ਕੈਪਟਨ ਨੇ ਕੇਂਦਰ ਅੱਗੇ ਦੁਬਾਰਾ ਰੱਖੀ GST ਬਕਾਇਆ ਦੇਣ ਦੀ ਮੰਗ

04/03/2020 1:19:40 AM

ਜਲੰਧਰ,(ਧਵਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੂਬੇ 'ਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਆਪਣੇ ਵੱਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਕੈਪਟਨ ਨੇ ਸੋਨੀਆ ਗਾਂਧੀ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਇਸ ਸਬੰਧੀ ਜਾਣਕਾਰੀ ਦਿੱਤੀ।

ਕੈਪਟਨ ਨੇ ਅੱਜ ਦੁਬਾਰਾ ਦੁਹਰਾਇਆ ਕਿ ਕੋਵਿਡ-19 ਨਾਲ ਨਜਿੱਠਣ ਲਈ ਕੇਂਦਰ ਨੂੰ ਤੁਰੰਤ ਜੀ.ਐੱਸ.ਟੀ. ਦਾ ਬਕਾਇਆ ਪੰਜਾਬ ਨੂੰ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੀ.ਐੱਸ.ਟੀ. ਦਾ ਬਕਾਇਆ ਨਾ ਮਿਲਣ ਕਾਰਨ ਸਰਕਾਰ ਸਾਹਮਣੇ ਕਈ ਤਰ੍ਹਾਂ ਦੀਆਂ ਆਰਥਿਕ ਚੁਣੌਤੀਆਂ ਖੜ੍ਹੀਆਂ ਹਨ ਪਰ ਇਸ ਦੇ ਬਾਵਜੂਦ ਸਰਕਾਰ ਨੇ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਸੋਨੀਆ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜੀ.ਐੱਸ.ਟੀ. ਦੇ ਬਕਾਏ ਦੇ ਰੂਪ 'ਚ 6752. 83 ਕਰੋੜ ਰੁਪਏ ਦੀ ਰਕਮ ਤੁਰੰਤ ਰਿਲੀਜ਼ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਟੈਸਟਿੰਗ ਸਹੂਲਤਾਂ ਦਾ ਕੇਂਦਰ ਸਰਕਾਰ ਨੂੰ ਵਿਸਥਾਰ ਕਰਨਾ ਚਾਹੀਦਾ ਹੈ। ਵਧ ਤੋਂ ਵਧ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੀ ਮਦਦ ਇਸ ਸਬੰਧੀ ਕੇਂਦਰ ਸਰਕਾਰ ਨੂੰ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਸੋਨੀਆ ਨੂੰ ਦੱਸਿਆ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬਿਆਂ 'ਚ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਉਦਯੋਗਾਂ ਨੂੰ ਕੋਰੋਨਾ ਵਾਇਰਸ ਦੀ ਸਥਿਤੀ 'ਚ ਸੋਸ਼ਲ ਡਿਸਟੈਂਸਿੰਗ ਅਤੇ ਹੋਰ ਨਿਯਮਾਂ ਦੀ ਪਾਲਣਾ ਕਰਦੇ ਹੋਏ ਉਦਯੋਗ ਚਲਾਉਣ ਦੀ ਛੋਟ ਦਿੱਤੀ ਹੈ। ਉਦਯੋਗਪਤੀਆਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਪ੍ਰਵਾਸੀ ਮਜ਼ਦੂਰਾਂ ਲਈ ਖਾਣੇ ਅਤੇ ਰਿਹਾਇਸ਼ ਦਾ ਵੀ ਪ੍ਰਬੰਧ ਕਰਨ। ਕੈਪਟਨ ਨੇ ਸੋਨੀਆ ਤੋਂ ਇਲਾਵਾ ਕਾਂਗਰਸ ਕਾਰਜ ਕਮੇਟੀ ਨੂੰ ਵੀ ਸੂਬੇ 'ਚ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਕਦਮਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਸੂਬੇ 'ਚ ਕਿਸਾਨਾਂ ਨੂੰ ਕਣਕ ਵੇਚਣ 'ਚ ਕੋਈ ਪਰੇਸ਼ਾਨੀ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਵਿੱਤ ਮੰਤਰਾਲਾ ਕੋਲੋਂ 26064.32 ਕਰੋੜ ਦੀ ਸੀ. ਸੀ. ਐੱਲ. ਜਾਰੀ ਕਰਨ ਦੀ ਮਨਜ਼ੂਰੀ ਵੀ ਮੰਗ ਲਈ ਹੈ। ਸੂਬੇ ਦੀਆਂ ਸਾਰੀ ਮੰਡੀਆਂ 'ਚ ਸੋਸ਼ਲ ਡਿਸਟੈਂਸਿੰਗ 'ਚ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਜਾਵੇਗਾ ਅਤੇ ਕਰਫਿਊ ਦੇ ਬਾਵਜੂਦ ਮੰਡੀਆਂ 'ਚ ਕਿਸਾਨਾਂ ਨੂੰ ਆਉਣ-ਜਾਣ ਦੀ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ।


Deepak Kumar

Content Editor

Related News