‘ਕੈਪਟਨ ਵਲੋਂ ਪ੍ਰਧਾਨ ਮੰਤਰੀ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ’

01/06/2021 10:22:30 PM

ਚੰਡੀਗੜ੍ਹ/ਜਲੰਧਰ, (ਅਸ਼ਵਨੀ, ਧਵਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਵਿੱਚ ਕੁਝ ਵੀ ਗਲਤ ਨਹੀਂ ਹੈ, ਇਸ ਲਈ ਸਮੱਸਿਆ ਨਾਲ ਨਿਪਟਣ ਹਿੱਤ ਖੇਤੀ ਕਾਨੂੰਨਾਂ ਨੂੰ ਤੁਰੰਤ ਹੀ ਰੱਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਸਾਡੇ ਬਿੱਲ ਰਾਸ਼ਟਰਪਤੀ ਨੂੰ ਮਨਜ਼ੂਰੀ ਲਈ ਭੇਜਣੇ ਚਾਹੀਦੇ ਸਨ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ। ਮੁੱਖ ਮੰਤਰੀ ਨੇ ਸਾਫ਼ ਕੀਤਾ ਕਿ ਪੰਜਾਬ ਵਲੋਂ ਨਵੇਂ ਕਾਨੂੰਨਾਂ ਦੁਆਰਾ ਆਪਣੇ ਕਿਸਾਨਾਂ ਦੀ ਜ਼ਿੰਦਗੀ ਨੂੰ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਅਸੀਂ ਜੋ ਵੀ ਸੰਭਵ ਹੋਇਆ ਕਰਾਂਗੇ ਅਤੇ ਸਰਕਾਰ ਨੇ ਕਿਸਾਨਾਂ ਲਈ ਦੋ ਹੈਲਪਲਾਈਨਾਂ ਵੀ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ’ਤੇ ਉਹ ਕਿਸੇ ਵੀ ਸੰਕਟ ਸਮੇਂ ਸੰਪਰਕ ਕਰ ਸਕਦੇ ਹਨ।

ਪ੍ਰਧਾਨ ਮੰਤਰੀ ਨੂੰ ਇਹ ਖੇਤੀਬਾੜੀ ਕਾਨੂੰਨ ਵਾਪਸ ਲੈਣ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਅਪੀਲ ਕਰਦਿਆਂ ਕੈ. ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੇ ਆਪਣਾ ਰੁਖ਼ ਬਿਲਕੁਲ ਸਪੱਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ। ਇਹ ਭਾਰਤ ਸਰਕਾਰ ਦਾ ਕੰਮ ਹੈ ਕਿ ਉਹ ਕਿਸਾਨਾਂ ਦੀ ਆਵਾਜ਼ ਸੁਣੇ। ਉਨ੍ਹਾਂ ਕਿਹਾ ਕਿ ਸੰਵਿਧਾਨ ਵਿਚ ਕਈ ਵਾਰ ਸੋਧ ਕੀਤੀ ਜਾ ਚੁੱਕੀ ਹੈ ਅਤੇ ਹਾਲ ਹੀ ਵਿਚ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਇਹ ਸੋਧ ਫਿਰ ਕੀਤੀ ਜਾ ਸਕਦੀ ਹੈ।

ਕੈਪਟਨ ਨੇ ਕਿਹਾ ਕਿ 6-7 ਮੀਟਿੰਗਾਂ ਤੋਂ ਬਾਅਦ ਹੁਣ ਸਮਾਂ ਆ ਗਿਆ ਹੈ ਕਿ ਕਿਸਾਨਾਂ ਨਾਲ ਇਹ ਮਸਲਾ ਸੁਲਝਾ ਲਿਆ ਜਾਵੇ ਤਾਂ ਜੋ ਠੰਡ ਅਤੇ ਮੀਂਹ ਦੇ ਮੌਸਮ ਦਾ ਸਾਹਮਣਾ ਕਰ ਰਹੇ ਕਿਸਾਨ ਵਾਪਸ ਜਾ ਕੇ ਆਪਣੀਆਂ ਰੋਜ਼ਮਰਾ ਦੀਆਂ ਜ਼ਿੰਮੇਵਾਰੀਆਂ ਨਿਭਾਅ ਸਕਣ।


Bharat Thapa

Content Editor

Related News