ਪੁਲਸ ਰਾਹੀਂ ਕਿਸਾਨ ਆਗੂਆਂ ’ਤੇ ਦਬਾਅ ਬਣਾ ਕੇ ਅੰਦੋਲਨ ਨੂੰ ਦਬਾਉਣਾ ਚਾਹੁੰਦੇ ਹਨ ਕੈਪਟਨ : ਮਾਨ

01/08/2021 12:33:20 AM

ਚੰਡੀਗੜ੍ਹ, (ਰਮਨਜੀਤ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਸ਼ੁਰੂ ਤੋਂ ਹੀ ਕਾਲੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਹਨ, ਕਿਸਾਨ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਨੇ ਹੁਣ ਅੰਦੋਲਨ ਨੂੰ ਦਬਾਉਣ ਲਈ ਨਵਾਂ ਤਰੀਕਾ ਲੱਭਿਆ ਹੈ। ਉਹ ਪੁਲਸ ਅਧਿਕਾਰੀਆਂ ਨੂੰ ਕਿਸਾਨ ਨੇਤਾਵਾਂ ’ਤੇ ਦਬਾਅ ਪੁਆਕੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਦੋਸ਼ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਲਾਇਆ ਹੈ।

ਮਾਨ ਨੇ ਕਿਹਾ ਕਿ ਕੈਪਟਨ ਨੇ ਆਪਣੇ ਬੇਟੇ ਨੂੰ ਈ. ਡੀ. ਤੋਂ ਬਚਾਉਣ ਲਈ ਕੇਂਦਰ ਨਾਲ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦਾ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸਾਫ਼ ਹੋ ਗਿਆ ਹੈ ਕਿ ਕੈਪਟਨ ਦੀ ਨੀਤੀ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਵਾਲੀ ਹੈ। ਮਾਨ ਨੇ ਕਿਹਾ ਕਿ ਅਮਿਤ ਸ਼ਾਹ ਨਾਲ ਮੀਟਿੰਗ ਤੋਂ ਬਾਅਦ ਕੈਪਟਨ ਨੇ ਕਿਸਾਨਾਂ ਅੰਦੋਲਨ ਨੂੰ ਦਬਾਉਣ ਵਾਲੇ ਕਈ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿਸਾਨ ਅੰਦੋਲਨ ਨੂੰ ਤਿਤਰ-ਬਿਤਰ ਕਰਨ ਦੀ ਨੀਅਤ ਤੋਂ ਕਾਂਗਰਸ ਸੰਸਦ ਮੈਂਬਰ ਪਹਿਲਾਂ ਜੰਤਰ ਮੰਤਰ ’ਤੇ ਧਰਨੇ ’ਤੇ ਬੈਠੇ ਫਿਰ ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਨੇ ਕਿਸਾਨ ਨੇਤਾਵਾਂ ਖਿਲਾਫ ਬਿਆਨਬਾਜ਼ੀ ਕੀਤੀ ਅਤੇ ਹੁਣ ਉਹ ਅੰਦੋਲਨ ਨੂੰ ਦਬਾਉਣ ਲਈ ਕਿਸਾਨ ਨੇਤਾਵਾਂ ’ਤੇ ਪੁਲਸ ਅਧਿਕਾਰੀਆਂ ਤੋਂ ਦਬਾਅ ਪੁਆ ਰਹੇ ਹਨ।

ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਪਹਿਲਾਂ ਉਹ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਉੱਚ ਪੱਧਰੀ ਕਮੇਟੀ ਬਣਾਈ ਅਤੇ ਹੁਣ ਅੰਦੋਲਨ ਨੂੰ ਦਬਾਉਣ ਲਈ ਪੁਲਸ ਅਧਿਕਾਰੀਆਂ ਵਲੋਂ ਕਿਸਾਨ ਨੇਤਾਵਾਂ ’ਤੇ ਦਬਾਅ ਪਾ ਰਹੇ ਹਨ।

ਮਾਨ ਨੇ ਕਿਹਾ ਕਿ ਲੋਕਾਂ ਨਾਲ ਵਿਸ਼ਵਾਸਘਾਤ ਕਰਨ ਵਾਲੇ ਕੈਪਟਨ ਨੂੰ ਹੁਣ ਇੱਕ ਮਿੰਟ ਵੀ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਨੂੰ ਤੁਰੰਤ ਅਸਤੀਫਾ ਦੇ ਕੇ ਕੁਰਸੀ ਪੰਜਾਬ ਦੇ ਲੋਕਾਂ ਨੂੰ ਸੌਂਪ ਦੇਣੀ ਚਾਹੀਦੀ ਹੈ।

Bharat Thapa

This news is Content Editor Bharat Thapa