ਸੀ. ਸੀ. ਟੀ. ਵੀ ਫੁਟੇਜ ’ਚ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਲਾਕਡਾਊਨ ਦੌਰਾਨ ਇਨ੍ਹਾਂ ’ਚੋਂ ਕਿੰਨੇ ਟਰੱਕ ਸ਼ਰਾਬ ਬਾਹਰ ਆਏ ਅਤੇ ਜੇਕਰ ਕੋਈ ਸ਼ਰਾਬ ਫੈਕਟਰੀ ਵੀਡੀਓ ਮੁਹੱਈਆ ਨਹੀਂ ਕਰਵਾਉਂਦੀ ਤਾਂ ਇਸ ਵਿਰੁੱਧ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਦਾ ਲਾਇਸੈਂਸ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਸਪੱਸ਼ਟ ਕਿ ਕਰਫਿਊ ਦੌਰਾਨ ਲੱਖਾਂ ਰੁਪਏ ਦੀ ਸ਼ਰਾਬ ਵਿਕ ਚੁੱਕੀ ਹੈ, ਇਸ ਤੋਂ ਇਹ ਸਾਫ ਹੈ ਕਿ ਇਸ ’ਚ ਸਰਕਾਰ ਦਾ ਹੱਥ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਸੀ. ਬੀ. ਆਈ. ਜਾਂਚ ਹੋਣੀ ਚਾਹੀਦੀ ਹੈ।