11 ਮੈਂਬਰੀ ਵਫਦ ਕੈਪਟਨ ਦੀ ਅਗਵਾਈ 'ਚ ਖੇਤੀ ਆਰਡੀਨੈਂਸਾਂ ਖਿਲਾਫ ਰਾਜਪਾਲ ਨਾਲ ਕਰੇਗਾ ਮੁਲਾਕਾਤ

Monday, Sep 14, 2020 - 08:57 PM (IST)

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਸਦ 'ਚ ਖੇਤੀ ਆਰਡੀਨੈਂਸਾਂ ਨੂੰ ਪੇਸ਼ ਕਰਨ ਤੋਂ ਪਹਿਲਾ ਕੇਂਦਰ ਵੱਲੋਂ ਪੰਜਾਬ ਨੂੰ ਭਰੋਸੇ 'ਚ ਲੈਣ ਦੇ ਕੀਤੇ ਦਾਅਵੇ ਨੂੰ ਮੂਲੋਂ ਰੱਦ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਕੋਲ ਅਪੀਲ ਕੀਤੀ ਕਿ ਉਹ ਇਸ ਨੂੰ ਕਾਨੂੰਨ ਬਣਾਉਣ ਲਈ ਅੱਗੇ ਨਾ ਵਧਣ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਉਹ ਆਪਣੀ ਪਾਰਟੀ ਦੇ 11 ਮੈਂਬਰੀ ਵਫਦ ਦੀ ਅਗਵਾਈ ਕਰਨਗੇ, ਜਿਹੜਾ ਬੁੱਧਵਾਰ ਨੂੰ ਇਸ ਖਤਰਨਾਕ ਆਰਡੀਨੈਂਸਾਂ ਖਿਲਾਫ ਰਾਜਪਾਲ ਨੂੰ ਮਿਲ ਕੇ ਆਪਣਾ ਮੰਗ ਪੱਤਰ ਦੇਵੇਗਾ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਫਦ ਵਿੱਚ ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੁੱਝ ਮੰਤਰੀ ਤੇ ਪਾਰਟੀ ਦੇ ਵਿਧਾਇਕ ਵੀ ਸ਼ਾਮਲ ਹੋਣਗੇ।
ਰਾਜਪਾਲ ਕੋਲ ਵਫਦ ਲਿਜਾਣ ਦਾ ਫੈਸਲਾ ਭਾਜਪਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਵਿੱਚ ਕਿਸਾਨਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਇਨ੍ਹਾਂ ਤਿੰਨ ਵਿਵਾਦਤ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਲਈ ਸੰਸਦ ਵਿੱਚ ਪੇਸ਼ ਕਰਨ ਤੋਂ ਬਾਅਦ ਲਿਆ ਗਿਆ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਦਿਆਂ ਬੇਨਤੀ ਵੀ ਕੀਤੀ ਕਿ ਇਨ੍ਹਾਂ ਆਰਡੀਨੈਂਸਾਂ ਦੀ ਪੈਰਵੀ ਨਾ ਕੀਤੀ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਇਆ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੂੰ ਨਿਰਾਸ਼ ਨਾ ਕਰਨ ਅਤੇ ਉਨ੍ਹਾਂ ਦੀ ਆਰਡੀਨੈਂਸਾਂ ਨੂੰ ਅੱਗੇ ਨਾ ਲਿਜਾਣ ਦੀ ਬੇਨਤੀ ਉਤੇ ਹਾਮੀ ਭਰਨ। ਇਹ ਆਰਡੀਨੈਂਸ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ।

ਇਸੇ ਦੌਰਾਨ ਮੁੱਖ ਮੰਤਰੀ ਨੇ ਆਪਣੀ ਸਰਕਾਰ ਵੱਲੋਂ ਇਨ੍ਹਾਂ ਆਰਡੀਨੈਂਸਾਂ ਰਾਹੀਂ ਕਹੇ ਜਾ ਰਹੇ ਅਖੌਤੀ ਸੁਧਾਰਾਂ ਦਾ ਨਿਰੰਤਰ ਵਿਰੋਧ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਇਕ ਬਿਆਨ ਵਿੱਚ ਕਿਹਾ ਕਿ ਕਿਸੇ ਵੀ ਮੌਕੇ 'ਤੇ ਪੰਜਾਬ ਨੇ ਅਜਿਹੇ ਕਦਮ ਦੀ ਹਮਾਇਤ ਨਹੀਂ ਕੀਤੀ ਜਿਸ ਦਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪੰਜਾਬ ਦੇ ਉਚ ਤਾਕਤੀ ਕਮੇਟੀ ਦੇ ਮੈਂਬਰ ਬਣਨ ਤੋਂ ਬਾਅਦ ਹੋਈ ਇਕਲੌਤੀ ਮੀਟਿੰਗ ਵਿੱਚ ਆਰਡੀਨੈਂਸਾਂ ਉਤੇ ਇਕ ਵਾਰ ਵੀ ਚਰਚਾ ਨਹੀਂ ਹੋਈ। ਖੁਰਾਕ, ਉਪਭੋਗਤਾ ਮਾਮਲੇ ਤੇ ਜਨਤਕ ਵੰਡ ਬਾਰੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਪਾਟਿਲ ਦਾਨਵੇ ਵੱਲੋਂ ਅੱਜ ਸੰਸਦ ਵਿੱਚ ਦਿੱਤੇ ਬਿਆਨ ਕਿ ਸਾਰੇ ਮੈਂਬਰ ਰਾਜਾਂ ਵੱਲੋਂ ਸਹਿਮਤੀ ਦੇਣ ਤੋਂ ਬਾਅਦ ਹੀ ਖੇਤੀਬਾੜੀ ਬਾਰੇ ਉਚ ਤਾਕਤੀ ਕਮੇਟੀ ਨੇ ਆਰਡੀਨੈਸਾਂ ਬਾਰੇ ਫੈਸਲਾ ਕੀਤਾ ਗਿਆ 'ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਗੁਪਤ ਢੰਗ ਨਾਲ ਆਰਡੀਨੈਂਸਾਂ ਨੂੰ ਪੇਸ਼ ਕੀਤਾ ਗਿਆ, ਉਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਕੇਂਦਰ ਸਰਕਾਰ ਦਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਦਾ ਕੋਈ ਇਰਾਦਾ ਨਹੀਂ ਸੀ ਅਤੇ ਉਹ ਸ਼ਾਂਤਾ ਕੁਮਾਰ ਕਮੇਟੀ ਦੀ ਰਿਪੋਰਟ ਲਾਗੂ ਕਰਨ 'ਤੇ ਤੁਲੀ  ਹੋਈ ਸੀ ਜਿਸ ਨੇ ਐਮ.ਐਸ.ਪੀ. ਨੂੰ ਹੌਲੀ-ਹੌਲੀ ਵਾਪਸ ਲੈਣ ਅਤੇ ਐਫ.ਸੀ.ਆਈ. ਨੂੰ ਖਤਮ ਕਰਨ ਦੀ ਸਿਫਾਰਸ਼ ਕੀਤੀ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਰਡੀਨੈਂਸ ਪੰਜਾਬ ਨੂੰ ਮਨਜ਼ੂਰ ਨਹੀਂ ਹਨ ਅਤੇ ਖੇਤੀਬਾੜੀ ਦੇ ਰਾਜ ਦਾ ਵਿਸ਼ਾ ਹੋਣ ਕਰਕੇ ਇਹ ਸੰਘੀ ਢਾਂਚੇ ਦੇ ਖਿਲਾਫ਼ ਵੀ ਹਨ। ਪ੍ਰਧਾਨ ਮੰਤਰੀ ਦਾ ਧਿਆਨ ਇਸ ਮੁੱਦੇ 'ਤੇ ਆਪਣੇ 15 ਜੂਨ ਦੇ ਅਰਧ-ਸਰਕਾਰੀ ਪੱਤਰ ਵੱਲ ਦਿਵਾਉਂਦਿਆਂ ਕੈਪਟਨ ਅਮਰਿੰਦਰ ਨੇ ਅੱਜ ਪੱਤਰ ਵਿੱਚ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਜ਼ਿਆਦਾਤਰ ਰਾਜਨੀਤਿਕ ਪਾਰਟੀਆਂ ਨੇ ਕੇਂਦਰ ਸਰਕਾਰ ਨੂੰ ਇਹ ਆਰਡੀਨੈਂਸ ਵਾਪਸ ਲੈਣ ਦੀ ਅਪੀਲ ਕੀਤੀ ਹੈ ਕਿਉਂਕਿ ਇਨ੍ਹਾਂ ਆਰਡੀਨੈਂਸਾਂ ਦੇ ਅਮਲ ਵਿੱਚ ਆਉਣ ਨਾਲ ਰਾਜ ਦੇ ਖੇਤੀਬਾੜੀ ਸੈਕਟਰ ਨੂੰ ਵੱਡੀ ਸੱਟ ਵੱਜੇਗੀ।'' ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ 28 ਅਗਸਤ, 2020 ਨੂੰ ਹੋਏ ਆਪਣੇ ਸੈਸ਼ਨ ਵਿੱਚ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਲੈਣ ਅਤੇ ਕਿਸਾਨਾਂ ਦਾ ਕਾਨੂੰਨੀ ਹੱਕ ਬਣਾ ਕੇ ਘੱਟੋ ਘੱਟ ਸਮਰਥਨ ਮੁੱਲ ਉਤੇ ਖਰੀਦ ਜਾਰੀ ਰੱਖੇ ਜਾਣ ਨੂੰ ਯਕੀਨੀ ਬਣਾਉਣ ਲਈ ਇੱਕ ਮਤਾ ਪਾਸ ਕੀਤਾ ਸੀ। ਦੇਸ਼ ਨੂੰ ਖੁਰਾਕ ਸੁਰੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਕਿਸਾਨਾਂ ਦੁਆਰਾ ਦਿੱਤੀਆਂ ਸੇਵਾਵਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਿਸਾਨਾਂ ਨੂੰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਵੱਡੀਆਂ ਉਮੀਦਾਂ ਹਨ। ਉਨ੍ਹਾਂ ਕਿਹਾ ''ਮੈਨੂੰ ਯਕੀਨ ਹੈ ਕਿ ਤੁਸੀਂ ਸਾਡੀਆਂ ਚਿੰਤਾਵਾਂ ਦੀ ਕਦਰ ਕਰੋਗੇ ਅਤੇ ਦੇਸ਼ ਅਤੇ ਖਾਸ ਕਰਕੇ ਪੰਜਾਬ ਦੇ ਲੱਖਾਂ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਭਲਾਈ ਦੇ ਮੱਦੇਨਜ਼ਰ ਇਨ੍ਹਾਂ ਆਰਡੀਨੈਂਸਾਂ ਦੀ ਸਮੀਖਿਆ ਕਰੋਗੇ।


Deepak Kumar

Content Editor

Related News