ਕੈਪਟਨ ਨੇ ਸਰਕਾਰੀ ਕਰਮਚਾਰੀਆਂ ਦੇ ਮਸਲਿਆਂ ਦਾ ਲਿਆ ਜਾਇਜ਼ਾ

05/05/2019 1:18:22 AM

ਜਲੰਧਰ,(ਧਵਨ) : ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਉੇਚ ਅਧਿਕਾਰੀਆਂ ਨਾਲ ਬੈਠਕ ਕਰ ਕੇ ਸਰਕਾਰੀ ਕਰਮਚਾਰੀਆਂ ਨਾਲ ਸੰਬੰਧਤ ਮਸਲਿਆਂ ਦਾ ਜਾਇਜ਼ਾ ਲਿਆ। ਉੇਨ੍ਹਾਂ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ 'ਚ ਬਣੀ ਕੈਬਨਿਟ ਸਬ ਕਮੇਟੀ ਨੂੰ 27 ਮਈ ਨੂੰ ਕਰਮਚਾਰੀਆਂ ਦੇ ਪ੍ਰਤੀਨਿਧੀਆਂ ਨਾਲ ਬੈਠਕ ਕਰਨ ਲਈ ਕਿਹਾ ਤਾਂ ਜੋ ਇਨ੍ਹਾਂ ਮਸਲਿਆਂ ਦਾ ਹੱਲ ਜਲਦੀ ਤੋਂ ਜਲਦੀ ਕੱਢਿਆ ਜਾ ਸਕੇ। ਸਰਕਾਰੀ ਬੁਲਾਰਿਆਂ ਨੇ ਦੱਸਿਆ ਕਿ ਭਾਵੇਂ ਚੋਣਾਂ ਕਾਰਨ ਆਦਰਸ਼ ਚੋਣ ਜ਼ਾਬਤੇ ਨੂੰ ਦੇਖਦੇ ਹੋਏ ਸਰਕਾਰ ਕੋਈ ਫੈਸਲਾ ਨਹੀਂ ਲੈ ਸਕਦੀ ਪਰ ਇਹ ਮਹਿਸੂਸ ਕੀਤਾ ਗਿਆ ਕਿ ਪੈਂਡਿੰਗ ਮਸਲਿਆਂ ਦੇ ਹੱਲ ਲਈ ਚੋਣ ਨਤੀਜਿਆਂ ਦਾ ਐਲਾਨ ਹੋਣ ਤੋਂ ਬਾਅਦ ਇਹ ਬੈਠਕ ਕੀਤੀ ਜਾਣੀ ਚਾਹੀਦੀ ਹੈ।

ਸਰਕਾਰੀ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਜ਼ਾਹਰ ਕਰਦੇ ਹੋਏ ਮੁਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਕੈਬਨਿਟ ਸਬ ਕਮੇਟੀ ਇਸ ਬਾਰੇ 'ਚ ਜਲਦੀ ਫੈਸਲੇ ਲੈਣਗੇ ਤੇ ਕਰਮਚਾਰੀਆਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ। ਬੁਲਾਰਿਆਂ ਨੇ ਦੱਸਿਆ ਕਿ ਸੂਬਾ ਸਰਕਾਰ ਕਰਮਚਾਰੀਆਂ ਦੀ ਸਾਰੇ ਵਰਗਾਂ ਦੀ ਸਰਬਪੱਖੀ ਭਲਾਈ ਨੂੰ ਯਕੀਨੀ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਵੀ ਮੰਨਣਾ ਹੈ ਕਿ ਸਰਕਾਰੀ ਨੀਤੀਆਂ ਤੇ ਏਜੰਡੇ ਨੂੰ ਵਿਵਹਾਰਿਕ ਰੂਪ ਦੇਣ ਲਈ ਕਰਮਚਾਰੀਆਂ ਦੇ ਯੋਗਦਾਨ ਦੀ ਅਣਦੇਖੀ ਨਹੀਂ ਕੀਤੀ ਜਾ ਸਕਦੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਹਿਲਾਂ ਹੀ 7 ਫੀਸਦੀ ਮਹਿੰਗਾਈ ਭੱਤਾ ਜਾਰੀ ਕਰ ਚੁੱਕੀ ਹੈ ਜਦ ਕਿ ਕਰਮਚਾਰੀਆਂ ਦੀਆਂ ਹੋਰ ਪ੍ਰਮੁਖ ਮੰਗਾਂ ਵਿੱਤ ਤੇ ਪਰਸੋਨਲ ਵਿਭਾਗ ਦੇ ਵਿਚਾਰ ਅਧੀਨ ਹਨ।