ਕੈਪਟਨ ਨੇ ਪਾਣੀ ਦੇ ਮੁੱਦੇ ''ਤੇ 23 ਨੂੰ ਸੱਦੀ ਸਰਬ ਪਾਰਟੀ ਮੀਟਿੰਗ

01/17/2020 11:52:45 PM

ਚੰਡੀਗੜ੍ਹ,(ਭੁੱਲਰ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਤੇਜ਼ੀ ਨਾਲ ਘਟ ਰਹੇ ਜਲ ਵਸੀਲਿਆਂ ਦੇ ਮੱਦੇਨਜ਼ਰ ਪਾਣੀ ਦੀ ਨਾਜ਼ੁਕ ਸਥਿਤੀ ਨਾਲ ਨਿਪਟਣ ਲਈ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ 23 ਜਨਵਰੀ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਦਨ ਦੇ 2-ਦਿਨਾ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਹ ਆਪਣੀ ਸਰਕਾਰ ਵਲੋਂ ਪੇਸ਼ ਕੀਤੇ 'ਪੰਜਾਬ ਜਲ ਸਰੋਤ (ਪ੍ਰਬੰਧਨ ਅਤੇ ਵਿਨਿਯਮ) ਬਿਲ-2020' ਉਪਰ ਹੋਈ ਵਿਚਾਰ-ਚਰਚਾ ਵਿਚ ਹਿੱਸਾ ਲੈ ਰਹੇ ਸਨ। ਉਨ੍ਹਾਂ ਦੱਸਿਆ ਕਿ ਮੀਟਿੰਗ ਦਾ ਸੱਦਾ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ 'ਚ ਐੱਸ. ਵਾਈ. ਐੱਲ. ਮੁੱਦਾ, ਉਦਯੋਗਿਕ ਅਤੇ ਘਰੇਲੂ ਰਹਿੰਦ-ਖੂੰਹਦ ਕਾਰਣ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ 'ਚ ਆਈ ਕਮੀ ਅਤੇ ਪ੍ਰਦੂਸ਼ਣ ਵਰਗੇ ਪਾਣੀ ਨਾਲ ਸਬੰਧਤ ਸਾਰੇ ਸੂਬਾਈ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਹ ਵਿਚਾਰ ਵਟਾਂਦਰਾਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਇਕ ਵਿਸਥਾਰਤ ਰਣਨੀਤੀ ਤਿਆਰ ਕਰਨ ਸਬੰਧੀ ਸਹਿਮਤੀ ਪ੍ਰਾਪਤ ਕਰਨ ਲਈ ਕੀਤਾ ਜਾਵੇਗਾ।


Related News