ਮੱਤੇਵਾੜਾ ਉਦਯੋਗਿਕ ਪਾਰਕ ਲਈ ਅਸੀਂ ਜੰਗਲ ਦੀ ਇਕ ਇੰਚ ਵੀ ਜ਼ਮੀਨ ਨਹੀਂ ਲੈ ਰਹੇ : ਕੈਪਟਨ
Sunday, Jul 19, 2020 - 01:32 AM (IST)
ਚੰਡੀਗੜ੍ਹ/ਜਲੰਧਰ,(ਅਸ਼ਵਨੀ, ਧਵਨ)- ਮੱਤੇਵਾੜਾ ਜੰਗਲ ਦੇ ਉਜਾੜੇ ਬਾਰੇ ਸਾਹਮਣੇ ਆ ਰਹੀਆਂ ਰਿਪੋਰਟਾਂ ਨੂੰ ਪੂਰੀ ਤਰਾਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਮੱਤੇਵਾੜਾ ਜੰਗਲ ਦਾ ਇਕ ਵੀ ਰੁੱਖ ਨਹੀਂ ਪੁੱਟਿਆ ਜਾਵੇਗਾ ਅਤੇ ਨਾ ਹੀ ਉਦਯੋਗਿਕ ਪਾਰਕ ਦੇ ਵਿਕਾਸ ਲਈ ਸਰਕਾਰ ਵਲੋਂ ਇਕ ਇੰਚ ਵੀ ਜ਼ਮੀਨ ਲਈ ਜਾਵੇਗੀ। ਅੱਜ 'ਕੈਪਟਨ ਨੂੰ ਸਵਾਲ' ਪ੍ਰੋਗਰਾਮ ਦੀ ਅਗਲੀ ਲੜੀ ਦੌਰਾਨ ਫੇਸਬੁੱਕ ਲਾਈਵ ਜ਼ਰੀਏ ਮੁੱਖ ਮੰਤਰੀ ਨੇ ਕਿਹਾ ਕਿ ਮੱਤੇਵਾੜਾ ਜੰਗਲ ਨੂੰ ਉਜਾੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪਸ਼ੂ ਪਾਲਣ ਵਿਭਾਗ, ਬਾਗਬਾਨੀ ਵਿਭਾਗ ਅਤੇ ਗ੍ਰਾਮ ਪੰਚਾਇਤ ਦੀ 955 ਏਕੜ ਜ਼ਮੀਨ ਲਈ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਐਕੁਵਾਇਰ ਕੀਤੀ ਜ਼ਮੀਨ ਵਿਚ ਮੱਤੇਵਾੜਾ ਜੰਗਲ ਦੇ 2300 ਏਕੜ ਵਿਚੋਂ ਇਕ ਇੰਚ ਜ਼ਮੀਨ ਵੀ ਸ਼ਾਮਲ ਨਹੀਂ ਹੈ। ਕੈਪਟਨ ਨੇ ਇਨ੍ਹਾਂ ਖਦਸ਼ਿਆਂ ਕਿ ਉਦਯੋਗਿਕ ਪਾਰਕ ਦੀ ਰਹਿੰਦ-ਖੂੰਹਦ ਸਤਲੁਜ ਦਰਿਆ ਵਿਚ ਪਾ ਦਿੱਤੀ ਜਾਵੇਗੀ, ਨੂੰ ਦੂਰ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਦੇ ਤਾਜ਼ਾ ਨਿਕਦੇਸ਼ਾਂ ਮੁਤਾਬਕਾਂ ਆਧੁਨਿਕ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ ਸਥਾਪਤ ਕੀਤਾ ਜਾਵੇਗਾ।
ਕੋਵਿਡ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਆਪਣੀ ਅਪੀਲ ਨੂੰ ਦੁਹਰਾਉਂਦਿਆਂ ਸਾਰਿਆਂ ਨੂੰ ਪੂਰੇ ਅਹਿਤਿਆਤ ਵਰਤਣ ਅਤੇ ਮਾਸਕ ਪਹਿਨਣ ਤੇ ਹੋਰ ਸੁਰੱਖਿਆ ਨੇਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਆਖਿਆ ਤਾਂ ਕਿ ਸੂਬੇ ਵਿਚ ਇਸ ਦੇ ਹੋਰ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਗਰੀਬ ਲੋਕਾਂ ਨੂੰ ਰੋਜ਼ਾਨਾ ਧੋ ਕੇ ਮੁੜ ਵਰਤੇ ਜਾਣ ਵਾਲੇ 10 ਲੱਖ ਮਾਸਕ ਵੰਡਣ ਲਈ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਜਾ ਚੁੱਕੇ ਹਨ। ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਰਹੱਦ ਰਾਹੀਂ ਪੰਜਾਬ ਵਿਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਵੇਗੀ।
ਐਤਵਾਰ ਨੂੰ ਕਰਫਿਊ ਲਾਗੂ ਨਹੀਂ ਕੀਤਾ ਜਾ ਰਿਹਾ
ਇਕ ਸਵਾਲ ਦੇ ਜਵਾਬ ਵਿਚ ਕੈ. ਅਮਰਿੰਦਰ ਸਿੰਘ ਨੇ ਕਿਹਾ ਕਿ ਐਤਵਾਰ ਨੂੰ ਹੁਣ ਕਰਫਿਊ ਲਾਗੂ ਨਹੀਂ ਕੀਤਾ ਜਾ ਰਿਹਾ ਕਿਉਂਕਿ ਬਹੁਤ ਲੋਕਾਂ ਨੂੰ ਕੰਮ ਲਈ ਘਰੋਂ ਬਾਹਰ ਨਿਕਲਣ ਦੀ ਲੋੜ ਹੁੰਦੀ ਹੈ। ਕੋਵਿਡ ਦੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਵਾਸਤੇ ਤੈਅ ਕੀਤੀਆਂ ਕੀਮਤਾਂ ਨੂੰ ਬਹੁਤ ਜ਼ਿਆਦਾ ਦੱਸਦਿਆਂ ਲੁਧਿਆਣਾ ਦੇ ਸੇਵਕ ਨੇ ਕਿਹਾ ਕਿ ਇਹ ਕੀਮਤਾਂ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਲੋਂ ਹੁਣ ਤੱਕ ਵਸੂਲੇ ਜਾ ਰਹੇ ਖਰਚੇ ਬਹੁਤ ਜ਼ਿਆਦਾ ਸਨ, ਜਿਸ ਕਰਕੇ ਬਹੁਤ ਬਿਮਾਰ ਮਰੀਜ਼ਾਂ ਲਈ ਪ੍ਰਤੀ ਦਿਨ 18000 ਰੁਪਏ ਦੀ ਸੀਮਾ ਮਿੱਥੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਵੀ ਸਾਰੀਆਂ ਸਹੂਲਤਾਂ ਮੌਜੂਦ ਹਨ, ਜੋ ਵਾਜਬ ਕੀਮਤਾਂ 'ਤੇ ਅਦਾ ਕੀਤੀਆਂ ਜਾ ਰਹੀਆਂ ਹਨ।