ਕੈਪਟਨ ਸਾਹਿਬ! ਹੰਗਾਮੀ ਸੈਸ਼ਨ ਸੱਦ ਕੇ ਖੇਤੀ ਸੁਧਾਰ ਆਰਡੀਨੈਂਸ ਕਰੋ ਰੱਦ : ਬੈਂਸ
Sunday, Jul 26, 2020 - 12:50 AM (IST)
ਲੁਧਿਆਣਾ,(ਪਾਲੀ)-ਖੇਤੀ ਸੁਧਾਰ ਆਰਡੀਨੈਂਸ ਬਾਰੇ ਸੂਬੇ ਭਰ ਦੇ ਕਿਸਾਨਾਂ ਅਤੇ ਅਨੇਕਾਂ ਕਿਸਾਨ ਜੱਥੇਬੰਦੀਆਂ ਵਲੋਂ ਰੋਜ਼ਾਨਾ ਵਿਰੋਧ ਜਤਾਇਆ ਜਾ ਰਿਹਾ ਹੈ। ਇਸ ਕਾਨੂੰਨ ਨੂੰ ਰੱਦ ਕਰਵਾਉਣ ਲਈ ਲੋਕ ਇਨਸਾਫ ਪਾਰਟੀ ਵੱਲੋਂ ਪਿਛਲੇ ਦਿਨੀਂ ਅੰਮ੍ਰਿਤਸਰ ਤੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਕੋਠੀ ਤੱਕ ਸਾਈਕਲ ਰੋਸ ਯਾਤਰਾ ਕੀਤੀ ਗਈ ਸੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿਧਾਨ ਸਭਾ ਦਾ ਹੰਗਾਮੀ ਸੈਸ਼ਨ ਸੱਦ ਕੇ ਇਸ ਕਾਲੇ ਕਾਨੂੰਨ ਨੂੰ ਰੱਦ ਕਰਨ ਸਬੰਧੀ ਮੰਗ-ਪੱਤਰ ਵੀ ਦਿੱਤਾ ਸੀ ਪਰ ਸਰਕਾਰ ਵੱਲੋਂ ਕੋਈ ਵੀ ਯੋਗ ਕਦਮ ਨਾ ਚੁੱਕਣ 'ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ 15 ਦਿਨਾਂ ਵਿਚ ਮੁੱਖ ਮੰਤਰੀ ਨੇ ਹੰਗਾਮੀ ਸੈਸ਼ਨ ਸੱਦ ਕੇ ਇਸ ਆਰਡੀਨੈਂਸ ਨੂੰ ਰੱਦ ਨਾ ਕੀਤਾ ਤਾਂ ਉਹ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ।
ਵਿਧਾਇਕ ਬੈਂਸ ਅੱਜ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਆਏ ਪਾਰਟੀ ਆਗੂਆਂ ਅਤੇ ਹਲਕਾ ਇੰਚਾਰਜਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਗੱਲਬਾਤ ਕਰ ਰਹੇ ਸਨ। ਬੈਂਸ ਨੇ ਕਿਹਾ ਕਿ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਵਿਚ ਪੂਰੇ ਗੋਲਡਨ ਬਹੁਮਤ ਵਿਚ ਹਨ ਅਤੇ ਇਹ ਉਨ੍ਹਾਂ ਕੋਲ ਗੋਲਡਨ ਮੌਕਾ ਵੀ ਹੈ ਕਿ ਉਹ ਪੰਜਾਬ ਵਿਧਾਨ ਸਭਾ ਦਾ ਹੰਗਾਮੀ ਸੈਸ਼ਨ ਸੱਦ ਕੇ ਇਸ ਆਰਡੀਨੈਂਸ ਨੂੰ ਰੱਦ ਕਰ ਸਕਦੇ ਹਨ ਪਰ ਕੈਪਟਨ ਅਜਿਹਾ ਨਹੀਂ ਕਰ ਰਹੇ।
ਵਿਧਾਇਕ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀ ਕੇਂਦਰੀ ਸਰਕਾਰ ਦੇ ਦਬਾਅ ਥੱਲੇ ਕੰਮ ਕਰ ਰਹੇ ਹਨ ਅਤੇ ਇਸ ਕਰ ਕੇ ਹੀ ਕੋਈ ਕਦਮ ਨਹੀਂ ਚੁੱਕ ਰਹੇ, ਜਦੋਂ ਕਿ ਪੰਜਾਬ ਭਰ ਵਿਚ ਕਾਂਗਰਸ, ਲੋਕ ਇਨਸਾਫ ਪਾਰਟੀ ਸਮੇਤ ਹੋਰ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਦੇ ਨਾਲ-ਨਾਲ ਕਿਸਾਨ ਭਰਾਵਾਂ ਨਾਲ ਜੁੜੇ ਅਨੇਕਾਂ ਸੰਗਠਨ ਇਸ ਗੱਲ ਦੀ ਦੁਹਾਈ ਪਾ ਰਹੇ ਹਨ ਕਿ ਇਸ ਕਾਲੇ ਕਾਨੂੰਨ ਨੇ ਪੰਜਾਬ ਨੂੰ ਕੰਗਾਲ ਬਣਾ ਕੇ ਰੱਖ ਦੇਣਾ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਤੁਰੰਤ ਹੰਗਾਮੀ ਸੈਸ਼ਨ ਸੱਦ ਕੇ ਇਸ ਕਾਲੇ ਕਾਨੂੰਨ ਨੂੰ ਰੱਦ ਕਰਨ ਨਹੀਂ ਤਾਂ ਉਹ ਖੁਦ ਉਨ੍ਹਾਂ ਦੀ ਕੋਠੀ ਦਾ ਘਿਰਾਓ ਕਰਨਗੇ ਅਤੇ ਕੋਠੀ ਦੇ ਬਾਹਰ ਧਰਨਾ ਲਾ ਕੇ ਬੈਠ ਜਾਣਗੇ।