ਕੈਪਟਨ ਵਲੋਂ ਵਿਰਾਸਤੀ ਮਾਰਗ ''ਤੇ ਲੱਗੇ ਬੁੱਤ ਹਟਾ ਕੇ ਹੋਰ ਥਾਂ ''ਤੇ ਲਾਉਣ ਦੇ ਹੁਕਮ

Tuesday, Jan 28, 2020 - 10:59 PM (IST)

ਚੰਡੀਗੜ੍ਹ,(ਅਸ਼ਵਨੀ)- ਅੰਮ੍ਰਿਤਸਰ ਵਿਖੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਲਾਏ ਗਏ ਗਿੱਧੇ-ਭੰਗੜੇ ਦੇ ਬੁੱਤਾਂ ਉਪਰ ਸਿੱਖ ਭਾਈਚਾਰੇ ਵਲੋਂ ਉਠਾਏ ਗਏ ਇਤਰਾਜ਼ 'ਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਇਹ ਬੁੱਤ ਇਥੋਂ ਹਟਾਉਣ ਅਤੇ ਸ਼ਹਿਰ 'ਚ ਹੀ ਕਿਸੇ ਹੋਰ ਢੁੱਕਵੀਂ ਥਾਂ 'ਤੇ ਲਾਉਣ ਦੇ ਹੁਕਮ ਦਿੱਤੇ ਹਨ। ਇਹ ਬੁੱਤ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਲਾਏ ਗਏ ਸਨ ਅਤੇ ਲੰਘੀ 15 ਜਨਵਰੀ ਨੂੰ ਜਜ਼ਬਾਤੀ ਰੌਅ 'ਚ ਗੁੱਸੇ 'ਚ ਆਏ ਕੁਝ ਨੌਜਵਾਨਾਂ ਨੇ ਇਨ੍ਹਾਂ ਦੀ ਭੰਨ-ਤੋੜ ਕਰ ਦਿੱਤੀ ਸੀ। ਇਸ ਭੰਨ-ਤੋੜ 'ਚ ਸ਼ਾਮਲ ਨੌਜਵਾਨਾਂ ਪ੍ਰਤੀ ਨਰਮੀ ਦਿਖਾਉਂਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਸੱਤ ਪ੍ਰਦਰਸ਼ਨਕਾਰੀਆਂ ਖਿਲਾਫ਼ ਦਰਜ ਕੇਸਾਂ ਦੀ ਸਮੀਖਿਆ ਕਰਨ ਅਤੇ ਇਨ੍ਹਾਂ ਵਿਰੁੱਧ ਦਰਜ ਆਈ.ਪੀ.ਸੀ. ਦੀਆਂ ਸਖ਼ਤ ਧਾਰਾਵਾਂ ਨੂੰ ਵਾਪਸ ਲੈਣ ਦੇ ਹੁਕਮ ਦਿੱਤੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਇਹ ਕਾਰਵਾਈ ਕਿਸੇ ਬਦਨੀਤੀ ਦਾ ਹਿੱਸਾ ਨਹੀਂ ਸੀ ਸਗੋਂ ਇਹ ਸਿੱਖ ਭਾਈਚਾਰੇ ਵਲੋਂ ਮਹਿਸੂਸ ਕੀਤੀ ਜਾ ਰਹੀ ਪੀੜ ਦਾ ਪ੍ਰਗਟਾਵਾ ਸੀ ਕਿਉਂਕਿ ਪਵਿੱਤਰ ਗੁਰਦੁਆਰਾ ਸਾਹਿਬ ਦੀ ਹਦੂਦ ਦੇ ਨਾਲ ਗਿੱਧੇ-ਭੰਗੜੇ ਨੂੰ ਦਰਸਾਉਂਦੇ ਬੁੱਤ ਸਥਾਪਤ ਕਰਨ ਨਾਲ ਸਿੱਖ ਹਿਰਦਿਆਂ ਨੂੰ ਠੇਸ ਪਹੁੰਚੀ। ਇਹ ਜ਼ਿਕਰਯੋਗ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਵਿਰਾਸਤੀ ਮਾਰਗ 'ਤੇ ਗਿੱਧੇ-ਭੰਗੜੇ ਵਾਲੇ ਬੁੱਤ ਸਥਾਪਤ ਕਰਵਾਏ ਸਨ ਅਤੇ ਅਕਤੂਬਰ, 2016 'ਚ ਇਨ੍ਹਾਂ ਦਾ ਉਦਘਾਟਨ ਕੀਤਾ ਸੀ। ਪ੍ਰਦਰਸ਼ਨਕਾਰੀਆਂ 'ਚ ਲੋਕ ਨਾਚ ਦੇ ਬੁੱਤ ਲਾਉਣ 'ਤੇ ਰੋਸ ਪਾਇਆ ਜਾ ਰਿਹਾ ਸੀ ਅਤੇ ਇਨ੍ਹਾਂ ਨੇ ਇਸ ਨੂੰ ਸਿੱਖ ਧਾਰਮਿਕ ਭਾਵਨਾਵਾਂ ਦੀ ਉਲੰਘਣਾ ਦੱਸਿਆ ਕਿਉਂਕਿ ਇਹ ਬੁੱਤ ਪਾਵਨ ਦਰਬਾਰ ਸਾਹਿਬ ਦੇ ਬਿਲਕੁਲ ਨੇੜੇ ਸਥਾਪਤ ਕੀਤੇ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਇਨ੍ਹਾਂ ਬੁੱਤਾਂ ਨੂੰ ਨੁਕਸਾਨ ਪਹੁੰਚਾਇਆ ਕਿਉਂਕਿ ਉਹ ਮਹਿਸੂਸ ਕਰਦੇ ਸਨ ਕਿ ਬੁੱਤਾਂ ਨਾਲ ਉਨ੍ਹਾਂ ਨੂੰ ਠੇਸ ਪਹੁੰਚੀ ਹੈ।

