ਪੰਜਾਬ ਦੇ ਨੌਜਵਾਨਾਂ ਲਈ ਖੁਸ਼ਖਬਰੀ, ਦੀਵਾਲੀ ਤੱਕ ਮਿਲ ਜਾਣਗੇ ਕੈਪਟਨ ਦੇ ''ਸਮਾਰਟ ਫੋਨ''

08/19/2017 12:21:23 PM

ਮੁੱਲਾਂਪੁਰ ਦਾਖਾ (ਸੰਜੀਵ) : ਕੈਪਟਨ ਸਰਕਾਰ ਵੱਲੋਂ ਦੀਵਾਲੀ ਤੋਂ ਪਹਿਲਾਂ ਨੌਜਵਾਨਾਂ ਨੂੰ ਸਮਾਰਟ ਫੋਨ ਦੇ ਕੇ ਚੋਣਾਂ ਤੋਂ ਪਹਿਲਾਂ ਕੀਤਾ ਵਾਅਦਾ ਪੂਰਾ ਕਰ ਦਿੱਤਾ ਜਾਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਰਵਨੀਤ ਸਿੰਘ ਬਿੱਟੂ ਮੈਂਬਰ ਲੋਕ ਸਭਾ ਲੁਧਿਆਣਾ ਨੇ ਅੱਜ ਪਿੰਡ ਬੱਦੋਵਾਲ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਜ਼ਿਲਾ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ, ਮੇਜਰ ਸਿੰਘ ਭੈਣੀ, ਮਨਜੀਤ ਸਿੰਘ ਹੰਬੜਾਂ, ਕੁਲਦੀਪ ਸਿੰਘ ਅਤੇ ਮੇਜਰ ਸਿੰਘ ਵੀ ਹਾਜ਼ਰ ਸਨ। ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੀ. ਐੱਸ. ਟੀ. ਲਾਗੂ ਕੀਤੇ ਜਾਣ ਦਾ ਪੰਜਾਬ ਦੇ ਖਜ਼ਾਨੇ ਨੂੰ ਲਾਭ ਹੋਵੇਗਾ। ਨਸ਼ਿਆਂ ਸਬੰਧੀ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐੱਸ. ਟੀ. ਐੱਫ. ਅਤੇ ਸਿਹਤ ਮਹਿਕਮੇ ਨਾਲ ਮਿਲ ਕੇ ਪਿੰਡਾਂ ਅੰਦਰ ਡਿਸਪੈਂਸਰੀਆਂ ਵਿਚ ਨਸ਼ਾ ਛੁਡਾਉਣ ਲਈ ਦਵਾਈ ਦਾ ਪ੍ਰਬੰਧ ਕੀਤਾ ਜਾ ਰਿਹਾ ਅਤੇ ਕਾਂਗਰਸ ਵੱਲੋਂ ਵਾਲੰਟੀਅਰਾਂ ਦੀ ਟੀਮ ਤਿਆਰ ਕੀਤੀ ਜਾ ਰਹੀ ਹੈ, ਜੋ ਕਿ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਪ੍ਰੇਰਿਤ ਕਰ ਕੇ ਨਸ਼ਾ ਛੱਡਣ ਲਈ ਤਿਆਰ ਕਰੇਗੀ।  ਕਿਸਾਨਾਂ ਦੇ ਕਰਜ਼ੇ ਦੀ ਗੱਲ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕੇਂਦਰੀ ਵਿੱਤ ਮੰਤਰੀ ਤੋਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਪੈਸੇ ਦੀ ਮੰਗ ਕੀਤੀ ਗਈ ਹੈ। ਜੇਕਰ ਕੇਂਦਰ ਸਰਕਾਰ ਤੋਂ ਪੈਸੇ ਨਹੀਂ ਮਿਲਦੇ ਤਾਂ ਪੰਜਾਬ ਸਰਕਾਰ ਆਪਣੇ ਪੱਧਰ 'ਤੇ ਪੈਸੇ ਦਾ ਪ੍ਰਬੰਧ ਕਰ ਕੇ ਕਰਜ਼ੇ ਮੁਆਫ ਕਰੇਗੀ।