ਕੈਪਟਨ ਵਲੋਂ ਪੁਲਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹੁਕਮ, ਜਨਤਾ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੋਣ ਹੱਲ

Tuesday, Dec 17, 2019 - 09:31 PM (IST)

ਕੈਪਟਨ ਵਲੋਂ ਪੁਲਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹੁਕਮ, ਜਨਤਾ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੋਣ ਹੱਲ

ਜਲੰਧਰ,(ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੁਲਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖਤ ਹੁਕਮ ਜਾਰੀ ਕਰਦਿਆਂ ਕਿਹਾ ਕਿ ਉਹ ਜਨ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ। ਮੁੱਖ ਮੰਤਰੀ ਨੇ ਅੱਜ ਜਨਤਾ ਨਾਲ ਮੁਲਾਕਾਤ ਦੌਰਾਨ ਵੱਖ-ਵੱਖ ਸ਼ਿਕਾਇਤਾਂ ਸੁਣੀਆਂ ਤੇ ਮੌਕੇ 'ਤੇ ਹੀ ਅਧਿਕਾਰੀਆਂ ਕੋਲੋਂ ਉਨ੍ਹਾਂ ਦਾ ਹੱਲ ਕਰਵਾਇਆ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਨਤਾ ਦੀਆਂ ਸ਼ਿਕਾਇਤਾਂ ਚੰਡੀਗੜ੍ਹ ਪਹੁੰਚਣ ਦੀ ਬਜਾਏ ਜ਼ਿਲਾ ਪੱਧਰ 'ਤੇ ਹੱਲ ਹੋਣੀਆ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜੋ ਅਧਿਕਾਰੀ ਜਨਤਾ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਨਹੀਂ ਲੈਣਗੇ, ਉਨ੍ਹਾਂ ਖਿਲਾਫ ਕਾਰਵਾਈ ਹੋਵੇਗੀ ਕਿਉਂਕਿ ਜਨਤਾ ਨੇ ਸਰਕਾਰ ਨੂੰ ਚੁਣਿਆ ਹੈ ਤੇ ਜਨਤਾ ਦੇ ਮਸਲੇ ਅਧਿਕਾਰੀਆਂ ਨੇ ਹੱਲ ਕਰਨੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਡੀ. ਜੀ. ਪੀ. ਤੇ ਮੁੱਖ ਸਕੱਤਰ ਨੂੰ ਇਸ ਸਬੰਧ ਵਿਚ ਹਦਾਇਤਾਂ ਜਾਰੀ ਕਰ ਚੁੱਕੇ ਹਨ। ਜ਼ਿਲਾ ਪੱਧਰ 'ਤੇ ਡਿਪਟੀ ਕਮਿਸ਼ਨਰਾਂ ਤੇ ਪੁਲਸ ਕਮਿਸ਼ਨਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਜਨਤਾ ਦੀਆਂ ਸ਼ਿਕਾਇਤਾਂ ਸੁਨਣ ਤੇ ਉਨ੍ਹਾਂ ਦਾ ਨਿਪਟਾਰਾ ਕਰਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਰਪੂਰ ਕੋਸ਼ਿਸ਼ਾਂ ਹਨ ਕਿ ਜਨਤਾ ਨੂੰ ਉਨ੍ਹਾਂ ਦੇ ਦਰਵਾਜੇ 'ਤੇ ਹੀ ਇਨਸਾਫ ਦਿਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਚੰਡੀਗੜ੍ਹ ਇਨਸਾਫ ਲੈਣ ਲਈ ਨਾ ਆਉਣਾ ਪਵੇ। ਉਨ੍ਹਾਂ ਕਿਹਾ ਕਿ ਉਹ ਖੁਦ ਆਲਾ ਅਧਿਕਾਰੀਆਂ ਤੋਂ ਜ਼ਿਲਾ ਪੱਧਰ 'ਤੇ ਕੰਮ ਕਰਨ ਵਾਲੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਜਨਤਾ ਪ੍ਰਤੀ ਆਪਣੀ ਜਵਾਬਦੇਹੀ ਸਾਬਿਤ ਕਰਨੀ ਪਵੇਗੀ।


Related News