ਮੁੱਖ ਮੰਤਰੀ ਸ਼ਰਾਬ ਸਮੱਗਲਰਾਂ ਨੂੰ ਕਾਬੂ ਕਰਨ ’ਚ ਨਾਕਾਮ ਰਹੇ : ਚੀਮਾ
Saturday, Dec 12, 2020 - 12:38 AM (IST)
ਚੰਡੀਗੜ੍ਹ,(ਰਮਨਜੀਤ)-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਪੰਜਾਬ ਵਿਚ ਕਾਂਗਰਸੀ ਆਗੂਆਂ ਵਲੋਂ ਚਲਾਈਆਂ ਜਾ ਰਹੀਆਂ ਨਜਾਇਜ਼ ਸ਼ਰਾਬ ਦੀਆਂ ਫ਼ੈਕਟਰੀਆਂ ਤੋਂ ਜਾਣੂ ਕਰਵਾਉਂਦੇ ਹੋਏ ਕਾਰਵਾਈ ਕਰਨ ਦੀ ਮੰਗ ਕੀਤੀ। ਸ਼ੁੱਕਰਵਾਰ ਨੂੰ ਲਿਖੇ ਪੱਤਰ ਦੇ ਨਾਲ-ਨਾਲ ਚੀਮਾ ਨੇ ਇਸ ਸਬੰਧੀ ਪੰਜਾਬ ਦੇ ਰਾਜਪਾਲ ਤੋਂ ਮਿਲਣ ਦਾ ਸਮਾਂ ਮੰਗਿਆ ਹੈ। ਗੌਰਤਲਬ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਵਿਚ ਨਕਲੀ ਸ਼ਰਾਬ ਦਾ ਕਾਰੋਬਾਰ ਜ਼ੋਰਾਂ ’ਤੇ ਚੱਲ ਰਿਹਾ ਹੈ ਅਤੇ ਹਰ ਵਾਰ ਇਸ ਇਸ ਦਾ ਸਬੰਧ ਕਿਸੇ ਨਾ ਕਿਸੇ ਕਾਂਗਰਸੀ ਆਗੂ ਨਾਲ ਹੀ ਨਿਕਲਦਾ ਹੈ।
ਆਪਣੇ ਪੱਤਰ ਵਿਚ ਨੇਤਾ ਵਿਰੋਧੀ ਧਿਰ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲਾ ਪਟਿਆਲਾ ਵਿਚ ਚੱਲਦੀਆਂ ਨਾਜਾਇਜ਼ ਸ਼ਰਾਬ ਦੀਆਂ ਫ਼ੈਕਟਰੀਆਂ ਪੁਲਸ ਵਲੋਂ ਫੜੀਆਂ ਗਈਆਂ ਹਨ। ਫੜੀਆਂ ਗਈਆਂ ਇਨ੍ਹਾਂ ਸਾਰੀਆਂ ਫ਼ੈਕਟਰੀਆਂ ਦੇ ਮਾਲਕ ਕਾਂਗਰਸ ਦੇ ਵਰਕਰ ਹਨ ਅਤੇ ਉਨ੍ਹਾਂ ਦੇ 2 ਕਾਂਗਰਸੀ ਵਿਧਾਇਕਾਂ ਨਾਲ ਨਜ਼ਦੀਕੀ ਸਬੰਧ ਹਨ। ਦੋਵੇਂ ਵਿਧਾਇਕਾਂ ਦੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਸਬੰਧ ਹਨ। ਪਿਛਲੇ ਦਿਨੀਂ ਰਾਜਪੁਰਾ ਵਿਚੋਂ ਫੜ੍ਹੀ ਗਈ ਨਜਾਇਜ਼ ਸ਼ਰਾਬ ਫ਼ੈਕਟਰੀ ਦੇ ਦੋਸ਼ੀ ਦਿਪੇਸ਼ ਕੁਮਾਰ ਗਰੋਵਰ ਨੂੰ ਇਸ ਤੋਂ ਪਹਿਲਾਂ ਮਈ ਵਿਚ ਸ਼ੰਭੂ ਵਿਚ ਇੱਕ ਨਾਜਾਇਜ਼ ਸ਼ਰਾਬ ਫ਼ੈਕਟਰੀ ਚਲਾਉਣ ਦੇ ਦੋਸ਼ ਗ੍ਰਿਫ਼ਤਾਰ ਕੀਤਾ ਗਿਆ ਸੀ। ਦੀਪੇਸ਼ 2 ਮਹੀਨੇ ਪਹਿਲਾਂ ਹੀ ਜ਼ਮਾਨਤ ਉੱਤੇ ਆਉਣ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਜਨਤਕ ਤੌਰ ’ਤੇ ਦੇਖਿਆ ਗਿਆ।
ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਇਨ੍ਹਾਂ ਸ਼ਰਾਬ ਦੇ ਧੰਦੇ ਵਿਚ ਸ਼ਾਮਿਲ ਵਿਧਾਇਕਾਂ ਉਪਰ ਇਸ ਕਰ ਕੇ ਵੀ ਕੋਈ ਕਾਰਵਾਈ ਨਹੀਂ ਕਰ ਰਹੇ ਕਿਉਂਕਿ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਦਾ ਪਾਰਲੀਮੈਂਟ ਹਲਕਾ ਹੋਣ ਕਰ ਕੇ ਉਨ੍ਹਾਂ ਦਾ ਰਾਜਨੀਤਿਕ ਭਵਿੱਖ ਇਨ੍ਹਾਂ ਦੋਵੇਂ ਵਿਧਾਇਕਾਂ ’ਤੇ ਨਿਰਭਰ ਕਰਦਾ ਹੈ। ਆਪ ਨੇਤਾ ਨੇ ਕਿਹਾ ਕਿ ਮੁੱਖ ਮੰਤਰੀ ਕੋਲ ਗ੍ਰਹਿ ਵਿਭਾਗ ਦੇ ਨਾਲ ਆਬਕਾਰੀ ਤੇ ਕਰ ਵਿਭਾਗ ਹੋਣ ਦੇ ਬਾਵਜੂਦ ਉਹ ਸ਼ਰਾਬ ਸਮੱਗਲਰਾਂ ਨੂੰ ਕਾਬੂ ਕਰਨ ਵਿਚ ਫ਼ੇਲ ਹੋਏ ਹਨ। ਅਜਿਹੀਆਂ ਸਥਿਤੀਆਂ ਵਿਚ ਮੁੱਖ ਮੰਤਰੀ ਕੋਲ ਨੈਤਿਕ ਆਧਾਰ ’ਤੇ ਇਨ੍ਹਾਂ ਵਿਭਾਗਾਂ ਨੂੰ ਰੱਖਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਉਹ ਇਸ ਮਾਮਲੇ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਦੀ ਸਿਫਾਰਿਸ਼ ਕਰਨ ਤਾਂ ਜੋ ਪੰਜਾਬ ਦੀ ਜਨਤਾ ਦੀ ਜਾਨ ਨਾਲ ਖਿਲਵਾੜ ਕਰਨ ਵਾਲੇ ਅਜਿਹੇ ਲੋਕਾਂ ਨੂੰ ਨੱਥ ਪਾਈ ਜਾ ਸਕੇ।