ਕੈਪਟਨ ਨੇ 10 ਕਰੋੜ ਤੱਕ ਦੇ ਪ੍ਰਾਜੈਕਟਾਂ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਪਾਵਰ

07/12/2019 10:37:18 PM

ਚੰਡੀਗੜ੍ਹ/ਜਲੰਧਰ,(ਅਸ਼ਵਨੀ, ਧਵਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰਾਜੈਕਟਾਂ ਨੂੰ ਆਜ਼ਾਦਾਨਾ ਤੌਰ 'ਤੇ ਪ੍ਰਵਾਨਗੀ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ ਦੇਣ ਲਈ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਨਲਾਈਨ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾ ਕੇ ਵਪਾਰ ਨੂੰ ਹੱਲਾਸ਼ੇਰੀ ਦੇਣ ਲਈ ਹੋਰ ਪ੍ਰਮੁੱਖ ਕਦਮ ਚੁੱਕੇ ਹਨ। ਵੱਖ-ਵੱਖ ਪ੍ਰੋਗਰਾਮਾਂ ਤੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਦੇ ਨਾਲ ਮੁੱਖ ਮੰਤਰੀ ਨੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਜਿਸ ਵਿਚ ਪ੍ਰਣਾਲੀ ਨੂੰ ਹੋਰ ਲੋਕ ਪੱਖੀ ਅਤੇ ਵਧੇਰੇ ਸੁਰੱਖਿਅਤ ਬਣਾ ਕੇ ਇਨ੍ਹਾਂ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿਚਲੇ ਪਾੜੇ ਨੂੰ ਭਰਨ ਲਈ ਰੂਪ–ਰੇਖਾ ਤਿਆਰ ਕੀਤੀ।
ਜੇਲਾਂ ਦੀ ਸੁਰੱਖਿਆ, ਨਸ਼ਿਆਂ, ਜਲ ਪ੍ਰਬੰਧਨ, ਸਿੱਖਿਆ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਬਾਰੇ ਮੀਟਿੰਗ ਵਿਚ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਸੂਬੇ ਵਿਚ ਨਿਵੇਸ਼ ਦੇ ਸਬੰਧ ਵਿਚ ਤਸੱਲੀ ਦਾ ਪ੍ਰਗਟਾਵਾ ਕੀਤਾ, ਕਿਉਂਕਿ ਹੁਣ ਤੱਕ 50 ਹਜ਼ਾਰ ਕਰੋੜ ਤੱਕ ਦੇ ਪ੍ਰਾਜੈਕਟ ਪਹਿਲਾਂ ਹੀ ਜ਼ਮੀਨੀ ਪੱਧਰ 'ਤੇ ਆ ਗਏ ਹਨ। ਮੁੱਖ ਮੰਤਰੀ ਨੇ ਨਸ਼ਾ ਮੁਕਤ ਹੋਣ ਵਾਲੇ ਪਿੰਡਾਂ ਅਤੇ ਨਸ਼ਿਆਂ ਵਿਚ ਫਸੇ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬਾ ਪ੍ਰਦਾਨ ਕਰਾਉਣ ਲਈ ਇਕੱਠੇ ਹੋ ਕੇ ਕੰਮ ਕਰਨ ਵਾਲਿਆਂ ਵਾਸਤੇ ਲਾਭ ਦੇਣ ਦੇ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ। ਨਸ਼ਿਆਂ ਦੇ ਮਾਮਲੇ ਵਿਚ ਮੁਕਤੀ ਦਰ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਉਨ੍ਹਾਂ ਨੇ ਮੁਕੱਦਮਾ ਚਲਾਉਣ ਦੀ ਪ੍ਰਕਿਰਿਆ 'ਤੇ ਹੋਰ ਜ਼ੋਰ ਦੇਣ ਦਾ ਸੱਦਾ ਦਿੱਤਾ ਤਾਂ ਜੋ ਨਸ਼ਿਆਂ ਦੇ ਸਮੱਗਲਰ ਸੌਖੇ ਢੰਗ ਨਾਲ ਜ਼ਮਾਨਤ ਪ੍ਰਾਪਤ ਨਾ ਕਰ ਸਕਣ।

ਕੈਪਟਨ ਅਮਰਿੰਦਰ ਸਿੰਘ ਨੇ ਜੇਲਾਂ ਦੀ ਨਿਯਮਿਤ ਆਧਾਰ 'ਤੇ ਨਿੱਜੀ ਜਾਂਚ ਲਈ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਕੈਦੀਆਂ ਦੀ ਭਲਾਈ ਯਕੀਨੀ ਬਣਾਈ ਜਾ ਸਕੇ। ਸੂਬੇ ਵਿਚ ਪਾਣੀ ਦੀ ਨਾਜ਼ੁਕ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੀ ਬਰਬਾਦੀ ਨੂੰ ਰੋਕਣ ਅਤੇ ਇਸ ਸਬੰਧ ਵਿਚ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਆਖਿਆ। ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਜ਼ਿਲੇ ਵਿਚ ਜਲ ਸੰਭਾਲ ਅਤੇ ਮੀਂਹ ਦੇ ਪਾਣੀ ਦੀ ਸੰਭਾਲ ਲਈ ਯੋਜਨਾ ਤਿਆਰ ਕਰਨ ਵਾਸਤੇ ਨਿਰਦੇਸ਼ ਦਿੱਤੇ। ਉਨ੍ਹਾਂ ਇਨ੍ਹਾਂ ਕਾਰਜਾਂ ਨੂੰ ਬਿਨਾਂ ਅੜਚਨ ਚਲਾਉਣ ਨੂੰ ਯਕੀਨੀ ਬਣਾਉਣ ਲਈ ਅੰਤਰ-ਵਿਭਾਗੀ ਤਾਲਮੇਲ ਕਰਨ ਵਾਸਤੇ ਆਖਿਆ। ਮੁੱਖ ਮੰਤਰੀ ਨੇ ਮੀਂਹ ਦੇ ਪਾਣੀ ਦੀ ਸਟੋਰੇਜ ਲਈ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ 'ਤੇ ਨਿਯਮਿਤ ਨਿਗਰਾਨੀ ਰੱਖਣ ਲਈ ਵੀ ਡਿਪਟੀ ਕਮਿਸ਼ਨਰਾਂ ਨੂੰ ਆਖਿਆ। ਉਨ੍ਹਾਂ ਪਾਣੀ ਦੀ ਘੱਟ ਵਰਤੋਂ ਵਾਲੀਆਂ ਫ਼ਸਲਾਂ ਅਤੇ ਫ਼ਸਲੀ ਤਕਨੀਕਾਂ ਨੂੰ ਹੱਲਾਸ਼ੇਰੀ ਦੇਣ ਵਾਸਤੇ ਕਦਮ ਚੁੱਕਣ ਲਈ ਵੀ ਕਿਹਾ। ਸਰਕਾਰ ਵੱਲੋਂ ਸੂਬੇ ਭਰ ਵਿਚ ਸ਼ੁਰੂ ਕੀਤੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲੈਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਘਰ ਪੱਧਰ 'ਤੇ ਕੂੜਾ-ਕਰਕਟ ਅੱਡ ਕਰਨ ਦੀ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਤਾਂ ਜੋ ਸੁੱਕੇ ਅਤੇ ਗਿੱਲੇ ਕੂੜੇ ਨੂੰ ਇਕੱਠਾ ਕਰ ਕੇ ਇਸ ਦਾ ਵੱਖਰੇ-ਵੱਖਰੇ ਤੌਰ 'ਤੇ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।


Related News