ਅੰਦੋਲਨ ਦੌਰਾਨ ਨਿਗਮ ਚੋਣਾਂ ਕਰਵਾ ਕੈਪਟਨ ਸੰਘਰਸ਼ ਨੂੰ ਤਾਰਪੀਡੋ ਕਰਨਾ ਚਾਹੁੰਦੈ : ਢੀਂਡਸਾ
Sunday, Jan 24, 2021 - 12:32 AM (IST)
ਮੋਹਾਲੀ,(ਮਰਵਾਹਾ)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਕੀਤੀ ਗਈ। ਮੀਟਿੰਗ ਵਿਚ ਕਿਸਾਨ ਅੰਦੋਲਨ ਨੂੰ ਬਜ਼ੁਰਗਾਂ, ਨੌਜਵਾਨਾਂ ਅਤੇ ਬੀਬੀਆਂ ਦੇ ਆਪਸੀ ਤਾਲਮੇਲ ਨਾਲ ਚਲਾਉਣ ਵਾਲੀਆਂ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਦੀ ਸ਼ਲਾਘਾ ਕਰਦਿਆਂ ਪਾਰਟੀ ਦੇ ਸਾਰੇ ਪ੍ਰਮੁੱਖ ਆਗੂਆਂ ਨੇ ਕਿਹਾ ਕਿ ਕਿਸਾਨਾਂ ਅਤੇ ਜਥੇਬੰਦੀਆਂ ਦਾ ਆਪਸੀ ਤਾਲਮੇਲ ਬਹੁਤ ਹੀ ਬਿਹਤਰ ਹੈ, ਜਿਸ ਕਾਰਣ ਹੁਣ ਤਕ ਕਿਸਾਨ ਅੰਦੋਲਨ ਸਿਖਰ ’ਤੇ ਪਹੁੰਚ ਗਿਆ ਹੈ। ਪਾਰਟੀ ਨੇ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਚ 26 ਜਨਵਰੀ ਦੇ ਕੱਢੇ ਜਾ ਰਹੇ ਟਰੈਕਟਰ ਮਾਰਚ ਵਿਚ ਆਪਣੇ ਆਗੂਆਂ ਅਤੇ ਵਰਕਰਾਂ ਨੂੰ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨ ਅੰਦੋਲਨ ਦੌਰਾਨ ਚੋਣਾਂ ਨਹੀ ਸੀ ਕਰਵਾਉਣੀਆਂ ਚਾਹੀਦੀਆਂ ਪਰ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀ ਹਮਾਇਤ ਦਾ ਵਿਖਾਵਾ ਕਰਦੇ ਹਨ ਅਤੇ ਚੋਣਾਂ ਕਰਵਾਉਣ ਵਾਲੀ ਕਾਰਵਾਈ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਜਦੋਂ ਇਸ ਸਮੇਂ ਪੰਜਾਬ ਦਾ ਬੱਚਾ-ਬੱਚਾ ਕਿਸਾਨ ਅੰਦੋਲਨ ਵਿਚ ਸ਼ਾਮਲ ਹੈ ਤਾਂ ਇਸ ਮੌਕੇ ਚੋਣਾਂ ਕਰਵਾ ਕੇ ਪੰਜਾਬ ਦੇ ਲੋਕਾਂ ਦਾ ਧਿਆਨ ਵੰਡਣਾ ਕੈਪਟਨ ਸਰਕਾਰ ਦਾ ਸਾਜਿਸ਼ੀ ਵਤੀਰਾ ਹੈ।