ਸੂਬੇ ਨੂੰ ਨਸ਼ਿਆਂ ਦੀ ਦਲਦਲ ''ਚ ਧੱਕਣ ਵਾਲੇ ਕੈਪਟਨ ਸਰਕਾਰ ਤੋਂ ਨਹੀਂ ਬਚ ਸਕਣਗੇ : ਸੋਨੀ
Thursday, Jun 15, 2017 - 12:00 AM (IST)
ਹੁਸ਼ਿਆਰਪੁਰ, (ਘੁੰਮਣ)- ਸੂਬੇ ਦੀ ਕਾਂਗਰਸ ਸਰਕਾਰ ਦੇ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਨੇ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਨਸ਼ਾ ਸਮੱਗਲਰਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਦੇ ਨਤੀਜੇ ਦਿਸਣੇ ਸ਼ੁਰੂ ਹੋ ਚੁੱਕੇ ਹਨ। ਕੈਪ. ਸਰਕਾਰ ਦੇ ਨਿਰਦੇਸ਼ਾਂ 'ਤੇ ਕੁਝ ਇਕ ਪੁਲਸ ਵਾਲਿਆਂ ਦੀ ਕਥਿਤ ਮਿਲੀਭੁਗਤ ਕਾਰਨ ਚੱਲ ਰਹੇ ਨਸ਼ਾ ਸਮੱਗਲਰਾਂ ਦੇ ਨੈੱਟਵਰਕ ਨੂੰ ਤੋੜਨ ਲਈ ਪੁਲਸ ਵੱਲੋਂ ਭ੍ਰਿਸ਼ਟ ਪੁਲਸ ਕਰਮਚਾਰੀਆਂ 'ਤੇ ਕਾਰਵਾਈ ਕਰਨਾ ਸ਼ਲਾਘਾਯੋਗ ਹੈ ਅਤੇ ਇਸ ਨਾਲ ਜਨਤਾ ਦਾ ਸਰਕਾਰ ਤੇ ਪੁਲਸ ਪ੍ਰਸ਼ਾਸਨ 'ਤੇ ਵਿਸ਼ਵਾਸ ਵੀ ਕਾਇਮ ਰਹੇਗਾ। ਸਰਕਾਰ ਵੱਲੋਂ ਚੁੱਕੇ ਜਾ ਰਹੇ ਇਸ ਕਦਮ ਦੀ ਆਮ ਲੋਕਾਂ ਵੱਲੋਂ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲਾ ਕਾਂਗਰਸ ਸ਼ਿਕਾਇਤ ਨਿਵਾਰਣ ਕਮੇਟੀ ਦੇ ਚੇਅਰਮੈਨ ਤੇ ਮੀਡੀਆ ਇੰਚਾਰਜ ਸੋਮੇਸ਼ ਸੋਨੀ ਤੇ ਵਿਧਾਨ ਸਭਾ ਹਲਕਾ ਯੂਥ ਕਾਂਗਰਸ ਪ੍ਰਧਾਨ ਨਵਪ੍ਰੀਤ ਨਵੀ ਰੇਹਲ ਨੇ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੈਪ. ਅਮਰਿੰਦਰ ਸਿੰਘ ਨੂੰ ਪੁਲਸ 'ਤੇ ਬਹੁਤ ਭਰੋਸਾ ਹੈ ਅਤੇ ਉਨ੍ਹਾਂ ਦੇ ਭਰੋਸੇ ਨੂੰ ਕਾਇਮ ਰੱਖਦਿਆਂ ਹੀ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਆਪਣੇ ਵਿਭਾਗ 'ਚ ਬੈਠੀਆਂ ਕਾਲੀਆਂ ਭੇਡਾਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੇ ਸਿੱਟੇ ਵਜੋਂ ਪੁਲਸ ਵੱਲੋਂ ਹੈੱਡ ਕਾਂਸਟੇਬਲ (ਲੋਕਲ ਰੈਂਕ ਇੰਸਪੈਕਟਰ) ਇੰਦਰਜੀਤ ਸਿੰਘ ਨੂੰ ਕਾਬੂ ਕਰ ਕੇ ਨਸ਼ਾ ਸਮੱਗਲਰਾਂ ਦੇ ਬਹੁਤ ਵੱਡੇ ਨੈੱਟਵਰਕ ਨੂੰ ਤੋੜਨ 'ਚ ਸਫਲਤਾ ਪ੍ਰਾਪਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਨੇ ਪਹਿਲਾਂ ਹੀ ਕਿਹਾ ਸੀ ਕਿ ਨਸ਼ਿਆਂ ਦੇ ਖਾਤਮੇ ਲਈ ਵੱਡੇ ਮਗਰਮੱਛਾਂ ਨੂੰ ਕਾਬੂ ਕੀਤਾ ਜਾਵੇਗਾ। ਸੋਨੀ ਤੇ ਨਵੀ ਨੇ ਕਿਹਾ ਕਿ ਕਾਂਗਰਸ ਨੇ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਨਸ਼ਿਆਂ 'ਤੇ ਕਾਬੂ ਪਾਉਣ ਦੇ ਨਾਲ ਹੀ ਬੇਰੋਜ਼ਗਾਰੀ, ਮਹਿੰਗਾਈ ਤੇ ਹੋਰ ਲੋਕ ਸਮੱਸਿਆਵਾਂ ਨੂੰ ਦੂਰ ਕਰਨ ਲਈ ਵੀ ਸਖ਼ਤ ਕਦਮ ਚੁੱਕੇ ਜਾਣਗੇ।
ਉਨ੍ਹਾਂ ਕਿਹਾ ਕਿ ਜੋ ਲੋਕ ਇਹ ਕਹਿੰਦੇ ਸਨ ਕਿ ਜਿਨ੍ਹਾਂ ਨੂੰ ਕੋਈ ਕੰਮ ਨਹੀਂ, ਉਹ ਧਰਨੇ ਦਿੰਦੇ ਹਨ, ਅੱਜ ਖੁਦ ਉਹ ਲੋਕ ਧਰਨੇ ਦੇ ਰਹੇ ਹਨ, ਜਦਕਿ 10 ਸਾਲਾਂ ਤੋਂ ਵਿਗੜੇ ਸਿਸਟਮ ਨੂੰ ਪਟੜੀ 'ਤੇ ਲਿਆਉਣ ਲਈ ਕੁਝ ਸਮਾਂ ਤਾਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਜੋ ਕਹਿੰਦੀ ਹੈ, ਉਹੀ ਕਰਦੀ ਹੈ ਅਤੇ ਲੋਕਾਂ ਨੇ ਕਾਂਗਰਸ 'ਚ ਵਿਸ਼ਵਾਸ ਜਤਾਉਂਦਿਆਂ ਹੀ ਕਾਂਗਰਸ ਨੂੰ ਸੱਤਾ ਸੌਂਪੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਜਨਤਾ ਦੇ ਵਿਸ਼ਵਾਸ 'ਤੇ ਖਰੀ ਉਤਰੇਗੀ।
