ਕੈਪਟਨ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਨਿਭਾਇਆ : ਨਿਮਿਸ਼ਾ ਮਹਿਤਾ

Wednesday, Jun 21, 2017 - 06:49 AM (IST)

ਮਾਹਿਲਪੁਰ  (ਜਸਵੀਰ, ਮੁੱਗੋਵਾਲ) - ''ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਗਏ ਦਲੇਰਾਨਾ ਫੈਸਲੇ ਦੀ ਜ਼ੋਰਦਾਰ ਸ਼ਲਾਘਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਉਨ੍ਹਾਂ ਦਾ ਧੰਨਵਾਦ ਕਰਨਾ ਚਾਹੀਦਾ ਹੈ।''
ਇਹ ਵਿਚਾਰ ਪ੍ਰਗਟ ਕਰਦਿਆਂ ਪੰਜਾਬ ਕਾਂਗਰਸ ਦੀ ਬੁਲਾਰਨ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਆਪਣੇ-ਆਪ ਨੂੰ ਕਿਸਾਨ ਹਿਤੈਸ਼ੀ ਅਖਵਾਉਣ ਵਾਲੇ ਅਕਾਲੀਆਂ ਨੇ ਪਿਛਲੇ 10 ਸਾਲਾਂ ਵਿਚ ਕਿਸਾਨਾਂ ਨੂੰ ਰਾਹਤ ਦੇਣ ਪਹੁੰਚਾਉਣ ਲਈ ਇਕ ਵੀ ਠੋਸ ਕਦਮ ਨਹੀਂ ਚੁੱਕਿਆ, ਸਗੋਂ ਨਕਲੀ ਕੀਟਨਾਸ਼ਕ ਦਵਾਈਆਂ ਨੂੰ ਸਰਕਾਰੀ ਸਰਪ੍ਰਸਤੀ ਹੇਠ ਬਾਜ਼ਾਰ 'ਚ ਉਤਾਰ ਕੇ ਕਿਸਾਨਾਂ ਦੇ ਨਰਮੇ ਨੂੰ ਚਿੱਟੀ ਮੱਖੀ ਹਵਾਲੇ ਕਰ ਦਿੱਤਾ ਸੀ। ਕਿਸਾਨਾਂ ਸਿਰ ਚੜ੍ਹੇ ਕਰਜ਼ੇ ਨੂੰ ਮੁਆਫ ਨਾ ਕਰਨ ਲਈ ਬਾਦਲਾਂ ਨੂੰ ਸਮੁੱਚੇ ਪੰਜਾਬ ਦੇ ਕਿਸਾਨਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਆਪਣੀ ਸੌੜੀ ਸਿਆਸਤ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਮੁਬਾਰਕਬਾਦ ਦੇਵੇ, ਜਿਨ੍ਹਾਂ ਆਪਣੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਹੀ ਵੱਡੇ ਫੈਸਲੇ ਲੈ ਕੇ ਪੰਜਾਬ ਤੇ ਕਿਸਾਨੀ ਨੂੰ ਬਚਾਅ ਲਿਆ ਹੈ।
ਨਿਮਿਸ਼ਾ ਮਹਿਤਾ ਨੇ ਕਰਜ਼ਾ ਮੁਆਫ਼ ਕਰਨ 'ਤੇ ਖੁਸ਼ੀ ਪ੍ਰਗਟਾਉਂਦਿਆਂ ਲੱਡੂ ਵੰਡ ਕੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ੀ ਨੂੰ ਲੈ ਕੇ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਹੈ। ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਸੂਬੇ ਦੇ ਕਿਸਾਨਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਆਪਣੇ ਪਹਿਲੇ ਬਜਟ ਸੈਸ਼ਨ ਵਿਚ ਹੀ ਪੂਰਾ ਕਰ ਦਿੱਤਾ ਹੈ। ਉਨ੍ਹਾਂ ਅਕਾਲੀ-ਭਾਜਪਾ ਗੱਠਜੋੜ ਦੇ 10 ਸਾਲਾ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਕਾਲੀਆਂ ਅਤੇ ਭਾਜਪਾਈਆਂ ਨੇ ਕੇਂਦਰ ਵਿਚ ਮੋਦੀ ਦੀ ਸਰਕਾਰ ਦੇ ਹੁੰਦਿਆਂ ਹੋਇਆਂ ਵੀ ਪੰਜਾਬ ਦੇ ਕਿਸਾਨਾਂ ਲਈ ਇਕ ਵੀ ਧੇਲੇ ਦੀ ਰਾਹਤ ਨਹੀਂ ਦਿਵਾਈ। ਕੈਪਟਨ ਸਰਕਾਰ ਦੇ ਇਸ ਫੈਸਲੇ ਨੇ ਇਹ ਵੀ ਸਾਬਤ ਕਰ ਦਿੱਤਾ ਹੈ ਕਿ ਕਿਸਾਨਾਂ ਦਾ ਅਸਲੀ ਹਿਤੈਸ਼ੀ ਕੌਣ ਹੈ? ਕਰਜ਼ਾ ਮੁਆਫ਼ੀ ਦੇ ਫੈਸਲੇ ਨਾਲ ਜਿੱਥੇ ਕਰਜ਼ੇ ਵਿਚ ਡੁੱਬੀ ਕਿਰਸਾਨੀ ਨੂੰ ਪੈਰਾਂ ਸਿਰ ਕਰਨ ਵਿਚ ਮਦਦ ਮਿਲੇਗੀ, ਉਥੇ ਹੀ ਕਿਸਾਨਾਂ ਨੂੰ ਇਹ ਵੀ ਪਤਾ ਲੱਗ ਗਿਆ ਹੈ ਕਿ ਅਕਾਲੀਆਂ ਦੇ ਰਾਜ ਵਿਚ ਉਨ੍ਹਾਂ ਦਾ ਧਾਰਮਿਕ ਤੇ ਰਾਜਨੀਤਿਕ ਸ਼ੋਸ਼ਣ ਕਿਵੇਂ ਹੁੰਦਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕਰਜ਼ਾ ਮੁਆਫ਼ੀ ਦਾ ਜਦੋਂ ਐਲਾਨ ਕੀਤਾ ਜਾ ਰਿਹਾ ਸੀ, ਉਦੋਂ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਸਦਨ ਵਿਚੋਂ ਗੈਰ-ਹਾਜ਼ਰ ਰਹਿਣਾ ਇਹ ਸਾਬਿਤ ਕਰਦਾ ਹੈ ਕਿ ਉਹ ਕਦੇ ਵੀ ਕਿਸਾਨ ਹਿਤੈਸ਼ੀ ਨਹੀਂ ਰਹੇ। ਅਕਾਲੀ ਦਲ ਦੇ ਇਸ ਵਤੀਰੇ ਦੀ ਪੰਜਾਬ ਕਾਂਗਰਸ ਸਖਤ ਨਿੰਦਾ ਕਰਦੀ ਹੈ।


Related News