ਕੈਪਟਨ ਵਲੋਂ 11,000 ਕਰੋੜ ਦੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਸਰੇ ਪੜਾਅ ਦੀ ਸ਼ੁਰੂਆਤ

10/25/2020 8:18:13 AM

ਚੰਡੀਗੜ੍ਹ/ਜਲੰਧਰ,(ਅਸ਼ਵਨੀ, ਧਵਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ 11,000 ਕਰੋੜ ਰੁਪਏ ਦੀ ਲਾਗਤ ਵਾਲੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ. ਈ. ਆਈ. ਪੀ.) ਦੇ ਦੂਸਰੇ ਪੜਾਅ ਦੀ ਸ਼ੁਰੂਆਤ ਕਰਦਿਆਂ 700 ਕਰੋੜ ਦੇ ਪ੍ਰਾਜੈਕਟਾਂ ਦੇ ਵਰਚੁਅਲ ਢੰਗ ਨਾਲ ਨੀਂਹ ਪੱਥਰ ਰੱਖੇ ਅਤੇ ਇਸ ਦੇ ਨਾਲ ਹੀ ਸ਼ਹਿਰੀ ਖੇਤਰਾਂ ਵਿਚ ਆਰਥਿਕ ਗਤੀਵਿਧੀਆਂ ਨੂੰ ਹੱਲਾਸ਼ੇਰੀ ਦੇਣ ਲਈ ਬਕਾਇਆ ਵੈਟ ਮੁਲਾਂਕਣਾਂ ਲਈ ਇਕਮੁਸ਼ਤ ਨਿਪਟਾਰੇ ਦੀ ਨੀਤੀ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਹੀ 167 ਸ਼ਹਿਰੀ ਸਥਾਨਕ ਸਰਕਾਰਾਂ ਦੇ ਕਸਬਿਆਂ ਵਿਚ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਵਲੋਂ ਛੇਤੀ ਹੀ ਇਕ ਸਕੀਮ ਨੋਟੀਫਾਈ ਕੀਤੀ ਜਾਵੇਗੀ।

ਇਸ ਪੱਖ ਵੱਲ ਧਿਆਨ ਦਿੰਦਿਆਂ ਕਿ ਸ਼ਹਿਰ ਵੀ ਆਰਥਿਕ ਗਤੀਵਿਧੀਆਂ ਦੇ ਕੇਂਦਰ ਹਨ ਅਤੇ ਵਪਾਰ ਤੇ ਉਦਯੋਗ ਪੱਖੋਂ ਅਹਿਮ ਹਨ, ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਉਦਯੋਗ ਅਤੇ ਕਰ ਵਿਭਾਗ ਨੂੰ ਇਕ ਅਜਿਹੀ ਹੋਰ ਹਾਂ-ਪੱਖੀ ਪ੍ਰਣਾਲੀ ਵਿਕਸਤ ਕਰਨ ਲਈ ਕਿਹਾ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਪਾਰੀਆਂ ਅਤੇ ਉਦਯੋਗ ਜਗਤ ਨਾਲ ਸਬੰਧਤ ਲੋਕਾਂ ਨੂੰ ਇਕ ਤੋਂ ਦੂਜੇ ਦਫ਼ਤਰ ਦੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸਮੂਹ ਕਸਬਿਆਂ ਵਿਚ ਸਾਫ਼-ਸਫ਼ਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਯੂ. ਈ. ਆਈ. ਪੀ. ਸਕੀਮਾਂ, ਜਿਨ੍ਹਾਂ ਵਿਚੋਂ 3000 ਕਰੋੜ ਰੁਪਏ ਤਕ ਦੇ ਕੰਮ ਪਹਿਲੇ ਪੜਾਅ ਵਿਚ ਪੂਰੇ ਕੀਤਾ ਜਾ ਚੁੱਕੇ ਹਨ, ਨਾਲ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਅਤੇ ਇੱਥੇ ਰਹਿਣ ਵਾਲੇ ਲੋਕਾਂ ਦੀਆਂ ਜ਼ਿੰਦਗੀਆਂ ਵਿਚ ਵੱਡੀ ਪੱਧਰ 'ਤੇ ਸੁਧਾਰ ਕਰਨ ਵਿਚ ਸੂਬਾ ਸਰਕਾਰ ਨੂੰ ਸਹਾਇਤਾ ਮਿਲੇਗੀ।

