ਕੈਪਟਨ ਨੇ 550ਵੇਂ ਪ੍ਰਕਾਸ਼ ਪੁਰਬ ''ਤੇ 550 ਕੈਦੀ ਰਿਹਾਅ ਕਰਨ ਦਾ ਕੀਤਾ ਐਲਾਨ
Sunday, Sep 29, 2019 - 01:23 AM (IST)

ਚੰਡੀਗੜ੍ਹ,(ਅਸ਼ਵਨੀ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਮੁਲਕ 'ਚ 9 ਸਿੱਖ ਕੈਦੀਆਂ ਨੂੰ ਵਿਸ਼ੇਸ਼ ਮੁਆਫੀ ਦੇਣ ਬਾਰੇ ਸੂਬਾ ਸਰਕਾਰ ਦੇ ਪ੍ਰਸਤਾਵ ਨੂੰ ਪ੍ਰਵਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਾਨਵਤਾਵਾਦੀ ਸਨੇਹ ਵਜੋਂ 550 ਕੈਦੀਆਂ ਨੂੰ ਰਿਹਾਅ ਕਰਨ ਲਈ ਆਪਣੀ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਟਾਡਾ ਅਧੀਨ ਕੈਦੀ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਤੇ ਇਨ੍ਹਾਂ ਦੀ ਰਿਹਾਈ ਪੰਜਾਬ ਜਾਂ ਮੁਲਕ ਦੀ ਅਮਨ-ਸ਼ਾਂਤੀ ਤੇ ਸੁਰੱਖਿਆ ਲਈ ਹਾਨੀਕਾਰਕ ਨਹੀਂ ਹੈ, ਦੀ ਰਿਹਾਈ ਲਈ ਸੂਬੇ ਦੀ ਤਜਵੀਜ਼ ਨੂੰ ਪ੍ਰਵਾਨ ਕਰਨ ਸਬੰਧੀ ਕੇਂਦਰ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ। 14 ਸਤੰਬਰ 2019 ਨੂੰ ਇਕ ਪੱਤਰ ਰਾਹੀਂ ਮੁੱਖ ਮੰਤਰੀ ਨੇ ਸ਼ਾਹ ਨੂੰ ਮਨੁੱਖੀ ਆਧਾਰ 'ਤੇ ਸਨੇਹਪੂਰਨ ਕਦਮ ਵਜੋਂ ਸੂਬਾ ਸਰਕਾਰ ਦੇ ਰਸਮੀ ਪ੍ਰਸਤਾਵ ਨੂੰ ਪ੍ਰਵਾਨ ਕਰਨ ਦੀ ਅਪੀਲ ਕੀਤੀ ਸੀ।