ਬਿਜਲੀ ਕੰਪਨੀਆਂ ਦੇ ਨਾਲ-ਨਾਲ ਖ਼ੁਦ ਵੀ ਰੱਜ ਕੇ ਲੁੱਟ ਰਹੀ ਹੈ ਕੈਪਟਨ ਸਰਕਾਰ : ਹਰਪਾਲ ਚੀਮਾ

Monday, Sep 06, 2021 - 07:34 PM (IST)

ਬਿਜਲੀ ਕੰਪਨੀਆਂ ਦੇ ਨਾਲ-ਨਾਲ ਖ਼ੁਦ ਵੀ ਰੱਜ ਕੇ ਲੁੱਟ ਰਹੀ ਹੈ ਕੈਪਟਨ ਸਰਕਾਰ : ਹਰਪਾਲ ਚੀਮਾ

ਚੰਡੀਗੜ੍ਹ (ਬਿਊਰੋ)-ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਵੱਲੋਂ ਬਿਜਲੀ ਬਿੱਲਾਂ ਉੱਪਰ ਵਸੂਲੇ ਜਾ ਰਹੇ ਸਿੱਧੇ 20 ਫ਼ੀਸਦੀ ਟੈਕਸ ’ਤੇ ਸਖ਼ਤ ਇਤਰਾਜ਼ ਕਰਦਿਆਂ ਕਿਹਾ ਕਿ ਸਿਰਫ਼ ਨਿੱਜੀ ਬਿਜਲੀ ਕੰਪਨੀਆਂ ਹੀ ਨਹੀਂ, ਖ਼ੁਦ ਸਰਕਾਰ ਵੀ ਬਿਜਲੀ ਖਪਤਕਾਰਾਂ ਦੀ ਅੰਨ੍ਹੀ ਲੁੱਟ ਕਰ ਰਹੀ ਹੈ। ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਜਲੀ ਖਪਤਕਾਰਾਂ ਕੋਲੋਂ ਟੈਕਸ ਵਸੂਲੀ ’ਚ ਸੱਤਾਧਾਰੀ ਕਾਂਗਰਸ ਸਰਕਾਰ ਸਾਰੀਆਂ ਹੱਦਾਂ ਟੱਪ ਚੁੱਕੀ ਹੈ। ਜਿਥੇ ਯੂ. ਟੀ. ਚੰਡੀਗੜ੍ਹ, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਸਰਕਾਰ ਬਿਜਲੀ ਬਿੱਲਾਂ ਉੱਤੇ ਇੱਕ ਤੋਂ ਲੈ ਕੇ 5 ਫ਼ੀਸਦੀ ਟੈਕਸ ਲੈ ਰਹੇ ਹਨ, ਉਥੇ ਹੀ ਪੰਜਾਬ ਸਰਕਾਰ ਵੱਲੋਂ ਵਸੂਲੇ ਜਾ ਰਹੇ ਕੁਲ ਬਿਜਲੀ ਟੈਕਸ 20 ਫ਼ੀਸਦੀ ਬਣਦੇ ਹਨ, ਜਿਨ੍ਹਾਂ ’ਚੋਂ 13 ਫ਼ੀਸਦੀ ਬਿਜਲੀ ਡਿਊਟੀ, 5 ਫ਼ੀਸਦੀ ਇਨਫ਼੍ਰਾ ਟੈਕਸ, 2 ਫ਼ੀਸਦੀ ਮਿਊਂਸੀਪਲ ਟੈਕਸ ਸ਼ਾਮਲ ਹਨ। ਇੰਨਾ ਹੀ ਨਹੀਂ, 2 ਪੈਸੇ ਪ੍ਰਤੀ ਯੂਨਿਟ ਗਊ ਟੈਕਸ ਇਸ ਤੋਂ ਵੱਖਰਾ ਹੈ, ਜਿਸ ਨਾਲ ਬਿਜਲੀ ਟੈਕਸ ਉਗਰਾਹੀ 20 ਫ਼ੀਸਦੀ ਤੋਂ ਵੀ ਟੱਪ ਗਈ ਹੈ।

