ਕਿਸਾਨਾਂ ਦੀ ਲੜਾਈ ਦਿੱਲੀ ਹੋਵੇਗੀ ਸ਼ਿਫਟ, ਕੈਪਟਨ ਨੇ ਰਾਸ਼ਟਰਪਤੀ ਨੂੰ ਮਿਲਣ ਲਈ ਮੰਗਿਆ ਸਮਾਂ

Thursday, Oct 22, 2020 - 11:06 PM (IST)

ਜਲੰਧਰ,(ਧਵਨ)–ਪੰਜਾਬ ਵਿਧਾਨ ਸਭਾ 'ਚ ਕਿਸਾਨਾਂ ਦੇ ਹੱਕ 'ਚ 3 ਸੋਧੇ ਬਿੱਲਾਂ ਨੂੰ ਪਾਸ ਕਰਨ ਤੋਂ ਬਾਅਦ ਹੁਣ ਉਨ੍ਹਾਂ ਦੀ ਲੜਾਈ ਦਾ ਦ੍ਰਿਸ਼ ਦਿੱਲੀ ਸ਼ਿਫਟ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ। ਰਾਜ ਵਿਧਾਨ ਸਭਾ 'ਚ ਸਰਬਸੰਮਤੀ ਨਾਲ 3 ਬਿੱਲਾਂ ਨੂੰ ਪਾਸ ਕਰਨ ਤੋਂ ਬਾਅਦ ਉਨ੍ਹਾਂ ਦੀਆਂ ਕਾਪੀਆਂ ਪੰਜਾਬ ਦੇ ਰਾਜਪਾਲ ਨੂੰ ਸੌਂਪੀਆਂ ਜਾ ਚੁੱਕੀਆਂ ਹਨ। ਰਾਜਪਾਲ ਨਾਲ ਮੁਲਾਕਾਤ ਦੇ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਮੁੱਚੇ ਵਿਰੋਧੀ ਧਿਰ ਦੇ ਨੇਤਾ ਵੀ ਗਏ ਸਨ। ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਇਸ ਮੁੱਦੇ 'ਤੇ ਰਾਸ਼ਟਰਪਤੀ ਨੂੰ ਮਿਲਣ ਲਈ ਸਮਾਂ ਮੰਗ ਲਿਆ ਹੈ। ਮੁੱਖ ਮੰਤਰੀ ਨੇ ਰਾਸ਼ਟਰਪਤੀ ਦਫਤਰ ਨੂੰ ਸੂਚਿਤ ਕੀਤਾ ਹੈ ਕਿ ਉਨ੍ਹਾਂ ਨੂੰ ਨਵੰਬਰ ਦੇ ਪਹਿਲੇ ਹਫਤੇ 'ਚ ਮਿਲਣ ਦਾ ਸਮਾਂ ਦਿੱਤਾ ਜਾਏ। ਮੁੱਖ ਮੰਤਰੀ ਆਪਣੇ ਨਾਲ ਸਮੁੱਚੇ ਵਿਧਾਇਕਾਂ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਵੀ ਨਾਲ ਲੈ ਕੇ ਜਾਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਜਾ ਸਕੇ।

ਰਾਸ਼ਟਰਪਤੀ ਦਫਤਰ ਵਲੋਂ ਹੁਣ ਤੱਕ ਮੁੱਖ ਮੰਤਰੀ ਦਫਤਰ ਨੂੰ ਮਿਲਣ ਸਬੰਧੀ ਕੋਈ ਤਰੀਕ ਨਹੀਂ ਦਿੱਤੀ ਗਈ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਰਾਸ਼ਟਰਪਤੀ ਦਫਤਰ ਵਲੋਂ ਵੀ ਛੇਤੀ ਹੀ ਇਸ ਸਬੰਧ 'ਚ ਮੁੱਖ ਮੰਤਰੀ ਦਫਤਰ ਨੂੰ ਮਿਲਣ ਦਾ ਸਮਾਂ ਦਿੱਤਾ ਜਾ ਸਕਦਾ ਹੈ। ਇਸ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਹੁਣ ਪੰਜਾਬ ਦੇ ਕਿਸਾਨਾਂ ਦੀ ਲੜਾਈ ਕੇਂਦਰੀ ਪੱਧਰ ਤੱਕ ਕੈਪਟਨ ਅਮਰਿੰਦਰ ਸਿੰਘ ਵਲੋਂ ਲਿਜਾਇਆ ਜਾ ਰਿਹਾ ਹੈ। ਦਿੱਲੀ 'ਚ ਕਿਸਾਨਾਂ ਨੂੰ ਲੈ ਕੇ ਸਿਆਸਤ ਗਰਮਾ ਜਾਏਗੀ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਿਰ ਕਿਹਾ ਹੈ ਕਿ ਉਹ ਕਿਸਾਨਾਂ ਦੀ ਲੜਾਈ ਕੇਂਦਰ ਸਰਕਾਰ ਤੱਕ ਲੜਨ ਲਈ ਤਿਆਰ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕਿਸਾਨਾਂ ਨੂੰ ਵੀ ਲੜਾਈ ਲੜਨ ਦੀ ਥਾਂ ਦਿੱਲੀ ਜਾ ਕੇ ਸੰਘਰਸ਼ ਅਤੇ ਅੰਦੋਲਨ ਕਰਨਾ ਚਾਹੀਦਾ ਹੈ ਤਾਂ ਕਿ ਕੇਂਦਰ ਸਰਕਾਰ ਦੀਆਂ ਅੱਖਾਂ ਖੁੱਲ੍ਹ ਸਕਣ।

ਇਸ ਦਰਮਿਆਨ ਕਾਂਗਰਸੀ ਹਲਕਿਆਂ ਨੇ ਦੱਸਿਆ ਹੈ ਕਿ ਭਲਕੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਕਾਂਗਰਸ ਮਾਲਿਆਂ ਦੇ ਮੁਖੀ ਹਰੀਸ਼ ਰਾਵਤ ਨੂੰ ਵੀ ਮਿਲੇ ਸਨ, ਜਿਸ 'ਚ ਕਿਸਾਨਾਂ ਦੇ ਮਸਲੇ ਨੂੰ ਲੈ ਕੇ ਗੰਭੀਰਤਾ ਨਾਲ ਚਰਚਾ ਕੀਤੀ ਗਈ। ਬੈਠਕ 'ਚ ਕਿਸਾਨਾਂ ਦੇ ਮਾਮਲੇ 'ਚ ਕਾਂਗਰਸ ਅਤੇ ਸੂਬਾ ਸਰਕਾਰ ਦੀ ਸਿਆਸਤ 'ਤੇ ਵਿਚਾਰ ਕਰਨ ਤੋਂ ਬਾਅਦ ਮੋਹਰ ਲਗਾ ਦਿੱਤੀ ਗਈ। ਕਾਂਗਰਸ ਅਤੇ ਪੰਜਾਬ ਸਰਕਾਰ ਇਸ ਮਾਮਲੇ ਨੂੰ ਹੋਰ ਹਮਲਾਵਰ ਤਰੀਕੇ ਨਾਲ ਲੜਨ ਜਾ ਰਹੀ ਹੈ।
 


Deepak Kumar

Content Editor

Related News