ਕੈਪਟਨ ਨੇ PM ਮੋਦੀ ਨਾਲ ਕੀਤੀ ਮੁਲਾਕਾਤ

07/15/2019 6:48:36 PM

ਜਲੰਧਰ/ਦਿੱਲੀ,(ਧਵਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ 'ਚ ਸੰਸਦ ਭਵਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਰਸਮੀ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਲੋਕ ਸਭਾ ਚੋਣਾਂ ਤੋਂ ਬਾਅਦ ਕੋਈ ਮੁਲਾਕਾਤ ਨਹੀਂ ਹੋਈ ਸੀ। ਪਿਛਲੇ ਸਮੇਂ ਮੁੱਖ ਮੰਤਰੀ ਜਦੋਂ ਦਿੱਲੀ ਗਏ ਸਨ ਤਾਂ ਉਸ ਸਮੇਂ ਪ੍ਰਧਾਨ ਮੰਤਰੀ ਵਿਦੇਸ਼ ਦੌਰੇ 'ਤੇ ਸਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਦਿੱਲੀ 'ਚ ਸਨ ਅਤੇ ਉਨ੍ਹਾਂ ਨੇ ਸੰਸਦ ਭਵਨ ਜਾ ਕੇ ਪ੍ਰਧਾਨ ਮੰਤਰੀ ਨਾਲ ਕੁਝ ਸਮੇਂ ਲਈ ਬੈਠਕ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਮੋਦੀ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਲੈ ਕੇ ਚਰਚਾ ਕੀਤੀ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸੂਬਾਈ ਪੱਧਰੀ ਪ੍ਰੋਗਰਾਮ 'ਚ ਹਿੱਸਾ ਲੈਣ ਦਾ ਰਸਮੀ ਤੌਰ 'ਤੇ ਸੱਦਾ ਵੀ ਦਿੱਤਾ । ਜਿਸ 'ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਸ ਇਤਿਹਾਸਕ ਸਮਾਰੋਹ 'ਚ ਜਰੂਰ ਹਿੱਸਾ ਲੈਣਗੇ । ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਬੰਧ 'ਚ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ 'ਚ ਕੇਂਦਰ ਸਰਕਾਰ ਵਲੋਂ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਵਾਅਦਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਨੂੰ ਸਫਲ ਬਣਾਇਆ ਜਾਏਗਾ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੋਵੇਗਾ ਜਦੋਂ ਪੂਰਾ ਵਿਸ਼ਵ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਮਨਾਏਗਾ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਕੇਂਦਰ ਵਲੋਂ ਹੁਣ ਤਕ ਪੰਜਾਬ ਸਰਕਾਰ ਨੂੰ ਇਨ੍ਹਾਂ ਪ੍ਰੋਗਰਾਮਾਂ ਦੇ ਆਯੋਜਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਥਾਵਾਂ 'ਤੇ ਵਿਕਾਸ ਕਾਰਜ ਕਰਵਾਉਣ ਲਈ ਕੋਈ ਵੀ ਗ੍ਰਾਂਟ ਹਾਸਲ ਨਹੀਂ ਹੋਈ । ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਵਿਰਾਸਤ 'ਚ ਮਿਲੇ 31000 ਕਰੋੜ ਰੁਪਏ ਦੇ ਫੂਡ ਕਰਜੇ ਨੂੰ ਲੈ ਕੇ ਵੀ ਚਰਚਾ ਕੀਤੀ । ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਦਾ ਨਿਪਟਾਰਾ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਸਾਬਕਾ ਅਕਾਲੀ ਭਾਜਪਾ ਗਠਜੋੜ ਸਰਕਾਰ ਤੋਂ 31,000 ਕਰੋੜ ਰੁਪਏ ਦਾਫੂਡ ਕਰਜਾ ਕਾਂਗਰਸ ਸਰਕਾਰ ਨੂੰ ਹਾਸਲ ਹੋਇਆ ਹੈ ਅਤੇ ਇਸ ਦਾ ਨਿਪਟਾਰਾ ਕਰਨ ਲਈ ਉਹ ਪ੍ਰਧਾਨ ਮੰਤਰੀ ਅਤੇ ਕੇਂਦਰੀਆਂ ਮੰਤਰੀਆਂ ਨਾਲ ਗੱਲ ਕਰ 
ਚੁੱਕੇ ਹਨ।