ਕੈਪਟਨ ਵਲੋਂ ਕਿਸਾਨਾਂ ਨੂੰ ਦੂਰਸੰਚਾਰ ਸੇਵਾਵਾਂ ’ਚ ਵਿਘਨ ਨਾ ਪਾਉਣ ਦੀ ਅਪੀਲ

Saturday, Dec 26, 2020 - 12:48 PM (IST)

ਚੰਡੀਗੜ੍ਹ : ਸੂਬਾ ਭਰ ’ਚ ਵੱਖ-ਵੱਖ ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਕੱਟ ਦੇਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਘਰਸ਼ਸ਼ੀਲ ਕਿਸਾਨਾਂ ਨੂੰ ਅਜਿਹੀਆਂ ਕਾਰਵਾਈਆਂ ਨਾਲ ਲੋਕਾਂ ਲਈ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਆਪਣਾ ਸੰਘਰਸ਼ ਉਸੇ ਸੰਜਮ ਵਿੱਚ ਰਹਿ ਕੇ ਜਾਰੀ ਰੱਖਣ ਦੀ ਵੀ ਅਪੀਲ ਕੀਤੀ ਹੈ, ਜਿਵੇਂ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਜਬਤ ’ਚ ਰਹਿ ਕੇ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਕੋਵਿਡ ਦੇ ਸਮੇਂ ਵਿੱਚ ਦੂਰਸੰਚਾਰ ਸੇਵਾਵਾਂ ਲੋਕਾਂ ਲਈ ਹੋਰ ਵੀ ਮਹੱਤਵਪੂਰਨ ਹੋ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਉਸੇ ਤਰਾਂ ਦਾ ਸੰਜਮ ਅਤੇ ਜ਼ਿੰਮੇਵਾਰੀ ਦੀ ਭਾਵਨਾ ਦਿਖਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੋ ਜਿਹੀ ਭਾਵਨਾ ਪਿਛਲੇ ਇਕ ਮਹੀਨੇ ਤੋਂ ਦਿੱਲੀ ਦੀ ਸਰਹੱਦ ਉਤੇ ਚੱਲ ਰਹੇ ਸੰਘਰਸ਼ ਦੌਰਾਨ ਦਿਖਾਈ ਜਾ ਰਹੀ ਹੈ ਅਤੇ ਇਸ ਤੋਂ ਪਹਿਲਾਂ ਸੂਬੇ ਵਿੱਚ ਚੱਲੇ ਅੰਦੋਲਨ ਦੌਰਾਨ ਵੀ ਦਿਖਾਈ ਗਈ ਸੀ।

ਕਿਸਾਨਾਂ ਨੂੰ ਟੈਲੀਕਾਮ ਕੁਨੈਕਸ਼ਨ ਜ਼ਬਰੀ ਕੱਟ ਦੇਣ ਜਾਂ ਟੈਲੀਕਾਮ ਸੇਵਾਵਾਂ ਦੇਣ ਵਾਲਿਆਂ ਦੇ ਮੁਲਾਜ਼ਮਾਂ/ਤਕਨੀਕੀ ਕਰਮਚਾਰੀਆਂ ਨਾਲ ਹੱਥੋਪਾਈ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ’ਚ ਨਾ ਲੈਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਪੰਜਾਬ ਅਤੇ ਇਸ ਦੇ ਭਵਿੱਖ ਦੇ ਹਿੱਤ ’ਚ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਲੜਾਈ ’ਚ ਕਿਸਾਨਾਂ ਨਾਲ ਖੜੇ ਹਨ ਅਤੇ ਅੱਗੇ ਵੀ ਇਸੇ ਤਰ੍ਹਾਂ ਖੜੇ ਰਹਿਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਵੀ ਬਦਲੇ ਵਿੱਚ ਇਸੇ ਤਰ੍ਹਾਂ ਦਾ ਰਸਤਾ ਅਪਣਾਉਂਦੇ ਹੋਏ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੀ ਇਨਸਾਫ਼ ਦੀ ਲੜਾਈ ਦੌਰਾਨ ਸੂਬੇ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਦੁਆਰਾ ਮੋਬਾਈਲ ਟਾਵਰਾਂ ਨੂੰ ਬਿਜਲੀ ਸਪਲਾਈ ਬੰਦ ਕਰਨ ਕਰਕੇ ਦੂਰਸੰਚਾਰ ਸੇਵਾਵਾਂ ਵਿੱਚ ਰੁਕਾਵਟ ਨਾਲ ਨਾ ਸਿਰਫ ਵਿਦਿਆਰਥੀਆਂ, ਜੋ ਪੂਰੀ ਤਰਾਂ ਆਨਲਾਈਨ ਸਿੱਖਿਆ ’ਤੇ ਨਿਰਭਰ ਹਨ, ਦੀ ਪੜ੍ਹਾਈ ਅਤੇ ਭਵਿੱਖ ਦੀਆਂ ਸੰਭਾਵਨਾਵਾਂ ’ਤੇ ਮਾੜਾ ਅਸਰ ਪੈ ਰਿਹਾ ਹੈ, ਬਲਕਿ ਕੋੋਰੋਨਾ ਫੈਲਣ ਦੇ ਮੱਦੇਨਜ਼ਰ ਘਰ ਤੋਂ ਕੰਮ ਕਰ ਰਹੇ ਲੋਕਾਂ ਦੀ ਰੋਜ਼ਮਰਾ ਦੀ ਜ਼ਿੰਦਗੀ ’ਚ ਵੀ ਇਹ ਚੀਜ਼ ਅੜਿੱਕਾ ਬਣ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੂਰਸੰਚਾਰ ਸੇਵਾਵਾਂ ’ਚ ਵਿਘਨ ਕਰਕੇ ਰਾਜ ਦੀ ਪਹਿਲਾਂ ਤੋਂ ਹੀ ਡਾਵਾਂਡੋਲ ਆਰਥਿਕਤਾ ’ਤੇ ਵੀ ਗੰਭੀਰ ਅਸਰ ਪਏਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਾਂਤਮਈ ਪ੍ਰਦਰਸ਼ਨਾਂ ਨੂੰ ਜਾਰੀ ਰੱਖਣ, ਜਿਸ ਨਾਲ ਪੰਜਾਬ ਦੇ ਨਾਗਰਿਕਾਂ ਨੂੰ ਕੋਈ ਪ੍ਰੇਸ਼ਾਨੀ ਦਰਪੇਸ਼ ਨਾ ਆਵੇ।

ਨੋਟ: ਕੈਪਟਨ ਦੇ ਇਸ ਬਿਆਨ ਸਬੰਧੀ ਤੁਸੀਂ ਕੀ ਕਹਿਣਾ ਚਾਹੁੰਦੇ  ਹੋ, ਕੁਮੈਂਟ ਕਰਕੇ ਦਿਓ ਆਪਣ ਰਾਏ


Deepak Kumar

Content Editor

Related News