ਮੁਲਜ਼ਮਾਂ ਖਿਲਾਫ਼ ਆਈ.ਪੀ.ਸੀ. ਦੀ ਧਾਰਾ 307, 434, 427, 353, 186, 148 ਤੇ 149 ਤੋਂ ਇਲਾਵਾ ਜਨਤਕ ਜਾਇਦਾਦ ਨੂੰ ਨੁਕਸਾਨ ਰੋਕੂ ਐਕਟ-1984 ਦੀ ਧਾਰਾ 3 ਤਹਿਤ ਕੇਸ ਦਰਜ ਕੀਤਾ ਗਿਆ ਸੀ। 15 ਜਨਵਰੀ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਰਾਗੀ ਸਭਾ (ਹਰਿਮੰਦਰ ਸਾਹਿਬ ਦੇ ਕੀਰਤਨੀ ਸਿੰਘਾਂ ਸਮੇਤ), ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਪੁਲਸ ਵਲੋਂ ਗ੍ਰਿਫਤਾਰ ਕੀਤੇ ਪ੍ਰਦਰਸ਼ਨਕਾਰੀ ਨੌਜਵਾਨਾਂ ਦੇ ਹੱਕ 'ਚ ਨਿੱਤਰ ਆਈਆਂ ਸਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਇਹ ਬੁੱਤ ਅੰਮ੍ਰਿਤਸਰ 'ਚ ਕਿਸੇ ਹੋਰ ਥਾਂ ਸਥਾਪਤ ਕਰਨ ਦੇ ਸੰਦਰਭ 'ਚ ਪਹਿਲਾਂ ਹੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੋਇਆ ਹੈ। ਇਸ ਕਮੇਟੀ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਉਪ-ਪ੍ਰਧਾਨ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਚੀਫ਼ ਖਾਲਸਾ ਦੀਵਾਨ ਦੇ ਮੁਖੀ ਨਿਰਮਲ ਸਿੰਘ ਤੋਂ ਇਲਾਵਾ ਕੋਆਰਡੀਨੇਟਰ ਸੁਖਦੇਵ ਸਿੰਘ ਭੂਰਾਕੋਨਾ ਸ਼ਾਮਲ ਸਨ।


Related News