ਸੁਖਬੀਰ ਨੇ ਕੈਪਟਨ ''ਤੇ ਪੰਜਾਬੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦਾ ਲਾਇਆ ਦੋਸ਼
Thursday, Nov 05, 2020 - 10:33 PM (IST)
ਚੰਡੀਗੜ੍ਹ,(ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਪੰਜਾਬੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਹ ਸੂਬੇ ਲਈ ਮਾਲ ਗੱਡੀਆਂ ਦੀਆਂ ਸੇਵਾਵਾਂ ਮੁੜ ਸ਼ੁਰੂ ਕਰਨ ਲਈ ਰੇਲ ਮੰਤਰੀ ਪੀਯੂਸ਼ ਗੋਇਲ ਤਕ ਪਹੁੰਚ ਕਰਨ ਵਿਚ ਨਾਕਾਮ ਰਹੇ ਹਨ । ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਾਣਬੁਝ ਕੇ ਡਰਾਮੇ ਕਰ ਰਹੇ ਹਨ ਤਾਂ ਕਿ ਪੰਜਾਬ ਦੇ ਲੋਕਾਂ ਦੇ ਲਾਭ ਲਈ ਮਸਲੇ ਦਾ ਕੋਈ ਹੱਲ ਨਾ ਨਿਕਲੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੁਖਬੀਰ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਸਰਕਾਰੀ ਵਫਦ ਦੀ ਅਗਵਾਈ ਕਰਦਿਆਂ ਰੇਲ ਮੰਤਰੀ ਨਾਲ ਮੁਲਾਕਾਤ ਕਿਉਂ ਨਹੀਂ ਕੀਤੀ ਤੇ ਕਿਉਂ ਉਨ੍ਹਾਂ ਨੇ ਮੰਤਰੀਆਂ ਦਾ ਵਫਦ ਪੰਜਾਬ ਲਈ ਰੇਲ ਗੱਡੀਆਂ ਦੀਆਂ ਸੇਵਾਵਾਂ ਮੁੜ ਸ਼ੁਰੂ ਕਰਨ ਲਈ ਗੱਲਬਾਤ ਵਾਸਤੇ ਭੇਜਿਆ। ਬਜਾਏ ਅਜਿਹਾ ਕਰਨ ਦੇ ਤੁਸੀਂ ਕਾਂਗਰਸ ਦੇ ਐੱਮ. ਪੀਜ਼ ਦੇ 2 ਬੈਚ ਰੇਲ ਮੰਤਰੀ ਨਾਲ ਮੁਲਾਕਾਤ ਕਰਨ ਵਾਸਤੇ ਭੇਜ ਦਿੱਤੇ, ਜਿਨ੍ਹਾਂ ਨੇ ਕੁਝ ਵੀ ਹਾਸਲ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਇਸ ਚੱਲ ਰਹੇ ਸੰਕਟ ਦੇ ਹੱਲ ਵਿਚ ਕੋਈ ਦਿਲਚਸਪੀ ਨਹੀਂ ਰੱਖਦੇ, ਕਿਉਂਕਿ ਐੱਮ. ਪੀਜ਼ ਤਾਂ ਪੰਜਾਬ ਸਰਕਾਰ ਵਲੋਂ ਕੋਈ ਫੈਸਲਾ ਲੈ ਹੀ ਨਹੀਂ ਸਕਦੇ। ਇਸ ਤੋਂ ਪਤਾ ਲੱਗਦਾ ਹੈ ਕਿ ਉਹ ਸੂਬੇ ਪ੍ਰਤੀ ਕਿੰਨੇ ਗੰਭੀਰ ਹਨ ਜਦਕਿ ਸੂਬਾ ਉਸ ਵੇਲੇ ਹਨੇਰੇ ਵਿਚ ਡੁੱਬਣ ਦੇ ਖਤਰੇ ਦਾ ਸਾਹਮਣਾ ਕਰ ਰਿਹਾ ਹੈ ਜਦੋਂ ਕਣਕ ਦੀ ਬਿਜਾਈ ਸਿਖਰਾਂ 'ਤੇ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਖਾਦਾਂ ਦੀ ਕਮੀ ਦੀ ਮਾਰ ਝੱਲ ਰਹੇ ਹਨ ਜਦਕਿ ਵਪਾਰ ਤੇ ਉਦਯੋਗ ਵੀ ਖੜ੍ਹੋਤ ਵਿਚ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 'ਤੇ ਇਸ ਪੀੜਾ ਦਾ ਕੋਈ ਅਸਰ ਨਹੀਂ ਪੈਂਦਾ ਤੇ ਉਹ ਸਿਰਫ ਡਰਾਮੇ ਦੇ ਰੋਸ ਵਿਖਾਵੇ ਕਰ ਕੇ ਉਸ ਮਾਮਲੇ 'ਤੇ ਰਾਜਨੀਤੀ ਕਰ ਰਹੇ ਹਨ ਜੋ ਪੰਜਾਬੀਆਂ ਦੇ ਭਵਿੱਖ ਨਾਲ ਜੁੜਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿਚ ਸਮਾਜਿਕ ਤੇ ਆਰਥਿਕ ਬੇਚੈਨੀ ਪੈਦਾ ਹੁੰਦੀ ਹੈ ਤਾਂ ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਣਗੇ।