ਮੁੱਖ ਮੰਤਰੀ ਨੇ ਪ੍ਰਵਾਸੀ ਕਾਮਿਆਂ ਦੇ ਸੰਕਟ ਲਈ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

Sunday, May 17, 2020 - 10:58 PM (IST)

ਚੰਡੀਗੜ੍ਹ,(ਅਸ਼ਵਨੀ)- ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਕਾਂਗਰਸ ਪਾਰਟੀ ਵਲੋਂ ਅਪਣਾਈ ਜਾ ਰਹੀ ਮਾਨਵਤਾਵਾਦੀ ਪਹੁੰਚ ਦੀ ਕੇਂਦਰੀ ਵਿੱਤ ਮੰਤਰੀ ਵਲੋਂ ਨਿਖੇਧੀ ਕਰਨ 'ਤੇ ਸਖ਼ਤ ਇਤਰਾਜ਼ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਸੀਆਂ ਦੇ ਸੰਕਟ ਨੂੰ ਹੋਰ ਡੂੰਘਾ ਧੱਕਣ ਅਤੇ ਅਜਿਹੇ ਗੰਭੀਰ ਮੁੱਦੇ ਦੇ ਸਿਆਸੀਕਰਨ ਲਈ ਕੇਂਦਰ ਅਤੇ ਸੂਬਿਆਂ 'ਚ ਭਾਜਪਾ ਦੀਆਂ ਸਰਕਾਰਾਂ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਸਮੇਤ ਸਮੁੱਚੀ ਪਾਰਟੀ ਸੰਕਟ ਦੀ ਇਸ ਘੜੀ 'ਚ ਪ੍ਰਵਾਸੀ ਕਾਮਿਆਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੀ ਆਪਣੀ ਸਰਕਾਰ 16 ਮਈ ਤੱਕ 178909 ਪ੍ਰਵਾਸੀਆਂ ਨੂੰ ਉਨ੍ਹਾਂ ਦੇ ਪਿੱਤਰੀ ਸੂਬਿਆਂ 'ਚ ਭੇਜਣ ਲਈ 149 ਰੇਲ ਗੱਡੀਆਂ ਦਾ ਪ੍ਰਬੰਧ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਭੇਜਣ ਲਈ ਪੰਜਾਬ 'ਚ ਇਹ ਯਤਨ ਅਜੇ ਵੀ ਜਾਰੀ ਹੈ। ਨਿਰਮਲਾ ਸੀਤਾਰਮਨ ਵਲੋਂ ਕੀਤੀ ਬੇਤੁਕੀ ਟਿੱਪਣੀ ਕਿ ਸੋਨੀਆ ਗਾਂਧੀ ਨੂੰ ਪ੍ਰਵਾਸੀ ਕਾਮਿਆਂ ਦੀ ਮਦਦ ਲਈ ਆਪਣੇ ਮੁੱਖ ਮੰਤਰੀਆਂ ਨੂੰ ਕਹਿਣਾ ਚਾਹੀਦਾ ਹੈ, ਉਪਰ ਸਖ਼ਤ ਪ੍ਰਤੀਕਰਮ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਇਸ ਮੁੱਦੇ ਸਮੇਤ ਲਾਕਡਾਊਨ ਤੇ ਕੋਵਿਡ ਨਾਲ ਸਬੰਧਤ ਹੋਰ ਮਾਮਲਿਆਂ 'ਤੇ ਪਾਰਟੀ ਦੇ ਮੁੱਖ ਮੰਤਰੀਆਂ ਨਾਲ ਨਿਰੰਤਰ ਵਿਚਾਰ-ਵਟਾਂਦਰਾ ਕੀਤਾ।

ਕੈਪਟਨ ਅਮਰਿੰਦਰ ਨੇ ਨਿਰਮਲਾ ਸੀਤਾਰਮਨ ਦੀ ਉਸ ਟਿੱਪਣੀ ਨੂੰ ਵੀ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਅਣਉਚਿਤ ਕਰਾਰ ਦਿੱਤਾ ਹੈ, ਜਿਸ 'ਚ ਵਿੱਤ ਮੰਤਰੀ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਨੂੰ ਪ੍ਰਵਾਸੀ ਮਜ਼ਦੂਰਾਂ ਨੂੰ ਮਿਲਣ ਮੌਕੇ ਉਨ੍ਹਾਂ ਦੇ ਨਾਲ ਹੀ ਚੱਲਣਾ ਚਾਹੀਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਦੀ ਸਾਰ ਲੈਣ ਲਈ ਸੜਕਾਂ 'ਤੇ ਉਤਰੇ ਰਾਹੁਲ ਗਾਂਧੀ 'ਤੇ ਤੰਜ ਕਸਣ ਦੀ ਬਜਾਏ ਨਿਰਮਲਾ ਸੀਤਾਰਮਨ ਨੂੰ ਭਾਜਪਾ ਦੀ ਅਗਵਾਈ ਵਾਲੀ ਉੱਤਰ ਪ੍ਰਦੇਸ਼ ਸਰਕਾਰ ਨਾਲ ਗੱਲ ਕਰਕੇ ਪ੍ਰਿਅੰਕਾ ਗਾਂਧੀ ਵਲੋਂ ਪ੍ਰਵਾਸੀਆਂ ਨੂੰ ਲਿਆਉਣ ਲਈ ਬੱਸਾਂ ਨੂੰ ਪ੍ਰਵੇਸ਼ ਕਰਨ ਦੀ ਆਗਿਆ ਦਿਵਾਉਣੀ ਚਾਹੀਦੀ ਹੈ ਕਿਉਂਕਿ ਜੋ ਯੂ.ਪੀ. ਪ੍ਰਸ਼ਾਸਨ ਵਲੋਂ ਇਨ੍ਹਾਂ ਬੱਸਾਂ ਨੂੰ ਪ੍ਰਵੇਸ਼ ਕਰਨ ਦੀ ਆਗਿਆ ਨਾ ਦੇਣ ਕਰਨ ਕਰਕੇ ਇਹ ਬੱਸਾਂ ਦਿੱਲੀ-ਯੂ.ਪੀ. ਸਰਹੱਦ 'ਤੇ ਰੁਕੀਆਂ ਹੋਈਆਂ ਹਨ। ਨਿਰਮਲਾ ਦਾ ਟਿੱਪਣੀ ਨੂੰ ਬੇਸਵਾਦੀ ਅਤੇ ਸਾਫ਼ ਤੌਰ 'ਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਕੈਪਟਨ ਨੇ ਕਿਹਾ ਕਿ ਦੇਸ਼ ਦੇ ਵਿੱਤ ਮੰਤਰੀ ਨੂੰ ਅਜਿਹਾ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਹਰੇਕ ਕਾਂਗਰਸੀ ਮੁੱਖ ਮੰਤਰੀ, ਆਗੂ ਅਤੇ ਵਰਕਰ ਇਹ ਸੁਨਿਸ਼ਚਤ ਕਰਨ ਲੱਗਾ ਹੈ ਕਿ ਪ੍ਰਵਾਸੀ ਮਜ਼ਦੂਰਾਂ ਦੀ ਇਸ ਦੁੱਖ ਦੀ ਘੜੀ 'ਚ ਹਰ ਸੰਭਵ ਮਦਦ ਕੀਤੀ ਜਾਵੇ, ਜਦੋਂ ਕੇਂਦਰ ਸਰਕਾਰ ਨੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੀ ਰਹਿਮੋ-ਕਰਮ 'ਤੇ ਛੱਡਿਆ ਹੋਇਆ ਹੈ।
 


Deepak Kumar

Content Editor

Related News