ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਵਿਭਾਗਾਂ ਨੂੰ ਦਿੱਤੇ ਨਿਰਦੇਸ਼

Saturday, Aug 10, 2019 - 11:54 PM (IST)

ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਵਿਭਾਗਾਂ ਨੂੰ ਦਿੱਤੇ ਨਿਰਦੇਸ਼

ਜਲੰਧਰ,(ਧਵਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਬੇਰੁਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ। ਮੁੱਖ ਮੰਤਰੀ ਨੇ ਟਵੀਟ ਕਰ ਕੇ ਕਿਹਾ ਕਿ ਅਗਲੇ ਮਹੀਨੇ ਸਤੰਬਰ 'ਚ ਪੂਰੇ ਸੂਬੇ 'ਚ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਏਗਾ ਜਿਸ ਅਧੀਨ 2 ਲੱਖ ਤੋਂ ਵੱਧ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ ਤਾਂ ਜੋ ਉਥੇ ਬੇਰੁਜ਼ਗਾਰ ਨੌਜਵਾਨਾਂ ਨੂੰ ਕੰਮ ਕਰਨ ਦਾ ਮੌਕਾ ਮਿਲ ਸਕੇ। ਕੈਪਟਨ ਨੇ ਕਿਹਾ ਕਿ ਸਰਕਾਰ ਘਰ ਘਰ ਰੁਜ਼ਗਾਰ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਉਦਯੋਗ ਵਿਭਾਗ ਅਤੇ ਹੋਰ ਸਬੰਧਤ ਸਭ ਸਰਕਾਰੀ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਜਿਥੇ ਇਕ ਪਾਸੇ ਵੱਖ ਵੱਖ ਵਿਭਾਗਾਂ 'ਚ ਖਾਲੀ ਪਏ ਅਹੁਦਿਆਂ ਨੂੰ ਭਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕਰ ਚੁੱਕੀ ਹੈ, ਉਥੇ ਦੂਜੇ ਪਾਸੇ ਪ੍ਰਾਈਵੇਟ ਅਤੇ ਅਰਧ ਸਰਕਾਰੀ ਖੇਤਰਾਂ 'ਚ ਵੀ ਬੇਰੁਜ਼ਗਾਰ ਨੌਜਵਾਨਾਂ ਲਈ ਘਰ -ਘਰ ਰੁਜ਼ਗਾਰ ਸਕੀਮ ਅਧੀਨ 2 ਲੱਖ ਨਵੇਂ ਮੌਕੇ ਮੁਹੱਈਆ ਕਰਵਾਏਗੀ। ਇਥੇ ਪੜ੍ਹੇ ਲਿਖੇ ਨੌਜਵਾਨ ਾਂ ਲਈ ਇਕ ਨਵਾਂ ਰਾਹ ਖੁੱਲ੍ਹੇਗਾ।

ਸਰਕਾਰੀ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰੀ ਅਧਿਕਾਰੀਆਂ ਕੋਲੋਂ ਨਵੇਂ ਅੰਕੜੇ ਮੰਗਵਾਏ ਜਾ ਰਹੇ ਹਨ। ਇਨ੍ਹਾਂ 'ਚ ਇਹ ਪੁੱਛਿਆ ਜਾਂਦਾ ਹੈ ਕਿ ਹਰ ਰੋਜ਼ ਕਿੰਨੇ ਨੌਜਵਾਨਾਂ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਅੰਕੜਿਆਂ ਤੋਂ ਉਤਸ਼ਾਹਿਤ ਹੋਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਹੁਦਿਆਂ 'ਤੇ ਨਿਯੁਕਤ ਕਰਨ । ਅਗਲੇ ਮਹੀਨੇ ਹੋਣ ਵਾਲੇ ਸੂਬਾ ਪੱਧਰੀ ਰੋਜ਼ਗਾਰ ਮੇਲੇ 'ਤੇ ਮੁੱਖ ਮੰਤਰੀ ਨੇ ਖੁਦ ਹੀ ਨਜ਼ਰ ਰੱਖਣ ਦਾ ਫੈਸਲਾ ਕੀਤਾ ਹੈ।


Related News