ਕੈਪਟਨ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੀ ਕੀਤੀ ਗਈ ਸਮੀਖਿਆ

01/07/2020 10:25:22 AM

ਜਲੰਧਰ,(ਧਵਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਮੰਤਰੀ ਬਲਬੀਰ ਸਿੱਧੂ ਤੇ ਸਿਹਤ ਸਕੱਤਰ ਦੇ ਨਾਲ ਮੀਟਿੰਗ ਕਰ ਕੇ ਸਰਬੱਤ ਸਿਹਤ ਬੀਮਾ ਯੋਜਨਾ ਦੀ ਸਮੀਖਿਆ ਕੀਤੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਅਜੇ ਤੱਕ ਸੂਬੇ ਵਿਚ ਇਸ ਯੋਜਨਾ ਤਹਿਤ 1,05,188 ਰੋਗੀਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਤੇ ਨਾਲ ਹੀ ਸੂਬੇ ਵਿਚ 40,01.232 ਈ-ਕਾਰਡ ਬਣਾਏ ਜਾ ਚੁੱਕੇ ਹਨ। ਸਿਹਤ ਮੰਤਰੀ ਸਿੱਧੂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਹੁਣ ਤੱਕ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 1986 ਹਾਰਟ ਸਰਜਰੀ, 2598 ਜੁਆਇੰਟ ਰਿਪਲੇਸਮੈਂਟ ਤੋਂ ਇਲਾਵਾ 16180 ਡਾਇਲਸਿਜ਼ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 1680 ਕੈਂਸਰ ਰੋਗੀਆਂ ਦਾ ਵੀ ਇਲਾਜ ਕੀਤਾ ਗਿਆ ਹੈ।

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਦੇਸ਼ ਵਿਚ ਉਨ੍ਹਾਂ ਸੂਬਿਆਂ ਦੀ ਸ਼੍ਰੇਣੀ ਵਿਚ ਸ਼ਾਮਲ ਹੋ ਗਿਆ ਹੈ, ਜਿੱਥੇ ਗਰੀਬ ਲੋਕਾਂ ਨੂੰ ਮੁਫਤ ਤੇ ਕੁਆਲਿਟੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿਚ ਹੋਰ ਈ-ਕਾਰਡ ਬਣਨਗੇ, ਜਿਨ੍ਹਾਂ ਨਾਲ ਗਰੀਬ ਲੋਕ ਸਿਹਤ ਬੀਮਾ ਯੋਜਨਾ ਦਾ ਲਾਭ ਲੈਂਦਿਆਂ ਆਪਣਾ ਮੁਫਤ ਇਲਾਜ ਕਰਵਾ ਸਕਣਗੇ। ਸਿਹਤ ਮੰਤਰੀ ਸਿੱਧੂ ਨੇ ਇਸ ਮੌਕੇ ਮੁੱਖ ਮੰਤਰੀ ਨੂੰ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਰਿਪੋਰਟ ਕਾਰਡ ਵੀ ਪੇਸ਼ ਕੀਤਾ। ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਅਸਲ 'ਚ ਇਹ ਯੋਜਨਾ ਗਰੀਬ ਪਰਿਵਾਰਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਿਚ ਈ-ਕਾਰਡ ਬਣਾਉਣ ਵਾਲੇ ਲੋਕ ਵੱਖ-ਵੱਖ ਰੋਗਾਂ ਦਾ ਬਿਹਤਰ ਇਲਾਜ ਕਰਵਾਉਣ ਵਿਚ ਸਮਰੱਥ ਹੋਏ ਹਨ।