ਕੈਪਟਨ ਵੱਲੋਂ ਪਰਾਲੀ ਸਾੜਨ ਸਬੰਧੀ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਤੁਰੰਤ ਲਾਗੂ ਕਰਨ ਦੇ ਹੁਕਮ

11/08/2019 8:05:09 PM

ਚੰਡੀਗੜ੍ਹ/ਜਲੰਧਰ,(ਅਸ਼ਵਨੀ, ਧਵਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਰਾਲੀ ਨਾ ਸਾੜਨ ਵਾਲੇ ਛੋਟੇ ਤੇ ਸਰਹੱਦੀ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਸੁਪਰੀਟ ਕੋਰਟ ਦੇ ਨਿਰਦੇਸ਼ਾਂ ਨੂੰ ਤੁਰੰਤ ਲਾਗੂ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਰੂਪ-ਰੇਖਾ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਵਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ, ਜਿਸ 'ਚ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਕਰਵਾਈ ਕਰਨ ਲਈ ਕਿਹਾ ਗਿਆ ਹੈ, ਅਨੁਸਾਰ ਪਰਾਲੀ ਸਾੜਨ 'ਤੇ ਲਾਈ ਪਾਬੰਦੀ ਦੀ ਉਲੰਘਣ ਕਰਨ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਪ੍ਰਭਾਵਾਂ, ਜਿਸ ਨਾਲ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸੂਬੇ 'ਤੇ ਵਾਧੂ ਬੋਝ ਪਵੇਗਾ, ਬਾਰੇ ਵਿਚਾਰ ਵਟਾਂਦਰੇ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮੱਸਿਆ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਨੂੰ ਸੂਬੇ ਦਾ ਸਮਰਥਨ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਵਿੱਤੀ ਮੁਸ਼ਕਲਾਂ ਦੇ ਬਾਵਜੂਦ ਪਰਾਲੀ ਸਾੜਨ ਤੋਂ ਕਿਨਾਰਾ ਕੀਤਾ ਹੈ। ਅਜਿਹੇ ਕਿਸਾਨਾਂ ਨੂੰ ਮੁਆਵਜਾ ਦੇਣ ਤੇ ਉਤਸ਼ਾਹਿਤ ਕਰਨ ਦੀ ਲੋੜ ਹੈ। ਉਨ੍ਹਾਂ ਖੇਤੀਬਾੜੀ ਤੇ ਵਿੱਤ ਵਿਭਾਗ ਨੂੰ ਅਜਿਹੇ ਕਿਸਾਨਾਂ ਨੂੰ ਮੁਆਵਜਾ ਦੇਣ ਲਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ ਲਈ ਕਿਹਾ। ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਕਿਸਾਨਾਂ ਨੂੰ ਅਦਾਇਗੀ ਲਈ ਜ਼ਰੂਰੀ ਫੰਡ ਯਕੀਨੀ ਬਣਾਉਣ ਲਈ ਕਿਹਾ। ਕੈਪਟਨ ਅਮਰਿੰਦਰ ਨੇ ਪੁਲਸ ਵਿਭਾਗ ਨੂੰ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ 'ਤੇ ਸ਼ਿਕੰਜਾ ਕੱਸਣ ਤੇ ਪਰਾਲੀ ਸਾੜਨ 'ਚ ਸ਼ਾਮਲ ਕਿਸਾਨਾਂ ਵਿਰੁੱਧ ਕਾਰਵਾਈ ਕਰਨ ਲਈ ਅਜਿਹੇ ਕਿਸਾਨਾਂ ਦੀ ਪਛਾਣ ਕਰਨ ਲਈ ਵੀ ਕਿਹਾ। ਮੀਟਿੰਗ 'ਚ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਡੀ. ਜੀ. ਪੀ. ਇੰਟੈਲੀਜੈਂਸ ਵੀ. ਕੇ. ਭਾਵਰਾ, ਵਿੱਤ ਕਮਿਸ਼ਨਰ ਮਾਲ ਕੇ. ਬੀ. ਐੱਸ. ਸਿੱਧੂ, ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਜੀਤ ਖੰਨਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਵਾਤਾਵਰਣ ਰਾਕੇਸ਼ ਕੁਮਾਰ ਵਰਮਾ ਅਤੇ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਸ਼ਾਮਲ ਸਨ।


Related News