ਕੈਪਟਨ ਨੇ ਡੀ. ਜੀ. ਪੀ. ਨੂੰ ਸ਼ਰਾਬ ਦੇ ਠੇਕਿਆਂ ਨੂੰ ਸਖ਼ਤੀ ਨਾਲ ਬੰਦ ਕਰਾਉਣ ਦੇ ਦਿੱਤੇ ਨਿਰਦੇਸ਼

08/27/2020 7:26:34 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਸ਼ਰਾਬ ਦੇ ਠੇਕਿਆਂ ਨੂੰ ਸਖ਼ਤੀ ਨਾਲ ਬੰਦ ਕਰਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਡੀ. ਜੀ. ਪੀ. ਨੂੰ ਹਦਾਇਤ ਕੀਤੀ ਕਿ ਉਹ ਮੌਜੂਦਾ ਦਿਸ਼ਾ-ਨਿਰਦੇਸ਼ਾਂ ਅਨੁਸਾਰਾ ਰਾਜਾਂ ’ਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੀ ਜਾਂਚ ਲਈ ਸ਼ਹਿਰਾਂ ਤੇ ਕਸਬਿਆਂ ’ਚ ਸ਼ਰਾਬ ਦੇ ਠੇਕਿਆਂ ਨੂੰ ਸ਼ਾਮ 6.30 ਵਜੇ ਤਕ ਹੀ ਖੁੱਲ੍ਹਣ ਦਿੱਤਾ ਜਾਵੇ ਅਤੇ ਇਸ ਤੋਂ ਬਾਅਦ ਜੋ ਵੀ ਠੇਕੇ ਜਾਂ ਖੁੱਲੇ੍ਹ ਹੋਣ ਉਨ੍ਹਾਂ ਨੂੰ ਸਖ਼ਤੀ ਨਾਲ ਬੰਦ ਕਰਵਾਇਆ ਜਾਵੇ । 31 ਅਗਸਤ ਤਕ ਲਾਗੂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ’ਚ ਸ਼ਾਮ 6:30 ਵਜੇ ਤਕ ਅਤੇ ਪਿੰਡਾਂ ’ਚ ਰਾਤ 10 ਵਜੇ ਤਕ ਸ਼ਰਾਬ ਦੇ ਠੇਕੇ ਖੁੱਲੇ ਰਹਿਣਗੇ। ਮੁੱਖ ਮੰਤਰੀ ਦੇ ਇਹ ਹੁਕਮ ਸ਼ਹਿਰਾਂ 'ਚ ਸ਼ਾਮ 6:30 ਵਜੇ, ਜੋ ਕਿ ਹੋਰ ਦੁਕਾਨਾਂ ਦੇ ਬੰਦ ਹੋਣ ਦਾ ਸਮਾਂ ਹੁੰਦਾ ਹੈ, ਤੋਂ ਵੀ ਕਾਫੀ ਸਮੇਂ ਬਾਅਦ ਤਕ ਵੀ ਠੇਕੇ ਖੁੱਲ੍ਹੇ ਰਹਿਣ ਦੀਆਂ ਰਿਪੋਰਟਾਂ ਦਰਮਿਆਨ ਆਏ ਹਨ। ਮੁੱਖ ਮੰਤਰੀ ਸੂਬੇ ਦੇ ਚੋਟੀ ਦੇ ਅਧਿਕਾਰੀਆਂ ਅਤੇ ਸਿਹਤ/ਮੈਡੀਕਲ ਖੇਤਰ ਦੇ ਮਾਹਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਵਿਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰ ਰਹੇ ਸਨ।

ਸੂਬੇ ਦੇ ਪੇਂਡੂ ਖੇਤਰਾਂ ਵਿਚ ਵੀ ਇਸ ਮਹਾਮਾਰੀ ਦੇ ਫੈਲ ਜਾਣ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਿੰਡਾਂ ਦੇ ਸਰਪੰਚਾਂ ਨੂੰ ਪੱਤਰ ਲਿਖਣਗੇ ਤਾਂ ਜੋ ਸੁਰੱਖਿਆ ਪ੍ਰੋਟੋਕਾਲਾਂ ਅਤੇ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਭਾਰਤ ਸਰਕਾਰ ਵਲੋਂ ਹਾਸਲ ਹੋਏ ਵੈਂਟੀਲੇਟਰਾਂ ਵਿਚਲੀਆਂ ਕੁਝ ਖਾਮੀਆਂ ਦੀ ਰਿਪੋਰਟ ਮਿਲਣ ਬਾਰੇ ਮੁੱਖ ਮੰਤਰੀ ਨੇ ਇਨ੍ਹਾਂ ਦੀ ਤਜ਼ਰਬੇਕਾਰ ਇੰਜੀਨੀਅਰਾਂ ਅਤੇ ਡਾਕਟਰਾਂ ਦੁਆਰਾ ਬਾਰੀਕੀ ਨਾਲ ਜਾਂਚ ਕੀਤੇ ਜਾਣ ਦੇ ਹੁਕਮ ਦਿੱਤੇ।

ਇਸ ਮੌਕੇ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਦੱਸਿਆ ਕਿ ਸਭ ਤੋਂ ਵੱਧ ਮਾਮਲਿਆਂ ਵਾਲੇ 10 ਸੂਬਿਆਂ ਦੀ ਸੂਚੀ ਵਿਚ ਪੰਜਾਬ ਸਭ ਤੋਂ ਅਖੀਰਲੇ ਸਥਾਨ 'ਤੇ ਹੈ ਪਰ ਮੌਤ ਦੀ ਵਧਦੀ ਦਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਦੀ ਮਦਦ ਸਦਕਾ ਸੂਬਾ ਮਾਮਲਿਆਂ ਦੀ ਗਿਣਤੀ ਵਧਣ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਕੈਬਨਿਟ ਸਕੱਤਰ ਨਾਲ ਵੀਡੀਓ ਕਾਨਫਰੰਸ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਹਾਈਡਰੌਕਸੀਕਲੋਰੋਕੁਈਨ ਉਨ੍ਹਾਂ ਕੋਵਿਡ ਮਰੀਜ਼ਾਂ ਅਤੇ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲਿਆਂ ਨੂੰ ਦਿੱਤੀ ਜਾਵੇਗੀ ਜੋ ਕਿ ਘਰਾਂ ਵਿਚ ਇਕਾਂਤਵਾਸ ਕੀਤੇ ਗਏ ਹਨ। ਮੁੱਖ ਸਕੱਤਰ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੂੰ ਅਜੇ ਤਕ ਕੇਂਦਰ ਵਲੋਂ ਕੋਵਿਡ ਦੇ ਖਰਚਿਆਂ ਲਈ 101 ਕਰੋੜ ਰੁਪਏ ਹੀ ਹਾਸਲ ਹੋਏ ਹਨ ਜਿਨ੍ਹਾਂ ਦਾ ਯੂਟੀਲਾਈਜ਼ੇਸ਼ਨ ਪ੍ਰਮਾਣ ਪੱਤਰ ਭੇਜ ਦਿੱਤਾ ਗਿਆ ਹੈ। 30 ਕਰੋੜ ਰੁਪਏ ਦੀ ਹੋਰ ਰਕਮ ਜਲਦੀ ਹੀ ਆਉਣ ਦੀ ਉਮੀਦ ਹੈ ਪਰ ਸੂਬਾ ਸਰਕਾਰ ਨੇ ਅਸਲ ਵਿਚ ਇਸ ਤੋਂ ਵੱਧ ਰਕਮ ਚਾਹੀ ਸੀ।

 


Deepak Kumar

Content Editor

Related News