ਡਿਜੀਟਲ ਪ੍ਰਣਾਲੀ ਨਾਲ ਕੀਤਾ ਸੰਪਰਕ
940 ਥਾਵਾਂ 'ਤੇ 45,000 ਤੋਂ ਵੱਧ ਲੋਕਾਂ ਨਾਲ ਡਿਜੀਟਲ ਪ੍ਰਣਾਲੀ ਰਾਹੀਂ ਸੰਪਰਕ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਮੁਸ਼ਕਿਲਾਂ ਦੇ ਬਾਵਜੂਦ ਵੀ ਕੋਵਿਡ ਦੇ ਦਰਮਿਆਨ ਇਨ੍ਹਾਂ ਪ੍ਰਾਜੈਕਟਾਂ ਲਈ ਵਿੱਤੀ ਸਾਧਨ ਜੁਟਾਉਣ ਵਿਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅਹਿਮ ਪ੍ਰਾਜੈਕਟਾਂ ਵਿਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿਖੇ ਨਹਿਰੀ ਪਾਣੀ ਦੀ ਸਪਲਾਈ ਸ਼ਾਮਲ ਹੈ ਅਤੇ ਜਲੰਧਰ ਵਿਚ ਇਹ ਕੰਮ ਅੱਜ ਤੋਂ ਹੀ ਸ਼ੁਰੂ ਹੋ ਰਿਹਾ ਹੈ ਜਦੋਂ ਕਿ ਪਟਿਆਲਾ ਵਿਖੇ ਇਸ ਦਾ ਨੀਂਹ ਪੱਥਰ ਭਲਕੇ ਰੱਖਿਆ ਜਾਵੇਗਾ। ਲੁਧਿਆਣਾ ਦੇ ਬੁੱਢੇ ਨਾਲੇ ਦੀ ਸਫਾਈ ਦਾ ਕੰਮ ਵੀ ਛੇਤੀ ਹੀ ਅਲਾਟ ਕੀਤਾ ਜਾਵੇਗਾ ਅਤੇ ਇਹ ਕੰਮ ਇਕ ਮਹੀਨੇ ਦੇ ਅੰਦਰ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਉਨ੍ਹਾਂ ਦੀ ਸਰਕਾਰ ਵਲੋਂ ਸ਼ਹਿਰਾਂ ਵਿਚ ਰਹਿ ਰਹੇ ਲੋਕਾਂ ਦੀ ਭਲਾਈ ਲਈ ਚੁੱਕੇ ਗਏ ਕਦਮਾਂ ਵਿਚੋਂ ਇਕ ਹਨ। ਇਨ੍ਹਾਂ ਵਿਚ ਸ਼ਹਿਰੀ ਸਥਾਨਕ ਸਰਕਾਰਾਂ ਵਿਚ ਔਰਤਾਂ ਲਈ 50 ਫੀਸਦੀ ਰਾਖਵਾਂਕਰਨ ਅਤੇ ਸਾਰੇ ਹੀ 167 ਕਸਬਿਆਂ ਨੂੰ ਖੁੱਲ੍ਹੇ ਵਿਚ ਸ਼ੌਚ ਤੋਂ ਮੁਕਤ (ਓ.ਡੀ.ਐੱਫ.), 32 ਕਸਬਿਆਂ ਨੂੰ ਓ.ਡੀ.ਐੱਫ.+ ਅਤੇ 7 ਕਸਬਿਆਂ ਨੂੰ ਓ.ਡੀ.ਐੱਫ.++ ਦਾ ਦਰਜਾ ਮਿਲ ਚੁੱਕਿਆ ਹੈ।


Deepak Kumar

Content Editor

Related News