ਕੈਪਟਨ ਅਮਰਿੰਦਰ ਨੇ ਰਾਜਪਾਲ ਤੇ ਹਿਮਾਚਲ ਦੇ ਮੁੱਖ ਮੰਤਰੀ ਨਾਲ ਕੀਤੀ ਰਸਮੀ ਮੁਲਾਕਾਤ

09/21/2019 1:52:40 AM

ਜਲੰਧਰ,(ਧਵਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਬਦਨੌਰ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨਾਲ ਰਸਮੀ ਮੁਲਾਕਾਤ ਕੀਤੀ। ਦੋਵੇਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਸਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਹਿਮਾਚਲ ਤੇ ਹੋਰ ਸੂਬਿਆਂ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਆਪਸੀ ਗੱਲਬਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਜੈਰਾਮ ਠਾਕੁਰ ਨਾਲ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਸਾਂਝੇ ਵਿਕਾਸ ਪ੍ਰਾਜੈਕਟਾਂ ਨੂੰ ਲੈ ਕੇ ਵੀ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਪ੍ਰਾਜੈਕਟਾਂ ਨੂੰ ਲੈ ਕੇ ਐੱਮ. ਓ. ਯੂ. 'ਤੇ ਹਸਤਾਖਰ ਹੋਏ ਸਨ। ਕੁਝ ਪ੍ਰਾਜੈਕਟ ਨੈਨਾ ਦੇਵੀ ਦੇ ਨਾਲ ਵੀ ਜੁੜੇ ਹੋਏ ਹਨ।

ਮੁੱਖ ਮੰਤਰੀ ਨੇ ਰਾਜਪਾਲ ਬਦਨੌਰ ਨੂੰ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਜਾਣਕਾਰੀ ਦਿੱਤੀ। ਉਨ੍ਹਾਂ ਰਾਜਪਾਲ ਨੂੰ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਆਪਕ ਤਿਆਰੀਆਂ ਵਿਚ ਜੁਟੀ ਹੋਈ ਹੈ ਤੇ ਇਸ ਮੌਕੇ 'ਤੇ ਦੇਸ਼ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਪੰਜਾਬੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧ ਰੱਖਦੇ ਅਸਥਾਨਾਂ ਦੇ ਦਰਸ਼ਨ ਕਰਨ ਲਈ ਪੰਜਾਬ ਆਉਣਾ ਹੈ। ਉਨ੍ਹਾਂ ਰਾਜਪਾਲ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਸ੍ਰੀ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਹਨ, ਜਿਨ੍ਹਾਂ ਨੂੰ ਹਰ ਹਾਲ ਵਿਚ 30 ਅਕਤੂਬਰ ਤੱਕ ਪੂਰਾ ਕਰ ਲਿਆ ਜਾਵੇਗਾ। ਮੁੱਖ ਮੰਤਰੀ ਨੇ ਜੈਰਾਮ ਠਾਕੁਰ ਨੂੰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਸਮਾਰੋਹਾਂ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ।