ਅਗਲੇ ਚਾਰ ਮਹੀਨਿਆਂ ਤੱਕ ਸਭ ਅਹਿਮ ਮੁੱਦਿਆਂ ਨੂੰ ਹੱਲ ਕਰਨਗੇ ਕੈਪਟਨ, ਬਲਿਊ ਪ੍ਰਿੰਟ ਤਿਆਰ
Saturday, Jul 31, 2021 - 12:24 PM (IST)
ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਤੂਬਰ-ਨਵੰਬਰ ਤੱਕ ਸੂਬੇ ਨਾਲ ਸਬੰਧਤ ਸਭ ਅਹਿਮ ਮੁੱਦਿਆਂ ਨੂੰ ਹੱਲ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿਚ ਕਿਸਾਨਾਂ, ਧਾਰਮਿਕ ਗ੍ਰੰਥਾਂ ਦੀ ਬੇਅਦਬੀ, ਮਾਫੀਆ ਰਾਜ ਨੂੰ ਖਤਮ ਕਰਨਾ ਆਦਿ ਅਹਿਮ ਮੁੱਦੇ ਸ਼ਾਮਲ ਹਨ। ਇਨ੍ਹਾਂ ਨੂੰ ਲੈ ਕੇ ਸਮੇਂ-ਸਮੇਂ ’ਤੇ ਸਿਆਸੀ ਹਾਲਤ ਵਿਚ ਉਬਾਲ ਆਉਂਦਾ ਰਿਹਾ ਹੈ। ਦਲਿਤਾਂ ਨੂੰ ਲੈ ਕੇ ਕੈਪਟਨ ਨੇ ਇਕ ਦਿਨ ਪਹਿਲਾਂ ਹੀ ਇਤਿਹਾਸਕ ਕਦਮ ਚੁੱਕ ਲਿਆ ਹੈ। ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਨੇ ਦੱਸਿਆ ਕਿ ਕੈਪਟਨ ਨੇ ਅਗਸਤ, ਸਤੰਬਰ, ਅਕਤੂਬਰ ਅਤੇ ਨਵੰਬਰ ਦੇ 4 ਮਹੀਨਿਆਂ ਨੂੰ ਲੈ ਕੇ ਸਰਕਾਰੀ ਐਕਸ਼ਨ ਪਲਾਨ ਦਾ ਬਲਿਊ ਪ੍ਰਿੰਟ ਤਿਆਰ ਕੀਤਾ ਹੋਇਆ ਹੈ। ਇਸ ’ਤੇ ਅਮਲ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਨੂੰ ਮੁੱਖ ਮੰਤਰੀ ਪੂਰੀ ਤਰ੍ਹਾਂ ਐਕਟਿਵ ਮੋਡ ’ਤੇ ਲੈ ਕੇ ਆ ਗਏ ਹਨ।
ਇਹ ਵੀ ਪੜ੍ਹੋ : ਵਿਰੋਧੀ ਧਿਰ ਦੀ ਦਲਿਤ ਨੂੰ ਉੱਪ-ਮੁੱਖ ਮੰਤਰੀ ਬਣਾਉਣ ਦੀ ਚਾਲ ਨੂੰ ਫੇਲ ਕੀਤਾ ਕੈਪਟਨ ਨੇ
ਸੂਤਰਾਂ ਨੇ ਦੱਸਿਆ ਕਿ ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਐੱਸ. ਆਈ. ਟੀ. ਪਹਿਲਾਂ ਹੀ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ’ਚ ਤੇਜ਼ੀ ਨਾਲ ਜਾਂਚ ਕਰ ਰਹੀ ਹੈ। ਮੰਨਿਆ ਜਾਂਦਾ ਹੈ ਕਿ ਐੱਸ. ਆਈ. ਟੀ. ਵੱਲੋਂ ਆਪਣੀ ਜਾਂਚ ਮੁਕੰਮਲ ਕਰਨ ਪਿੱਛੋਂ ਰਿਪੋਰਟ ਨੂੰ ਅਗਲੇ ਕੁਝ ਮਹੀਨਿਆਂ ਵਿਚ ਅੰਤਿਮ ਰੂਪ ਦੇ ਦਿੱਤਾ ਜਾਏਗਾ। ਸੂਤਰਾਂ ਨੇ ਕਿਹਾ ਕਿ ਇਸ ਬਲਿਊ ਪ੍ਰਿੰਟ ’ਤੇ ਕਾਰਵਾਈ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਦੇ ਚੁੱਕੇ ਹਨ। ਉਹ ਖੁਦ ਇਨ੍ਹਾਂ ਸਭ ਮੁੱਦਿਆਂ ’ਤੇ ਨਜ਼ਰ ਰੱਖ ਰਹੇ ਹਨ ਤਾਂ ਕਿ ਇਕ ਸਮਾਂਬੱਧ ਸਮੇਂ ਵਿਚ ਉਨ੍ਹਾਂ ਨੂੰ ਹੱਲ ਕੀਤਾ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਚਾਹੁੰਦੇ ਹਨ ਕਿ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਹੀ ਇਨ੍ਹਾਂ ਸਭ ਮੁੱਦਿਆਂ ਨੂੰ ਹੱਲ ਕੀਤਾ ਜਾਏ ਤਾਂ ਜੋ ਵਿਰੋਧੀ ਪਾਰਟੀ ਜਾਂ ਕਾਂਗਰਸ ਪਾਰਟੀ ਅੰਦਰ ਕਿਸੇ ਵੀ ਨੇਤਾ ਨੂੰ ਅਜਿਹੇ ਨਾਜ਼ੁਕ ਮੁੱਦਿਆਂ ਨੂੰ ਉਠਾਉਣ ਦਾ ਮੌਕਾ ਨਾ ਮਿਲੇ। ਕੁੱਲ ਮਿਲਾ ਕੇ ਆਉਣ ਵਾਲੇ ਮਹੀਨਿਆਂ ਵਿਚ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਰਹੇਗੀ। ਬੇਅਦਬੀ ਦਾ ਮਾਮਲਾ ਸਭ ਤੋਂ ਨਾਜ਼ੁਕ ਹੈ, ਜੋ ਮਾਲਵਾ ਖੇਤਰ ਵਿਚ ਹੋਟਲਾਂ ਨੂੰ ਪ੍ਰਭਾਵਿਤ ਕਰਨ ਵਾਲਾ ਹੈ। ਇਸੇ ਤਰ੍ਹਾਂ ਮਾਫੀਆ ਰਾਜ ਨੂੰ ਖਤਮ ਕਰਨ ਲਈ ਹੋਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਟਰਾਂਸਪੋਰਟ ਮਾਫੀਆ ਨੂੰ ਵੀ ਸਰਕਾਰ ਖਤਮ ਕਰੇਗੀ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਲੈ ਕੇ ਵੱਡੇ ਫੈਸਲੇ ਲੈਣ ਲਈ ਤਿਆਰ ਕੈਪਟਨ ਸਰਕਾਰ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