ਖਾੜੀ ਦੇਸ਼ਾਂ ''ਚ ਵਸੇ 10 ਮਿਲੀਅਨ ਭਾਰਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਕੇਂਦਰ ਸਰਕਾਰ : ਕੈਪਟਨ
Thursday, Jan 09, 2020 - 01:40 AM (IST)
ਜਲੰਧਰ,(ਧਵਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਤੋਂ ਖਾੜੀ ਦੇਸ਼ਾਂ ਵਿਚ ਵਸੇ 10 ਮਿਲੀਅਨ ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਭਾਰੀ ਚਿੰਤਾ ਜਤਾਈ ਹੈ। ਈਰਾਨ ਦੀਆਂ ਮਿਜ਼ਾਈਲਾਂ ਵਲੋਂ ਅਮਰੀਕੀ ਬੇਸ 'ਤੇ ਹਮਲਾ ਕਰਨ ਦੀਆਂ ਆ ਰਹੀਆਂ ਤਾਜ਼ਾ ਖਬਰਾਂ ਦਰਮਿਆਨ ਮੁੱਖ ਮੰਤਰੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਟਵੀਟ ਕਰਦਿਆਂ ਕਿਹਾ ਕਿ ਖਾੜੀ ਦੇਸ਼ਾਂ ਵਿਚ ਵਸੇ ਭਾਰਤੀ ਇਸ ਜੰਗ ਕਾਰਣ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਸ ਜੰਗ ਦਾ ਫੈਲਾਅ ਹੁਣ ਦੱਖਣੀ ਖੇਤਰ ਵਲ ਹੋ ਸਕਦਾ ਹੈ, ਜਿਥੇ ਵੱਡੀ ਗਿਣਤੀ ਵਿਚ ਭਾਰਤੀ ਵੱਸੇ ਹੋਏ ਹਨ। ਉਨ੍ਹਾਂ ਦੱਸਿਆ ਕਿ ਖਾੜੀ ਦੇਸ਼ਾਂ 'ਚ ਜੋ ਹਾਲਾਤ ਪੈਦਾ ਹੋ ਗਏ ਹਨ, ਉਹ ਚਿੰਤਾਜਨਕ ਹਨ ਤੇ ਭਾਰਤੀ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਤੁਰੰਤ ਇਸ ਮਾਮਲੇ ਵਿਚ ਖਾੜੀ ਦੇਸ਼ਾਂ ਦੀਆਂ ਸਰਕਾਰਾਂ ਨਾਲ ਗੱਲਬਾਤ ਕਰ ਕੇ ਭਾਰਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਭਾਰਤ ਨੂੰ ਇਸ ਹਾਲਾਤ ਵਿਚ ਚੁੱਪ ਹੋ ਕੇ ਬੈਠਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਖਾੜੀ ਦੇਸ਼ਾਂ ਵਿਚ ਭਾਰਤੀ ਦੂਤਘਰਾਂ ਨੂੰ ਸੁਚੇਤ ਕਰ ਦੇਣਾ ਚਾਹੀਦਾ ਹੈ ਤਾਂ ਜੋ ਉਥੇ ਵਸੇ ਭਾਰਤੀਆਂ ਨਾਲ ਤਾਲਮੇਲ ਬਣਾ ਕੇ ਚੱਲਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਲੋਂ ਖਾੜੀ ਦੇਸ਼ਾਂ ਵਿਚ ਵਸੇ ਭਾਰਤੀਆਂ ਨਾਲ ਪੂਰਾ ਤਾਲਮੇਲ ਰੱਖੇਗੀ ਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਉਪਲੱਬਧ ਕਰਵਾਏਗੀ।