ਇਹ ਵੀ ਪੜ੍ਹੋ : ਆਸਟ੍ਰੇਲੀਆ ’ਚ ਗੁੰਮ ਹੋਇਆ ਮਾਸੂਮ ਬੱਚਾ ਛੱਪੜ ’ਚੋਂ ਮਿਲਿਆ, ਪਰਿਵਾਰ ਨੇ ਜਾਰੀ ਕੀਤਾ ਬਿਆਨ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਮਾਤਰਾ ’ਚ ਪੰਜਾਬ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਕੋਲੋਂ ਟੈਕਸ ਵਸੂਲਿਆ ਜਾ ਰਿਹਾ ਹੈ, ਉਸ ਹਿਸਾਬ ਨਾਲ ਖੇਤੀ ਖੇਤਰ ਅਤੇ ਗਰੀਬ ਵਰਗ ਨੂੰ ਮਿਲ ਰਹੀ ਬਿਜਲੀ ਸਬਸਿਡੀ ਦਾ ਲੱਗਭਗ ਅੱਧਾ (45 ਫ਼ੀਸਦੀ) ਤਾਂ  ਲੋਕਾਂ ਦੀਆਂ ਜੇਬਾਂ ’ਚੋਂ ਹੀ ਕੱਢਿਆ ਜਾ ਰਿਹਾ ਹੈ, ਜੋ ਬਿਜਲੀ ਸਬਸਿਡੀ ਦੇ ਨਾਂ ’ਤੇ ਕਿਸਾਨਾਂ, ਦਲਿਤਾਂ ਅਤੇ ਬਾਕੀ ਸਾਰੇ ਬਿਜਲੀ ਖਪਤਕਾਰਾਂ ਨਾਲ ਧੋਖ਼ਾ ਹੈ। ਚੀਮਾ ਨੇ ਸਰਕਾਰ ਕੋਲੋਂ ਗਊ ਮਾਤਾ ਦੇ ਨਾਂ ’ਤੇ ਹੋ ਰਹੀ ਉਗਰਾਹੀ ਦਾ ਵੀ ਹਿਸਾਬ ਮੰਗਿਆ ਅਤੇ ਸਵਾਲ ਕੀਤਾ ਕਿ ਇੱਕ ਪਾਸੇ ਗਊਆਂ ਦੀ ਸੇਵਾ ਸੰਭਾਲ ਲਈ ਲੋਕਾਂ ਕੋਲੋਂ ਟੈਕਸ ਵਸੂਲੇ ਜਾ ਰਹੇ ਹਨ, ਫਿਰ ਲੱਖਾਂ ਦੀ ਗਿਣਤੀ ’ਚ ਗਊਆਂ ਸ਼ਹਿਰਾਂ-ਪਿੰਡਾਂ ’ਚ ਆਵਾਰਾ ਕਿਉਂ ਰੁਲ਼ ਰਹੀਆਂ ਹਨ ? ਨਤੀਜੇ ਵਜੋਂ ਹਰ ਰੋਜ਼ ਸੜਕ ਦੁਰਘਟਨਾਵਾਂ ’ਚ ਲੋਕਾਂ ਦੇ ਜਾਨ-ਮਾਲ ਦਾ ਨੁਕਸਾਨ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਪੰਜਾਬ ਦੇ ਖ਼ਜ਼ਾਨੇ ਅਤੇ ਲੋਕਾਂ ਦੀਆਂ ਜੇਬਾਂ ਨੂੰ ਉਦੋਂ ਤੱਕ ਸੁੱਖ ਦਾ ਸਾਹ ਨਹੀਂ ਆਉਣਾ, ਜਦੋਂ ਤੱਕ ਨਿੱਜੀ ਬਿਜਲੀ ਕੰਪਨੀਆਂ ਨਾਲ ਬਾਦਲਾਂ ਦੇ ਰਾਜ ’ਚ ਹੋਏ ਮਹਿੰਗੇ ਅਤੇ ਮਾਰੂ ਸਮਝੌਤੇ ਰੱਦ ਨਹੀਂ ਹੁੰਦੇ। ਚੀਮਾ ਮੁਤਾਬਕ ਬਾਦਲਾਂ ਵਾਂਗ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੀ ਨਿੱਜੀ ਬਿਜਲੀ ਕੰਪਨੀਆਂ ਨਾਲ ਹੋਏ ਮਾਰੂ ਸਮਝੌਤੇ ਰੱਦ ਕਰਨ ਤੋਂ ਭੱਜ ਰਹੀ ਹੈ ਕਿਉਂਕਿ ਨਿੱਜੀ ਬਿਜਲੀ ਕੰਪਨੀਆਂ ਤੋਂ ਮੋਟਾ ਕਮਿਸ਼ਨ ਮਿਲ ਰਿਹਾ ਹੈ। ਚੀਮਾ ਨੇ ਮੰਗ ਕੀਤੀ ਕਿ ਜਿੰਨਾ ਚਿਰ ਬਿਜਲੀ ਸਮਝੌਤੇ ਰੱਦ ਨਹੀਂ ਹੁੰਦੇ, ਪੰਜਾਬ ਸਰਕਾਰ ਬਿਜਲੀ ਟੈਕਸ ’ਚ ਛੋਟ ਦੇ ਕੇ ਲੋਕਾਂ ਨੂੰ ਥੋੜ੍ਹੀ-ਬਹੁਤ ਰਾਹਤ ਤਾਂ ਦੇ ਹੀ ਸਕਦੀ ਹੈ। ਚੀਮਾ ਨੇ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਨਾ ਸਿਰਫ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕੀਤੇ ਜਾਣਗੇ, ਸਗੋਂ ਅੰਨ੍ਹੇ ਬਿਜਲੀ ਟੈਕਸਾਂ ਦੀਆਂ ਦਰਾਂ ਵੀ ਦਿੱਲੀ ਵਾਂਗ ਘਟਾਈਆਂ ਜਾਣਗੀਆਂ।
 


author

Manoj

Content Editor

Related News